ਨਵੀਂ ਦਿੱਲੀ : ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਇੱਕ ਵਾਰ ਫਿਰ ਵਿਵਾਦਾਂ ਦੇ ਕੇਂਦਰ ਵਿੱਚ ਹੈ। ਸੋਮਵਾਰ ਰਾਤ ਯੂਨੀਵਰਸਿਟੀ ਕੈਂਪਸ ਵਿੱਚ ਕੁਝ ਵਿਦਿਆਰਥੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ‘ਤੇ ਵਿਵਾਦਤ ਨਾਅਰੇਬਾਜ਼ੀ ਕੀਤੀ ਗਈ। ਮੰਗਲਵਾਰ ਨੂੰ ਇਸ ਘਟਨਾ ਦਾ ਇੱਕ 35 ਸੈਕਿੰਡ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ।
ਕੀ ਹੈ ਵਾਇਰਲ ਵੀਡੀਓ ਵਿੱਚ?
ਵਾਇਰਲ ਹੋ ਰਹੀ ਵੀਡੀਓ ਵਿੱਚ ਵਿਦਿਆਰਥੀ ‘ਮੋਦੀ-ਸ਼ਾਹ ਦੀ ਕਬਰ ਖੁਦੂਗੀ, JNU ਦੀ ਧਰਤੀ ‘ਤੇ’ ਵਰਗੇ ਭੜਕਾਊ ਨਾਅਰੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਕੀਤਾ ਗਿਆ ਸੀ।
ਜਾਣੋ ਕਿਸ ਵਿਚਾਲੇ ਸ਼ਬਦੀ ਜੰਗ
ਇਸ ਘਟਨਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਭਾਜਪਾ ਦੇ ਬੁਲਾਰੇ ਪ੍ਰਦੀਪ ਭੰਡਾਰੀ ਨੇ ਦਾਅਵਾ ਕੀਤਾ ਕਿ ਇਹ ਕੋਈ ਲੋਕਤੰਤਰੀ ਵਿਰੋਧ ਪ੍ਰਦਰਸ਼ਨ ਨਹੀਂ, ਸਗੋਂ ‘ਦੇਸ਼ ਵਿਰੋਧੀ ਵਿਚਾਰਧਾਰਾ’ ਦਾ ਪ੍ਰਸਾਰ ਹੈ। ਉਨ੍ਹਾਂ ਕਿਹਾ ਕਿ ਉਮਰ ਖਾਲਿਦ ਅਤੇ ਸ਼ਰਜੀਲ ਦੇ ਸਮਰਥਨ ਵਿੱਚ ਅਜਿਹੀ ਨਾਅਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਦੂਜੇ ਪਾਸੇ, ਕਾਂਗਰਸ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਨੌਜਵਾਨਾਂ ਵੱਲੋਂ ਆਪਣਾ ਗੁੱਸਾ ਜ਼ਾਹਰ ਕਰਨ ਦਾ ਇੱਕ ਤਰੀਕਾ ਮਾਤਰ ਹੈ।
ਘਟਨਾ ਦਾ ਪਿਛੋਕੜ
ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ 2020 ਦੇ ਦਿੱਲੀ ਦੰਗਿਆਂ ਦੀ ਸਾਜ਼ਿਸ਼ ਨਾਲ ਸਬੰਧਤ ਮਾਮਲੇ ਵਿੱਚ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੀ ਕੈਂਪਸ ਅੰਦਰ ਵਿਦਿਆਰਥੀਆਂ ਦਾ ਰੋਸ ਭੜਕਿਆ ਸੀ, ਜਿਸ ਨੇ ਹੁਣ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/roadways-employees-protest-against-punjab-government-gate-rallies-at-27-depots-announcement-to-surround-cms-residence-on-january-9/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



