ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਇਕ ਪਾਸੇ ਪੂਰੇ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਉੱਥੇ ਹੀ ਸੂਬੇ ਵਿਚ ਹੁਣ ਮੰਤਰੀ ਅਤੇ ਅਫ਼ਸਰ ਆਹਮੋ-ਸਾਹਮਣੇ ਹੋ ਚੁੱਕੇ ਹਨ। ਦਰਅਸਲ ਅੱਜ ਸੋਮਵਾਰ ਨੂੰ ਪੰਜਾਬ ਭਵਨ ‘ਚ ਹੋਈ ਕੈਬਨਿਟ ਮੀਟਿੰਗ ਵਿਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਸ਼ਾਮਲ ਨਹੀਂ ਹੋਏ ਤੇ ਉਨ੍ਹਾਂ ਦੀ ਥਾਂ ਉੱਤੇ ਗ੍ਰਹਿ ਸਕੱਤਰ ਸਤੀਸ਼ ਚੰਦਰ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਅੱਜ ਦੀ ਮੀਟਿੰਗ ਵਿਚ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਕੱਤਰ ਕਰਨ ਅਵਤਾਰ ਵਿਰੁੱਧ ਦੁਰਵਿਵਹਾਰ ਕਰਨ ਦਾ ਆਰੋਪ ਲਗਾਉਂਦੇ ਹੋਏ ਇਕ ਮਤਾ ਪੇਸ਼ ਕੀਤਾ ਹੈ ਜਿਸ ਨੂੰ ਸਾਰੇ ਮੰਤਰੀਆਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਜੇਕਰ ਮੁੱਖ ਸਕੱਤਰ ਕਿਸੇ ਵੀ ਕੈਬਨਿਟ ਬੈਠਕ ਨੂੰ ਆਯੋਜਿਤ ਕਰਦੇ ਹਨ ਤਾਂ ਉਹ ਉਸ ਵਿਚ ਹਿੱਸਾ ਨਹੀਂ ਲੈਣਗੇ।
ਮਨਪ੍ਰੀਤ ਬਾਦਲ ਨੇ ਮੀਡੀਆ ਨੂੰ ਸਪੱਸ਼ਟ ਕੀਤਾ ਹੈ ਕਿ ਉਹ ਅਜਿਹੀ ਕਿਸੇ ਵੀ ਬੈਠਕ ਵਿਚ ਹਿੱਸਾ ਨਹੀਂ ਲੈਣਗੇ ਜੋ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੁਆਰਾ ਆਯੋਜਿਤ ਕੀਤੀ ਜਾਵੇਗੀ ਜਾਂ ਫਿਰ ਉਹ ਇਸ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਸ ਬੈਠਕ ਵਿਚ ਮੁੱਖ ਮੰਤਰੀ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਸਾਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਆਬਾਕਾਰੀ ਨੀਤੀ ਸੰਸ਼ੋਧਨ ਬਾਰੇ ਫੈਸਲਾ ਲੈਣ ਦਾ ਅਧਿਕਾਰ ਦੇ ਦਿੱਤਾ ਹੈ। ਦਰਅਸਲ ਮੰਤਰੀਆਂ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਚਾਲੇ ਵਿਵਾਦ ਸ਼ਨੀਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿਚ ਭਖਿਆ ਸੀ। ਮੀਟਿੰਗ ਵਿਚ ਸ਼ਰਾਬ ਦੇ ਠੇਕੇਦਾਰਾਂ ਨੂੰ ਰਾਹਤ ਦੇਣ ਬਾਰੇ ਸਕੱਤਰ ਕਰਨ ਅਵਤਾਰ ਸਿੰਘ ਤੇ ਮੰਤਰੀਆਂ ਦਰਮਿਆਨ ਹੋ ਟਕਰਾਅ ਗਿਆ ਸੀ ਜਿਸ ਤੋਂ ਬਾਅਦ ਮੰਤਰੀਆਂ ਨੇ ਮੀਟਿੰਗ ਵਿਚੋਂ ਵਾਕਆਊਟ ਕਰ ਦਿੱਤਾ ਸੀ ਅਤੇ ਮੰਤਰੀਆਂ ਦਾ ਆਰੋਪ ਸੀ ਕਿ ਮੁੱਖ ਸਕੱਤਰ ਦਾ ਵਤੀਰਾ ਹੈਂਕੜ ਵਾਲਾ ਰਿਹਾ ਹੈ ਜਿਸ ਕਰਕੇ ਇਹ ਮੀਟਿੰਗ ਨਹੀਂ ਹੋ ਸਕੀ ਹੈ।
