ਪੰਚਕੂਲਾ: ਹਰਿਆਣਾ ਦੇ ਪੰਚਕੂਲਾ ਸਥਿਤ ਸਿਵਲ ਹਸਪਤਾਲ ਦੀਆਂ ਸਿਹਤ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਉਸ ਸਮੇਂ ਵੱਡੇ ਸਵਾਲ ਖੜ੍ਹੇ ਹੋ ਗਏ, ਜਦੋਂ ਹਸਪਤਾਲ ਦੇ ਲੇਬਰ ਵਾਰਡ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੂਰੇ ਵਾਰਡ ਵਿੱਚ ਧੂੰਆਂ ਫੈਲ ਗਿਆ, ਜਿਸ ਕਾਰਨ ਉੱਥੇ ਦਾਖਲ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਜੜ ਮਚ ਗਈ।
ਸ਼ਾਰਟ ਸਰਕਟ ਨੇ ਮਚਾਈ ਤਬਾਹੀ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਸੀ। ਮੌਕੇ ‘ਤੇ ਮੌਜੂਦ ਡਾਕਟਰਾਂ ਨੇ ਦੱਸਿਆ ਕਿ ਵਾਰਡ ਵਿੱਚ ਲਗਾਇਆ ਗਿਆ ਰੂਮ ਹੀਟਰ ਨਿਯਮਾਂ ਦੇ ਉਲਟ ਲਗਾਤਾਰ 24 ਘੰਟੇ ਚੱਲਦਾ ਰਿਹਾ, ਜਦਕਿ ਇਸ ਨੂੰ ਸਿਰਫ 2-3 ਘੰਟੇ ਹੀ ਚਲਾਉਣ ਦੀ ਇਜਾਜ਼ਤ ਹੁੰਦੀ ਹੈ। ਇਸ ਲਾਪਰਵਾਹੀ ਕਾਰਨ ਬਿਜਲੀ ਦੀਆਂ ਤਾਰਾਂ ਲੋਡ ਨਹੀਂ ਝੱਲ ਸਕੀਆਂ ਅਤੇ ਅੱਗ ਲੱਗ ਗਈ। ਘਟਨਾ ਸਮੇਂ ਵਾਰਡ ਮਰੀਜ਼ਾਂ ਨਾਲ ਭਰਿਆ ਹੋਇਆ ਸੀ, ਜਿਨ੍ਹਾਂ ਦੀ ਜਾਨ ਜ਼ੋਖ਼ਮ ਵਿੱਚ ਪੈ ਗਈ।
ਸਟਾਫ਼ ਦੀ ਮੁਸਤੈਦੀ ਨੇ ਟਾਲਿਆ ਵੱਡਾ ਹਾਦਸਾ
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਸਪਤਾਲ ਦਾ ਸਟਾਫ਼ ਅਤੇ ਡਾਕਟਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੜੀ ਮੁਸ਼ਕਲ ਨਾਲ ਸਥਿਤੀ ‘ਤੇ ਕਾਬੂ ਪਾਇਆ। ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਹਸਪਤਾਲ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਨੇ ਮਰੀਜ਼ਾਂ ਦੀ ਸੁਰੱਖਿਆ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਕੋਈ ਬਹੁਤ ਵੱਡਾ ਦੁਖਾਂਤ ਵਾਪਰ ਸਕਦਾ ਸੀ। ਡਾਕਟਰਾਂ ਨੇ ਖ਼ੁਦ ਇਸ ਘਟਨਾ ਨੂੰ ਬੇਹੱਦ ਗੰਭੀਰ ਲਾਪਰਵਾਹੀ ਕਰਾਰ ਦਿੱਤਾ ਹੈ। ਹਸਪਤਾਲ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/mobile-phones-snatched-from-street-vendors-at-gunpoint-near-bus-stand-atmosphere-of-terror/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



