ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਸਿਵਲ ਹਸਪਤਾਲ ਵਿੱਚ ਬੀਤੀ ਰਾਤ ਗੁੰਡਾਗਰਦੀ ਦਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਸਪਤਾਲ ਦੀ ਸੁਰੱਖਿਆ ਅਤੇ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਉਸ ਸਮੇਂ ਭਿਆਨਕ ਰੂਪ ਧਾਰ ਲਿਆ ਜਦੋਂ ਹਸਪਤਾਲ ਦੇ ਅੰਦਰ ਹੀ ਸ਼ਰੇਆਮ ਹਥਿਆਰ ਲਹਿਰਾਏ ਗਏ ਅਤੇ ਸਰਕਾਰੀ ਸੰਪਤੀ ਦੀ ਭੰਨਤੋੜ ਕੀਤੀ ਗਈ।
ਹਸਪਤਾਲ ਦੇ ਅੰਦਰ ਜਾਨਲੇਵਾ ਹਮਲਾ
ਜਾਣਕਾਰੀ ਅਨੁਸਾਰ, ਦੋਵਾਂ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਸੀ। ਇੱਕ ਧਿਰ ਦਾ ਵਿਅਕਤੀ ਪਹਿਲਾਂ ਹੀ ਹਸਪਤਾਲ ਵਿੱਚ ਦਾਖਲ ਸੀ। ਜਦੋਂ ਦੂਜੀ ਧਿਰ ਦੇ ਨੌਜਵਾਨ ਦੇਰ ਸ਼ਾਮ ਹਸਪਤਾਲ ਪਹੁੰਚੇ, ਤਾਂ ਉਨ੍ਹਾਂ ਨੇ ਪਹਿਲੀ ਧਿਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਸਪਤਾਲ ਦੇ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਵਿੱਚ ਇੱਕ ਨੌਜਵਾਨ ਪਿਸਤੌਲ ਲਹਿਰਾਉਂਦਾ ਹੋਇਆ ਸਾਫ਼ ਦਿਖਾਈ ਦੇ ਰਿਹਾ ਹੈ। ਕਰੀਬ ਅੱਧੇ ਘੰਟੇ ਤੱਕ ਹਸਪਤਾਲ ਦੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ ਅਤੇ ਹਮਲਾਵਰਾਂ ਨੇ ਸਰਕਾਰੀ ਸਾਮਾਨ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ।
ਡਾਕਟਰਾਂ ‘ਚ ਭਾਰੀ ਰੋਸ
ਹਸਪਤਾਲ ਦੇ ਡਾਕਟਰਾਂ ਨੇ ਦੋਸ਼ ਲਾਇਆ ਕਿ ਜਦੋਂ ਗੁੰਡਾਗਰਦੀ ਦਾ ਇਹ ਨੰਗਾ ਨਾਚ ਚੱਲ ਰਿਹਾ ਸੀ, ਤਾਂ ਉਨ੍ਹਾਂ ਨੇ ਬਾਰ-ਬਾਰ ਪੁਲਿਸ ਸਟੇਸ਼ਨ ਫੋਨ ਕੀਤਾ, ਪਰ ਪੁਲਿਸ ਮੌਕੇ ‘ਤੇ ਨਹੀਂ ਪਹੁੰਚੀ। ਮੈਡੀਕਲ ਅਫਸਰਾਂ ਨੇ ਕਿਹਾ ਕਿ ਅਜਿਹੇ ਮਾਹੌਲ ਵਿੱਚ ਡਿਊਟੀ ਕਰਨਾ ਉਨ੍ਹਾਂ ਲਈ ਖਤਰੇ ਤੋਂ ਖਾਲੀ ਨਹੀਂ ਹੈ। ਜੇਕਰ ਸਰਕਾਰੀ ਹਸਪਤਾਲਾਂ ਵਿੱਚ ਹੀ ਡਾਕਟਰ ਅਤੇ ਮਰੀਜ਼ ਸੁਰੱਖਿਅਤ ਨਹੀਂ ਹਨ, ਤਾਂ ਉਹ ਲੋਕਾਂ ਦਾ ਇਲਾਜ ਕਿਵੇਂ ਕਰਨਗੇ?
ਸੁਰੱਖਿਆ ਪ੍ਰਬੰਧਾਂ ‘ਤੇ ਉੱਠੇ ਸਵਾਲ
ਇਸ ਘਟਨਾ ਤੋਂ ਬਾਅਦ ਹਸਪਤਾਲ ਸਟਾਫ਼ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਡਰ ਪਾਇਆ ਜਾ ਰਿਹਾ ਹੈ। ਪਿਸਤੌਲ ਲੈ ਕੇ ਹਸਪਤਾਲ ਵਿੱਚ ਦਾਖਲ ਹੋਣਾ ਸੁਰੱਖਿਆ ਪ੍ਰਬੰਧਾਂ ਦੀ ਵੱਡੀ ਨਾਕਾਮੀ ਨੂੰ ਦਰਸਾਉਂਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਕੀ ਕਾਰਵਾਈ ਕਰਦਾ ਹੈ ਅਤੇ ਭਵਿੱਖ ਵਿੱਚ ਡਾਕਟਰਾਂ ਦੀ ਸੁਰੱਖਿਆ ਲਈ ਕੀ ਪੁਖ਼ਤਾ ਇੰਤਜ਼ਾਮ ਕੀਤੇ ਜਾਂਦੇ ਹਨ।



