ਹੁਸ਼ਿਆਰਪੁਰ : ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ, ਖ਼ਾਸ ਕਰਕੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਟਾਂਡਾ ਦੇ ਸਿਵਲ ਹਸਪਤਾਲ ਨਜ਼ਦੀਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਗੁੱਸੇ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
“ਇੱਕ ਹਫ਼ਤੇ ‘ਚ ਰਿਕਾਰਡ ਵਾਧਾ, ਦੇਸ਼ ਨੂੰ ਤਬਾਹੀ ਵੱਲ ਲੈ ਕੇ ਜਾ ਰਹੀਆਂ ਨੀਤੀਆਂ”
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਲੋਕ-ਮਾਰੂ ਨੀਤੀਆਂ ‘ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੇ ਰੇਟਾਂ ਵਿੱਚ ਕੀਤਾ ਗਿਆ ਭਾਰੀ ਵਾਧਾ ਆਮ ਜਨਤਾ ਦਾ ਲੱਕ ਤੋੜਨ ਵਾਲਾ ਹੈ, ਜੋ ਦੇਸ਼ ਨੂੰ ਆਰਥਿਕ ਤਬਾਹੀ ਵੱਲ ਧੱਕ ਰਿਹਾ ਹੈ।
ਸਿਵਲ ਹਸਪਤਾਲ ਦੇ ਬਾਹਰ ਇਕੱਠੇ ਹੋਏ ਸੈਂਕੜੇ ਕਿਸਾਨ ਤੇ ਮਜ਼ਦੂਰ
ਇਸ ਰੋਸ ਮੁਜ਼ਾਹਰੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਤਿੱਖੀ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੈਟਰੋਲ-ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਪ੍ਰਭਾਵ ਤੋਂ ਵਾਪਸ ਲਿਆ ਜਾਵੇ, ਤਾਂ ਜੋ ਖੇਤੀਬਾੜੀ ਸੈਕਟਰ ਅਤੇ ਆਮ ਨਾਗਰਿਕਾਂ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਸਾਫ਼ ਕੀਤਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਲੋਕ-ਮਾਰੂ ਫੈਸਲਿਆਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸ਼ਾਂਤਮਈ ਪ੍ਰਦਰਸ਼ਨ ਜਾਰੀ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

