ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।
ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ।

