ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਹੈ।
ਆਨਲਾਈਨ ਮਿਲੀ ਸੀ ਸ਼ਿਕਾਇਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।
ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੁੂ
ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ, ਵਾਸੀ ਨਹਿਰੂ ਨਗਰ, ਫਗਵਾੜਾ, ਜੋ ਕਿ ਹੁਣ ਸਲੋਹ, ਯੂ.ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁਸਤੀ ਕਰਾਉਣ ਬਦਲੇ 15,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25,000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ।
ਮਾਮਲਾ ਦਰਜ
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ। ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।