ਬਰਨਾਲਾ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸੂਬੇ ਭਰ ‘ਚ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਬਰਨਾਲਾ ‘ਚ ‘ਆਪ’ ਵਰਕਰਾਂ ਨੇ ਟ੍ਰਾਈਡੈਂਟ ਗਰੁੱਪ ਦੇ ਮਾਲਕ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਫੈਕਟਰੀ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ।
ਫੈਕਟਰੀ ਦੀਆਂ ਕੰਧਾਂ ‘ਤੇ ਲਿਖਿਆ ‘ਗੱਦਾਰ’
ਬਰਨਾਲਾ ‘ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਰਕਰਾਂ ਨੇ ਸੰਘੇੜਾ ਸਥਿਤ ਟ੍ਰਾਈਡੈਂਟ ਫੈਕਟਰੀ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਫੈਕਟਰੀ ਦੀ ਮੁੱਖ ਕੰਧ ‘ਤੇ ਕਾਲੇ ਰੰਗ ਨਾਲ ‘ਗੱਦਾਰ’ ਲਿਖ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਪੁਤਲੇ ਵੀ ਫੂਕੇ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ।
‘ਈਡੀ ਦਾ ਡਰ ਦਿਖਾ ਕੇ ਤੋੜੀ ਜਾ ਰਹੀ ਹੈ ਪਾਰਟੀ’
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਭੰਗੂ ਅਤੇ ਹਰਿੰਦਰ ਸਿੰਘ ਧਾਲੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਈਡੀ (ED) ਅਤੇ ਹੋਰ ਕੇਂਦਰੀ ਏਜੰਸੀਆਂ ਦਾ ਡਰ ਦਿਖਾ ਕੇ ‘ਆਪ’ ਆਗੂਆਂ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਡੀਆਂ ਕੁਰਬਾਨੀਆਂ ਦੇ ਰਹੇ ਹਨ, ਪਰ ਭਾਜਪਾ ਝੂਠੇ ਕੇਸਾਂ ਅਤੇ ਧਮਕੀਆਂ ਰਾਹੀਂ ਵਿਰੋਧੀ ਧਿਰ ਨੂੰ ਦਬਾਉਣਾ ਚਾਹੁੰਦੀ ਹੈ।
“ਰਾਜਿੰਦਰ ਗੁਪਤਾ ਦੇ ਜਾਣ ਨਾਲ ਕੋਈ ਫ਼ਰਕ ਨਹੀਂ ਪਵੇਗਾ”
‘ਆਪ’ ਆਗੂਆਂ ਨੇ ਸਪੱਸ਼ਟ ਕੀਤਾ ਕਿ ਰਾਜਿੰਦਰ ਗੁਪਤਾ ਦੇ ਭਾਜਪਾ ‘ਚ ਜਾਣ ਨਾਲ ਬਰਨਾਲਾ ਵਿੱਚ ਪਾਰਟੀ ਦੀ ਮਜ਼ਬੂਤੀ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੀ ਜਨਤਾ ਕਦੇ ਮਾਫ਼ ਨਹੀਂ ਕਰੇਗੀ। ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ‘ਆਪ’ ਵਰਕਰ ਗੱਦਾਰਾਂ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।



