ਸ੍ਰੀ ਅਨੰਦਪੁਰ ਸਾਹਿਬ : ਖ਼ਾਲਸੇ ਦੀ ਜਨਮ ਸਥਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ‘ਹੋਲਾ ਮਹੱਲਾ’ ਨੂੰ ਇਸ ਵਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਣ ਪੱਖੀ ਬਣਾਉਣ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਲੰਗਰ ਕਮੇਟੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤਿਆਗ ਕੇ ਜੈਵਿਕ ਤੌਰ ‘ਤੇ ਖ਼ਤਮ ਹੋਣ ਵਾਲੇ (Biodegradable) ਬਰਤਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।
ਪ੍ਰਸ਼ਾਸਨ ਤੇ ਧਾਰਮਿਕ ਸ਼ਖ਼ਸੀਅਤਾਂ ਵਿਚਾਲੇ ਹੋਈ ਅਹਿਮ ਮੀਟਿੰਗ
ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਮੇਲਾ ਅਫ਼ਸਰ-ਕਮ-ਐਸ.ਡੀ.ਐਮ. ਸੁਖਪਾਲ ਸਿੰਘ ਅਤੇ ਪ੍ਰਦੂਸ਼ਣ ਬੋਰਡ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਲੰਗਰ ਪ੍ਰਬੰਧਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਸਹਿਯੋਗ ਦੇਣ ਦੀ ਬੇਨਤੀ ਕੀਤੀ ਗਈ।
ਲੰਗਰ ਕਮੇਟੀਆਂ ਲਈ ਵਿਸ਼ੇਸ਼ ਸਹੂਲਤਾਂ
ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਗ੍ਰੀਨ ਹੋਲਾ ਮਹੱਲਾ ਦੇ ਮਿਸ਼ਨ ਤਹਿਤ ਲੰਗਰ ਕਮੇਟੀਆਂ ਨੂੰ ਲੋੜ ਅਨੁਸਾਰ ਜੈਵਿਕ ਖਪਨਯੋਗ ਬਰਤਨ ਮੁਫ਼ਤ ਦਿੱਤੇ ਜਾਣਗੇ। ਕੂੜਾ ਇਕੱਠਾ ਕਰਨ ਲਈ ਕੱਪੜੇ ਅਤੇ ਜੈਵਿਕ ਪਦਾਰਥਾਂ ਦੇ ਬਣੇ ਥੈਲੇ ਵੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਲੰਗਰਾਂ ਵਿੱਚ ਰਵਾਇਤੀ ਬਰਤਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਗਿਆ।
ਹੁੱਲੜਬਾਜ਼ੀ ਅਤੇ ਸਾਈਲੈਂਸਰ ਰਹਿਤ ਵਾਹਨਾਂ ‘ਤੇ ਰਹੇਗੀ ਸਖ਼ਤੀ
ਪ੍ਰਸ਼ਾਸਨ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਮੇਲੇ ਦੌਰਾਨ ਸ਼ਾਂਤੀ ਅਤੇ ਮਰਯਾਦਾ ਬਣਾਈ ਰੱਖੀ ਜਾਵੇ। ਇਸ ਵਾਰ ਸਾਈਲੈਂਸਰ ਹਟਾ ਕੇ ਮੋਟਰਸਾਈਕਲ ਜਾਂ ਟਰੈਕਟਰ ਚਲਾਉਣ ਵਾਲਿਆਂ ਵਿਰੁੱਧ ਸਖ਼ਤੀ ਕੀਤੀ ਜਾਵੇਗੀ। ਹੁੱਲੜਬਾਜ਼ੀ ਅਤੇ ਰੰਗ-ਗੁਲਾਲ ਦੀ ਬੇਲੋੜੀ ਵਰਤੋਂ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਰਹੇਗੀ।
ਜਥੇਦਾਰ ਸਾਹਿਬ ਵੱਲੋਂ ਕੁਦਰਤ ਨੂੰ ਬਚਾਉਣ ਦਾ ਸੰਦੇਸ਼
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਅਨੁਸਾਰ ਪਵਿੱਤਰ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੇਲਾ ਖੇਤਰ ਨੂੰ ਸਾਫ਼-ਸੁਥਰਾ ਰੱਖ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਇਆ ਜਾਵੇ। ਇਸ ਮੌਕੇ ਐਸ.ਡੀ.ਐਮ. ਸੁਖਪਾਲ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਪਤੀ-ਪਤਨੀ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਦੋਵਾਂ ਪੱਖਾਂ ਨੇ ਇੱਕ-ਦੂਜੇ ‘ਤੇ ਲਾਏ ਗੰਭੀਰ ਇਲਜ਼ਾਮ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



