ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਮਤੀਰਥ ਰੋਡ ਇਲਾਕੇ ਤੋਂ ਜਾਇਦਾਦ ਦੇ ਪੁਰਾਣੇ ਵਿਵਾਦ ਨਾਲ ਜੁੜੀ ਇੱਕ ਬੇਹੱਦ ਦਰਦਨਾਕ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਭੈਣ ਦੇ ਘਰ ਦੇ ਬਾਹਰ ਭੇਤਭਰੇ ਹਾਲਾਤਾਂ ਵਿੱਚ ਅੱਗ ਨਾਲ ਗੰਭੀਰ ਰੂਪ ਵਿੱਚ ਝੁਲਸੇ ਪਲਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਲਈ ਮ੍ਰਿਤਕ ਦੀ ਭੈਣ ਅਤੇ ਜੀਜੇ ਉੱਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੰਬੇ ਸਮੇਂ ਤੋਂ ਚੱਲ ਰਿਹਾ ਸੀ ਜਾਇਦਾਦ ਦਾ ਵਿਵਾਦ
ਮ੍ਰਿਤਕ ਦੇ ਪੁੱਤਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਸ਼ਾਮ ਸਿੰਘ ਦੀ ਜਾਇਦਾਦ ਨੂੰ ਲੈ ਕੇ ਪਿਛਲੇ 10 ਤੋਂ 15 ਸਾਲਾਂ ਤੋਂ ਉਨ੍ਹਾਂ ਦੀ ਭੂਆ ਸੁਮਨ ਬਾਲਾ ਅਤੇ ਫੁੱਫੜ ਪ੍ਰੇਮ ਸਿੰਘ ਨਾਲ ਤਣਾਅ ਚੱਲ ਰਿਹਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਦੂਜੇ ਧੜੇ ਵੱਲੋਂ ਉਨ੍ਹਾਂ ਉੱਤੇ ਲਗਾਤਾਰ ਘਰ ਖਾਲੀ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਇਹ ਮਾਮਲਾ ਅਦਾਲਤ ਵਿੱਚ ਵੀ ਵਿਚਾਰਧੀਨ ਹੈ।
ਅਣਪਛਾਤੇ ਫੋਨ ਤੋਂ ਮਿਲੀ ਘਟਨਾ ਦੀ ਸੂਚਨਾ
ਹਰਮਨਦੀਪ ਸਿੰਘ ਮੁਤਾਬਕ ਘਟਨਾ ਵਾਲੇ ਦਿਨ ਉਨ੍ਹਾਂ ਦੇ ਪਿਤਾ ਪਲਵਿੰਦਰ ਸਿੰਘ ਘਰੋਂ ਪਾਠ ਕਰਨ ਲਈ ਕਹਿ ਕੇ ਗਏ ਸਨ। ਕੁਝ ਸਮੇਂ ਬਾਅਦ ਪਰਿਵਾਰ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ ਕਿ ਰਾਮਤੀਰਥ ਰੋਡ ਕੋਲ ਉਨ੍ਹਾਂ ਦੇ ਪਿਤਾ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਏ ਹਨ। ਪਰਿਵਾਰ ਮੌਕੇ ‘ਤੇ ਪਹੁੰਚਿਆ ਅਤੇ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾਇਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਭੱਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਮੌਤ ਤੋਂ ਪਹਿਲਾਂ ਲਗਾਏ ਗਏ ਗੰਭੀਰ ਦੋਸ਼ ਅਤੇ ਪੁਲਿਸ ਕਾਰਵਾਈ
ਪਰਿਵਾਰ ਦਾ ਦਾਅਵਾ ਹੈ ਕਿ ਹਸਪਤਾਲ ਲਿਜਾਂਦੇ ਸਮੇਂ ਹੋਸ਼ ਵਿੱਚ ਆਉਣ ‘ਤੇ ਪਲਵਿੰਦਰ ਸਿੰਘ ਨੇ ਆਪਣੀ ਇਸ ਹਾਲਤ ਲਈ ਭੈਣ ਸੁਮਨ ਬਾਲਾ ਅਤੇ ਜੀਜੇ ਪ੍ਰੇਮ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਸਰੀਰ ਦਾ 70 ਤੋਂ 80 ਫ਼ੀਸਦੀ ਹਿੱਸਾ ਸੜ ਜਾਣ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਰਾਜਬੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ‘ਤੇ ਮ੍ਰਿਤਕ ਦੀ ਭੈਣ ਅਤੇ ਜੀਜੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਪੋਸਟਮਾਰਟਮ ਰਿਪੋਰਟ ਅਤੇ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅੱਗੇ ਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



