ਲੁਧਿਆਣਾ: 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਲੁਧਿਆਣਾ ਪੂਰੀ ਤਰ੍ਹਾਂ ਤਿਆਰ ਹੈ। ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਹਰਭਜਨ ਸਿੰਘ ETO ਲਹਿਰਾਉਣਗੇ ਤਿਰੰਗਾ
ਇਸ ਵਾਰ ਲੁਧਿਆਣਾ ਵਿਖੇ ਹੋਣ ਵਾਲੇ ਮੁੱਖ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਅੱਜ ਦੀ ਰਿਹਰਸਲ ਦੌਰਾਨ ਮਾਰਚ ਪਾਸਟ ਅਤੇ ਵੱਖ-ਵੱਖ ਟੁਕੜੀਆਂ ਵੱਲੋਂ ਕੀਤੀ ਗਈ ਪਰੇਡ ਦਾ ਨਿਰੀਖਣ ਕੀਤਾ ਗਿਆ।
ਸੁਰੱਖਿਆ ਦੇ ਸਖ਼ਤ ਇੰਤਜ਼ਾਮ: ਸਪੈਸ਼ਲ ADGP ਅਤੇ DC ਨੇ ਲਿਆ ਜਾਇਜ਼ਾ
ਸਮਾਗਮ ਦੀ ਸੁਰੱਖਿਆ ਅਤੇ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਤੇ ਸਪੈਸ਼ਲ ADGP ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸਪੈਸ਼ਲ ADGP ਨੇ ਕਿਹਾ ਕਿ ਸੁਰੱਖਿਆ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਪੂਰੇ ਸ਼ਹਿਰ ਵਿੱਚ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਸੱਭਿਆਚਾਰਕ ਪ੍ਰੋਗਰਾਮਾਂ ਦੀ ਹੋਵੇਗੀ ਪੇਸ਼ਕਾਰੀ
ਰਿਹਰਸਲ ਦੌਰਾਨ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਦੇਸ਼ ਭਗਤੀ ਦੇ ਗੀਤਾਂ ਦੀ ਵੀ ਅੰਤਿਮ ਤਿਆਰੀ ਕੀਤੀ ਗਈ। ਪ੍ਰਸ਼ਾਸਨ ਅਨੁਸਾਰ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਮਹਿਮਾਨਾਂ ਅਤੇ ਆਮ ਜਨਤਾ ਲਈ ਬੈਠਣ ਅਤੇ ਪਾਰਕਿੰਗ ਦੇ ਉਚਿਤ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।



