ਸੰਗਰੂਰ: ਪੰਜਾਬ ਸਰਕਾਰ ਦੀ ਅਹਿਮ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹੁਣ ਵਿਧਾਇਕਾਂ ਨੇ ਖ਼ੁਦ ਕਮਾਨ ਸੰਭਾਲ ਲਈ ਹੈ। ਇਸ ਲੜੀ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮੰਗਵਾਲ ਵਿਖੇ ਘਰ-ਘਰ ਜਾ ਕੇ ਲੋਕਾਂ ਦੀ ਰਜਿਸਟ੍ਰੇਸ਼ਨ ਕਰਵਾਈ ਗਈ। ਵਿਧਾਇਕਾ ਨੇ ਖ਼ੁਦ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਯੋਜਨਾ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਅਤੇ ਮੌਕੇ ‘ਤੇ ਹੀ ਫਾਰਮ ਭਰਵਾਉਣ ਦੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਇਆ।
ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਇਲਾਜ ਦਾ ਤੋਹਫ਼ਾ
ਮੀਡੀਆ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਟੀਚਾ ਹਰ ਨਾਗਰਿਕ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਸਿੱਧਾ ਫਾਇਦਾ ਮਿਲੇਗਾ। ਖਾਸ ਗੱਲ ਇਹ ਹੈ ਕਿ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਬੇ ਦੇ 90 ਫੀਸਦੀ ਨਿੱਜੀ (ਪ੍ਰਾਈਵੇਟ) ਹਸਪਤਾਲ ਵੀ ਇਸ ਯੋਜਨਾ ਦੇ ਘੇਰੇ ਵਿੱਚ ਲਿਆਂਦੇ ਗਏ ਹਨ, ਤਾਂ ਜੋ ਮਰੀਜ਼ ਆਪਣੀ ਪਸੰਦ ਅਨੁਸਾਰ ਇਲਾਜ ਕਰਵਾ ਸਕਣ।
ਸੰਗਰੂਰ ਦੇ 20 ਨਿੱਜੀ ਹਸਪਤਾਲ ਸੂਚੀ ਵਿੱਚ ਸ਼ਾਮਿਲ
ਸਥਾਨਕ ਸਹੂਲਤਾਂ ਦਾ ਜ਼ਿਕਰ ਕਰਦਿਆਂ ਵਿਧਾਇਕਾ ਨੇ ਦੱਸਿਆ ਕਿ ਇਕੱਲੇ ਸੰਗਰੂਰ ਜ਼ਿਲ੍ਹੇ ਦੇ 20 ਦੇ ਕਰੀਬ ਵੱਡੇ ਪ੍ਰਾਈਵੇਟ ਹਸਪਤਾਲ ਇਸ ਯੋਜਨਾ ਨਾਲ ਜੁੜ ਚੁੱਕੇ ਹਨ। ਹੁਣ ਆਮ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਲੱਖਾਂ ਰੁਪਏ ਖਰਚਣ ਜਾਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਬਿਨਾਂ ਕਿਸੇ ਸਿਆਸੀ ਜਾਂ ਜਾਤੀ ਭੇਦਭਾਵ ਦੇ ਹਰ ਯੋਗ ਵਰਗ ਨੂੰ ਦਿੱਤਾ ਜਾ ਰਿਹਾ ਹੈ।
ਗਰਾਊਂਡ ਪੱਧਰ ‘ਤੇ ਮੁਹਿੰਮ ਤੇਜ਼, ਲੋਕਾਂ ਵਿੱਚ ਭਾਰੀ ਉਤਸ਼ਾਹ
ਪਿੰਡ ਮੰਗਵਾਲ ਤੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਜਾਣਕਾਰੀ ਦੀ ਘਾਟ ਕਾਰਨ ਬੀਮਾ ਯੋਜਨਾ ਤੋਂ ਵਾਂਝਾ ਨਾ ਰਹਿ ਜਾਵੇ। ਘਰ-ਘਰ ਜਾ ਕੇ ਕੀਤੀ ਜਾ ਰਹੀ ਇਸ ਰਜਿਸਟ੍ਰੇਸ਼ਨ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕਾ ਭਰਾਜ ਨੇ ਅਪੀਲ ਕੀਤੀ ਕਿ ਸਾਰੇ ਨਾਗਰਿਕ ਅੱਗੇ ਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਬਿਮਾਰੀ ਦੇ ਸਮੇਂ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।



