ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਸਥਿਤ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਅਚਾਨਕ ਧਮਕੀ ਮਿਲੀ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਕੰਟਰੋਲ ਰੂਮ ਵਿੱਚ ਬੰਬ ਹੋਣ ਦੀ ਸੂਚਨਾ ਮਿਲਦਿਆਂ ਹੀ ਪੂਰੇ ਸਕੱਤਰੇਤ ਕੰਪਲੈਕਸ ਵਿੱਚ ਹਾਈ ਅਲਰਟ ਐਲਾਨ ਦਿੱਤਾ ਗਿਆ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਮਾਰਤ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਮੌਕੇ ‘ਤੇ ਪਹੁੰਚਿਆ ਬੰਬ ਨਿਰੋਧਕ ਦਸਤਾ
ਧਮਕੀ ਦੀ ਖ਼ਬਰ ਮਿਲਦੇ ਸਾਰ ਹੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ, ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਹੋਰ ਖੁਫੀਆ ਏਜੰਸੀਆਂ ਦੀਆਂ ਟੀਮਾਂ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਈਆਂ। ਸੁਰੱਖਿਆ ਕਰਮੀਆਂ ਨੇ ਸਕੱਤਰੇਤ ਦੀ ਬਹੁ-ਮੰਜ਼ਿਲਾ ਇਮਾਰਤ, ਪਾਰਕਿੰਗ ਅਤੇ ਆਸ-ਪਾਸ ਦੇ ਪੂਰੇ ਹਿੱਸੇ ਨੂੰ ਆਪਣੇ ਘੇਰੇ ਵਿੱਚ ਲੈ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਖ਼ਤਰੇ ਦੀ ਗੰਭੀਰਤਾ ਨੂੰ ਦੇਖਦਿਆਂ ਹਰ ਇੱਕ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਦੇ ਦੌਰੇ ਕਾਰਨ ਸੁਰੱਖਿਆ ਘੇਰਾ ਹੋਇਆ ਹੋਰ ਸਖ਼ਤ
ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੈਅ ਪ੍ਰੋਗਰਾਮ ਨੂੰ ਲੈ ਕੇ ਰਾਜਧਾਨੀ ਚੰਡੀਗੜ੍ਹ ਵਿੱਚ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਪਰ ਇਸ ਖ਼ੌਫ਼ਨਾਕ ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਜ਼ਿਆਦਾ ਸਖ਼ਤ ਕਰ ਦਿੱਤਾ ਗਿਆ ਹੈ। VVIP ਦੌਰੇ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਕੋਈ ਵੀ ਢਿੱਲ ਜਾਂ ਖ਼ਤਰਾ ਸਹੇੜਨ ਦੇ ਮੂਡ ਵਿੱਚ ਨਹੀਂ ਹਨ।
ਸਖ਼ਤ ਨਾਕਾਬੰਦੀ
ਸਕੱਤਰੇਤ ਕੰਪਲੈਕਸ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਗੇਟਾਂ ‘ਤੇ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਇਲਾਕੇ ਵਿੱਚ ਆਉਣ-ਜਾਣ ਵਾਲੇ ਹਰ ਵਾਹਨ ਅਤੇ ਵਿਅਕਤੀ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਆਸ-ਪਾਸ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਬੰਬ ਦੀ ਅਫ਼ਵਾਹ ਜਾਂ ਧਮਕੀ ਦੇਣ ਵਾਲੇ ਸ਼ਰਾਰਤੀ ਅੰਸਰ ਦੀ ਲੋਕੇਸ਼ਨ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

