ਗੁਰਦਾਸਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਸਰਕਾਰੀ ਖ਼ਰੀਦ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਵਿੱਚ ਅੱਜ ਗੁਰਦਾਸਪੁਰ ਵਿਖੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮਾਝਾ ਜ਼ੋਨ ਦੇ ਉੱਚ ਅਧਿਕਾਰੀਆਂ, ਲੇਬਰ ਕੰਟਰੈਕਟਰਾਂ ਅਤੇ ਟ੍ਰਾਂਸਪੋਰਟ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਰਿਵਿਊ ਮੀਟਿੰਗ ਕੀਤੀ।
ਮੰਡੀਆਂ ‘ਚ ਨਹੀਂ ਲੱਗਣਗੇ ਅੰਬਾਰ
ਮੀਟਿੰਗ ਦੌਰਾਨ ਖ਼ਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਮੰਡੀਆਂ ਵਿੱਚ ਕਣਕ ਦੇ ਨਾਜਾਇਜ਼ ਅੰਬਾਰ (ਗਲੱਟ) ਲੱਗਣ ਤੋਂ ਰੋਕਣ ਲਈ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਮੰਤਰੀ ਕਟਾਰੂਚੱਕ ਨੇ ਐਲਾਨ ਕੀਤਾ ਕਿ ਹੁਣ ਗੁਦਾਮ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਫ਼ੈਸਲੇ ਨਾਲ ਜਿੱਥੇ ਮਜ਼ਦੂਰਾਂ ਨੂੰ ਕੰਮ ਕਰਨ ਲਈ ਵੱਧ ਸਮਾਂ ਮਿਲੇਗਾ, ਉੱਥੇ ਹੀ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ (ਲਿਫਟਿੰਗ) ਦੀ ਰਫ਼ਤਾਰ ਵੀ ਤੇਜ਼ ਹੋਵੇਗੀ।
ਪਹਿਲੀ ਵਾਰ ਸਾਰੀਆਂ ਧਿਰਾਂ ਨੂੰ ਪ੍ਰਕਿਰਿਆ ਵਿੱਚ ਕੀਤਾ ਸ਼ਾਮਿਲ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਸਿਆਸਤ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰ ਨੇ ਆੜ੍ਹਤੀਆਂ, ਮਜ਼ਦੂਰਾਂ ਅਤੇ ਟ੍ਰਾਂਸਪੋਰਟ ਨੁਮਾਇੰਦਿਆਂ ਨੂੰ ਸਿੱਧੇ ਤੌਰ ‘ਤੇ ਮੀਟਿੰਗਾਂ ਦਾ ਹਿੱਸਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਵੇਲੇ ਕਿਸੇ ਵੀ ਤਰ੍ਹਾਂ ਦੀ ਖ਼ੁਆਰੀ ਨਾ ਝੱਲਣੀ ਪਵੇ।
ਉੱਚ ਅਧਿਕਾਰੀਆਂ ਦੀ ਮੌਜੂਦਗੀ
ਇਸ ਅਹਿਮ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਮੈਡਮ ਰਜਨੀਸ਼ ਕੌਰ ਸਮੇਤ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਡੀ.ਐੱਸ.ਐੱਫ.ਸੀ. (DSFC) ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਸ਼ਾਮਿਲ ਹੋਏ। ਮੰਤਰੀ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਵਧਾਉਣ ਅਤੇ ਕਿਸੇ ਵੀ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਆਪਣੇ ਜੱਦੀ ਪਿੰਡ ਸਤੌਜ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਹਸਪਤਾਲ ਦਾ ਕੀਤਾ ਉਦਘਾਟਨ



