ਨਵੀਂ ਦਿੱਲੀ (ਇੰਟ.)-ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨ ਪਿਛਲੇ 6 ਮਹੀਨਿਆਂ ਤੋਂ ਡਟੇ ਹੋਏ ਹਨ। 6 ਮਹੀਨੇ ਪੂਰੇ ਹੋਣ ਮੌਕੇ ਕਿਸਾਨਾਂ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਕਿਸਾਨਾਂ ਵਲੋਂ ਕਾਲੀਆਂ ਪੱਗਾਂ ਬੰਨ ਕਾਲੇ ਝੰਡੇ ਲਹਿਰਾਏ ਗਏ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

ਇਸ ਦੌਰਾਨ ਗਾਜ਼ੀਪੁਰ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਾਲੀ ਪੱਗ ਬੰਨ੍ਹ ਕੇ ਕਾਲਾ ਦਿਵਸ ਮਨਾਇਆ। ਉਨ੍ਹਾਂ ਨੂੰ ਕਾਲੀ ਪੱਗ ਇੰਨੀ ਫੱਬ ਰਹੀ ਸੀ ਕਿ ਉਨ੍ਹਾਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੀਆਂ ਹਨ ਅਤੇ ਵਾਇਰਲ ਵੀ ਹੋ ਰਹੀਆਂ ਹਨ।

ਕਾਲਾ ਦਿਵਸ ਮਨਾ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਕਾਨੂੰਨ ਮਹਾਂਮਾਰੀ ‘ਚ ਬਣਾਏ ਜਾ ਸਕਦੇ ਹਨ ਤਾਂ ਰੱਦ ਕਿਉਂ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਕਿਸਾਨ ਕਦੇ ਵੀ ਸਰਕਾਰ ਖ਼ਿਲਾਫ਼ ਪੁਤਲੇ ਸਾੜਨ ‘ਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਸਰਕਾਰ ਨੇ ਪੁਤਲੇ ਸਾੜਨ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹਾਲੇ ਵੀ ਕਿਸਾਨਾਂ ਨਾਲ ਗੱਲਬਾਤ ਨਹੀਂ ਕਰਦੀ ਤਾਂ ਸਪੱਸ਼ਟ ਹੈ ਕਿ ਇਹ ਅੰਦੋਲਨ ਲੰਮਾ ਚੱਲੇਗਾ।
ਟਿਕੈਤ ਨੇ ਕਿਹਾ ਕਿ ਸਰਕਾਰ ਦੇ ਕਾਲੇ ਫ਼ੈਸਲਿਆਂ ਕਾਰਨ ਹੀ ਦਿੱਲੀ ਦੀਆਂ ਸਰਹੱਦਾਂ ਹੀ ਨਹੀਂ, ਬਲਕਿ ਪੂਰੇ ਦੇਸ਼ ‘ਚ ਕਾਲੇ ਝੰਡੇ ਲਗਾ ਕੇ ਵਿਰੋਧ ਹੋ ਰਿਹਾ ਹੈ। ਕੋਰੋਨਾ ਦਾ ਜ਼ਿਕਰ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਸਮਝਦੀ ਹੇ ਕਿ ਬਿਮਾਰੀ ਵੱਡੀ ਹੈ ਤਾਂ ਫੌਰਨ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਘਰ ਭੇਜਣ ਦਾ ਫ਼ੈਸਲਾ ਕਰੇ।




