ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵਿਵਾਦਿਤ ਵੀਡੀਓ ਨੂੰ ਪੂਰੀ ਤਰ੍ਹਾਂ ਫਰਜ਼ੀ ਅਤੇ ਮਨਘੜਤ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਆਪਣੇ ਖ਼ਿਲਾਫ਼ ਇੱਕ ਵੱਡੀ ਸਿਆਸੀ ਸਾਜ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਦਾ ਮੁਕਾਬਲਾ ਕਰਨ ਵਿੱਚ ਨਾਕਾਮ ਰਹਿਣ ਕਾਰਨ ਹੁਣ ਵਿਰੋਧੀ ਪਾਰਟੀਆਂ ਉਨ੍ਹਾਂ ਦੀ ਅਕਸ ਨੂੰ ਖ਼ਰਾਬ ਕਰਨ ਲਈ ਝੂਠੀਆਂ ਵੀਡੀਓਜ਼ ਦਾ ਸਹਾਰਾ ਲੈ ਰਹੀਆਂ ਹਨ।
“ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੈਂ ਨਹੀਂ” — CM ਮਾਨ ਨੇ ਦਿੱਤੇ ਸਬੂਤ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਦੇ ਸਬੂਤ ਦਿਖਾਉਂਦੇ ਹੋਏ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਕਦ-ਕਾਠੀ, ਸਰੀਰਕ ਬਣਤਰ, ਤੁਰਨ ਅਤੇ ਵਿਵਹਾਰ ਦਾ ਤਰੀਕਾ ਉਨ੍ਹਾਂ ਨਾਲ ਬਿਲਕੁਲ ਮੇਲ ਨਹੀਂ ਖਾਂਦਾ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦਾ ਮਾਸਕ (Digital Mask/Face Swap) ਲਗਾ ਕੇ ਇਹ ਵੀਡੀਓ ਤਿਆਰ ਕੀਤੀ ਗਈ ਹੈ। CM ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਹੀਂ ਬਚਿਆ, ਇਸ ਲਈ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਕੂੜ ਪ੍ਰਚਾਰ ‘ਤੇ ਨਿਰਭਰ ਹੋ ਗਏ ਹਨ।
ਧਾਰਮਿਕ ਬਾਈਕਾਟ ਦੇ ਪੋਸਟਰਾਂ ‘ਤੇ ਚੁੱਕੇ ਸਵਾਲ
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਹੁਣ ਉਨ੍ਹਾਂ ਨੂੰ ਧਾਰਮਿਕ ਆਧਾਰ ‘ਤੇ ਬਦਨਾਮ ਕਰਨ ਅਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਿਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਸਬੰਧੀ ਲਗਾਏ ਗਏ ਪੋਸਟਰਾਂ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ, “ਮੇਰੇ ਖ਼ਿਲਾਫ਼ ਧਾਰਮਿਕ ਫ਼ਤਵੇ ਜਾਰੀ ਕੀਤੇ ਜਾ ਰਹੇ ਹਨ। ਪਰ ਬੇਅਦਬੀ ਮਾਮਲਿਆਂ ਦੀ ਜ਼ਿੰਮੇਵਾਰੀ ਸਵੀਕਾਰ ਕਰਨ ਦੇ ਬਾਵਜੂਦ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਅਜਿਹੇ ਪੋਸਟਰ ਕਿਉਂ ਨਹੀਂ ਲਗਾਏ ਗਏ?”
ਫੋਰੈਂਸਿਕ ਲੈਬ ਦੇ ਸੰਚਾਲਕਾਂ ‘ਤੇ ਦਬਾਅ ਪਾਉਣ ਦੇ ਲਾਏ ਆਰੋਪ
ਭਗਵੰਤ ਮਾਨ ਨੇ ਇੱਕ ਹੋਰ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਸਰਕਾਰ ਨੇ ਜਦੋਂ ਇਸ ਵੀਡੀਓ ਦੀ ਜਾਂਚ ਫੋਰੈਂਸਿਕ ਲੈਬ ਤੋਂ ਕਰਵਾਈ, ਤਾਂ ਹੁਣ ਵਿਰੋਧੀ ਪਾਰਟੀਆਂ (ਭਾਜਪਾ, ਅਕਾਲੀ ਦਲ ਅਤੇ ਕਾਂਗਰਸ) ਬੁਖ਼ਲਾਹਟ ਵਿੱਚ ਆ ਗਈਆਂ ਹਨ। ਉਨ੍ਹਾਂ ਆਰੋਪ ਲਾਇਆ ਕਿ ਇਹ ਸਾਰੀਆਂ ਪਾਰਟੀਆਂ ਮਿਲ ਕੇ ਹੁਣ ਲੈਬ ਦੇ ਮਾਲਕਾਂ ਅਤੇ ਕਰਮਚਾਰੀਆਂ ਨੂੰ ਐੱਫ.ਆਈ.ਆਰ. (FIR) ਤੇ ਹੋਰ ਤਰੀਕਿਆਂ ਨਾਲ ਧਮਕਾ ਕੇ ਪ੍ਰੇਸ਼ਾਨ ਕਰ ਰਹੀਆਂ ਹਨ ਤਾਂ ਜੋ ਸੱਚ ਸਾਹਮਣੇ ਨਾ ਆ ਸਕੇ।
“ਮੇਰਾ ਧਿਆਨ ਸਿਰਫ਼ ਵਿਕਾਸ ‘ਤੇ, ਜਨਤਾ ਕਰੇਗੀ ਫੈਸਲਾ”
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੂੰ ਸਾਲ 2027 ਦੀਆਂ ਚੋਣਾਂ ਵਿੱਚ ਆਪਣੀ ਹਾਰ ਸਾਫ਼ ਦਿਖਾਈ ਦੇ ਰਹੀ ਹੈ, ਜਿਸ ਕਾਰਨ ਉਹ ਇਸ ਪੱਧਰ ‘ਤੇ ਉੱਤਰ ਆਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੂੜ ਪ੍ਰਚਾਰ ਦੇ ਬਾਵਜੂਦ ਉਨ੍ਹਾਂ ਦਾ ਧਿਆਨ ਪੰਜਾਬ ਦੇ ਲੋਕਾਂ ਨੂੰ ਬਿਜਲੀ, ਪਾਣੀ, ਸੜਕ, ਹਸਪਤਾਲ, ਆਮ ਆਦਮੀ ਕਲੀਨਿਕ ਅਤੇ ਰੁਜ਼ਗਾਰ ਵਰਗੀਆਂ ਸਹੂਲਤਾਂ ਪਹੁੰਚਾਉਣ ‘ਤੇ ਹੀ ਕੇਂਦਰਿਤ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਜਨਤਾ ਅਤੇ ਨਾਨਕ ਨਾਮ ਲੇਵਾ ਸੰਗਤ ‘ਤੇ ਪੂਰਾ ਭਰੋਸਾ ਹੈ ਅਤੇ ਅੰਤ ਵਿੱਚ ਸੱਚ-ਝੂਠ ਦਾ ਨਿਪਟਾਰਾ ਸੰਗਤ ਹੀ ਕਰੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
बैकफिंको द्वारा पिछड़ी श्रेणियों और अल्पसंख्यक वर्ग के उत्थान के लिए महत्वपूर्ण निर्णय लिए गए
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



