ਦਿੱਲੀ : ਦੇਸ਼ ਦੀ ਸਿੱਖਿਆ ਪ੍ਰਣਾਲੀ ‘ਚ ਸੁਧਾਰ ਅਤੇ ਪ੍ਰੀਖਿਆਵਾਂ ‘ਚ ਹੋਈਆਂ ਕਥਿਤ ਧਾਂਦਲੀਆਂ ਦੇ ਖਿਲਾਫ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਿਹਾ ਵਿਦਿਆਰਥੀਆਂ ਦਾ ਅੰਦੋਲਨ ਹੁਣ ਹੋਰ ਤੇਜ਼ ਹੋ ਗਿਆ ਹੈ। 20 ਜੁਲਾਈ ਨੂੰ ਮਸ਼ਹੂਰ ਰੈਪਰ ‘Hanumankind’ ਨੇ ਹਜ਼ਾਰਾਂ ਨੌਜਵਾਨਾਂ ਦੇ ਨਾਲ ਇਸ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ। ਇਹ ਪ੍ਰਦਰਸ਼ਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ, ਪ੍ਰਭਾਵਿਤ ਵਿਦਿਆਰਥੀਆਂ ਲਈ ਇਨਸਾਫ, ਪੀੜਤ ਪਰਿਵਾਰਾਂ ਲਈ ਮੁਆਵਜ਼ੇ ਅਤੇ ਸਿੱਖਿਆ ਢਾਂਚੇ ਵਿੱਚ ਵੱਡੇ ਸੁਧਾਰਾਂ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ‘Hanumankind’ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇੱਕ ਵਾਇਰਲ ਵੀਡੀਓ ਵਿੱਚ ਰੈਪਰ ਭਾਰਤੀ ਕ੍ਰਿਕਟ ਟੀਮ ਦੀ ਜਰਸੀ, ਕਾਲੀ ਕੈਪ ਅਤੇ ਮਾਸਕ ਲਗਾ ਕੇ ਪ੍ਰਦਰਸ਼ਨਕਾਰੀਆਂ ਦੇ ਨਾਲ ਚੱਲਦੇ ਨਜ਼ਰ ਆ ਰਹੇ ਹਨ। ਆਪਣੇ ਇੰਸਟਾਗ੍ਰਾਮ ‘ਤੇ ਆਂਦੋਲਨ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਨੇ ਲਿਖਿਆ, “20 ਜੁਲਾਈ 2026, ਇਸ ਦਿਨ ਦੇ ਕੁੱਝ ਰੰਗੀਨ ਪਲ।” ਇਨ੍ਹਾਂ ਤਸਵੀਰਾਂ ‘ਚ ਵਿਦਿਆਰਥੀ ਹੱਥਾਂ ‘ਚ ਤਿਰੰਗਾ, ਡਾ. ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਚੁੱਕੀ ਮਾਰਚ ਕਰਦੇ ਦਿਖਾਈ ਦੇ ਰਹੇ ਹਨ।
ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
ਦਿੱਲੀ ਪੁਲਿਸ ਦੇ ਅਧਿਕਾਰੀਆਂ ਅਨੁਸਾਰ ‘ਕੌਕਰੋਚ ਜਨਤਾ ਪਾਰਟੀ’ (CJP) ਦੀ ਅਗਵਾਈ ਹੇਠ ਹੋ ਰਹੇ ਇਸ ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਨੇ ਹਿੰਸਕ ਰੂਪ ਧਾਰਨ ਕਰ ਲਿਆ ਸੀ ਅਤੇ ਨਿਯਮਾਂ ਦੀ ਉਲੰਘਣਾ ਕੀਤੀ। ਦੂਜੇ ਪਾਸੇ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ‘ਤੇ ਬਿਨਾਂ ਵਜ੍ਹਾ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਸਿਵਲ ਕੱਪੜਿਆਂ ਵਿੱਚ ਆਏ ਕੁਝ ਅਣਪਛਾਤੇ ਲੋਕਾਂ ਨੇ ਵੀ ਉਨ੍ਹਾਂ ‘ਤੇ ਹਮਲਾ ਕੀਤਾ।
ਸੋਨਮ ਵਾਂਗਚੁਕ ਅਤੇ ਰਾਹੁਲ ਗਾਂਧੀ ਵੀ ਅੰਦੋਲਨ ਦੇ ਸਮਰਥਨ ‘ਚ
CJP ਦੀ ਅਗਵਾਈ ਹੇਠ ਇਹ ਅੰਦੋਲਨ ਪਿਛਲੇ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ, ਜਿਸ ਵਿੱਚ NEET ਪੇਪਰ ਲੀਕ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾ ਰਿਹਾ ਹੈ। ਪ੍ਰਸਿੱਧ ਸਮਾਜਿਕ ਕਰਮਚਾਰੀ ਸੋਨਮ ਵਾਂਗਚੁਕ ਵੀ ਇਸ ਮਹੀਨੇ ਦੇ ਸ਼ੁਰੂ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਮੰਗਲਵਾਰ ਨੂੰ ਸਰਕਾਰੀ ਨੁਮਾਇੰਦਿਆਂ ਨਾਲ ਪ੍ਰਦਰਸ਼ਨਕਾਰੀਆਂ ਦੀ ਗੱਲਬਾਤ ਹੋਈ ਸੀ, ਪਰ ਕੋਈ ਠੋਸ ਹੱਲ ਨਾ ਨਿਕਲਣ ਕਰਕੇ ਅੰਦੋਲਨ ਜਾਰੀ ਹੈ। ਇਸੇ ਦੌਰਾਨ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਧਰਨਾ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

