ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਖ਼ਤਮ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਰਕਾਰ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਪੰਜਾਬ ਲਿਆਉਣ ਦੀ ਬਜਾਏ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾਵੇ।
ਸੁਰੱਖਿਆ ਕਾਰਨਾਂ ਕਰਕੇ ਪੰਜਾਬ ਲਿਆਉਣਾ ਉਚਿਤ ਨਹੀਂ: ਸਰਕਾਰ
ਵੀਰਵਾਰ ਨੂੰ ਮੁੱਖ ਜਸਟਿਸ ਸ਼ੀਲ ਨਾਗੂ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੇ ਇਨਪੁਟਸ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਇਸ ਵੇਲੇ ਪੰਜਾਬ ਲਿਆਉਣਾ ਸੂਬੇ ਦੀ ਅਮਨ-ਸ਼ਾਂਤੀ ਲਈ ਸਹੀ ਨਹੀਂ ਹੋਵੇਗਾ। ਸਰਕਾਰ ਚਾਹੁੰਦੀ ਹੈ ਕਿ 23 ਅਪ੍ਰੈਲ ਨੂੰ ਮੌਜੂਦਾ ਹਿਰਾਸਤ ਖ਼ਤਮ ਹੋਣ ਤੋਂ ਤੁਰੰਤ ਬਾਅਦ ਉਸ ਦੀ ਮੁੜ ਗ੍ਰਿਫ਼ਤਾਰੀ ਪਾਈ ਜਾਵੇ ਅਤੇ ਉਸ ਨੂੰ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਹੀ ਰੱਖਿਆ ਜਾਵੇ।
ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਸੁਣਵਾਈ
ਪੰਜਾਬ ਸਰਕਾਰ ਨੇ ਅਦਾਲਤ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਵਿੱਚ ਰੱਖਣ ਲਈ ਉੱਥੋਂ ਦੀ ਸਰਕਾਰ ਵੱਲੋਂ ਸਹਿਮਤੀ ਮਿਲ ਚੁੱਕੀ ਹੈ। ਸਰਕਾਰ ਦੀ ਯੋਜਨਾ ਹੈ ਕਿ ਜੇਕਰ ਅਦਾਲਤ ਮੁੜ ਗ੍ਰਿਫ਼ਤਾਰੀ ਦੀ ਇਜਾਜ਼ਤ ਦਿੰਦੀ ਹੈ, ਤਾਂ ਅੰਮ੍ਰਿਤਪਾਲ ਸਿੰਘ ਵਿਰੁੱਧ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਅਤੇ ਟ੍ਰਾਇਲ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਚਲਾਇਆ ਜਾਵੇਗਾ ਤਾਂ ਜੋ ਸੁਰੱਖਿਆ ਦੇ ਮੱਦੇਨਜ਼ਰ ਕੋਈ ਖਤਰਾ ਪੈਦਾ ਨਾ ਹੋਵੇ।
23 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਮੌਜੂਦਾ ਹਿਰਾਸਤ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਸ ‘ਤੇ ਲਗਾਈ ਗਈ ਐਨ.ਐਸ.ਏ. ਦੀ ਮਿਆਦ 23 ਅਪ੍ਰੈਲ ਨੂੰ ਪੂਰੀ ਹੋਣ ਵਾਲੀ ਹੈ। ਹਾਈਕੋਰਟ ਹੁਣ ਸਰਕਾਰ ਦੀ ਇਸ ਨਵੀਂ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ। ਇਸ ਮਾਮਲੇ ‘ਤੇ ਆਉਣ ਵਾਲੇ ਫੈਸਲੇ ਨਾਲ ਅੰਮ੍ਰਿਤਪਾਲ ਸਿੰਘ ਦੀ ਅਗਲੀ ਸਥਿਤੀ ਸਪੱਸ਼ਟ ਹੋਵੇਗੀ ਕਿ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ ਜਾਂ ਉਸ ਦਾ ਟਿਕਾਣਾ ਅਸਾਮ ਦੀ ਜੇਲ੍ਹ ਹੀ ਰਹੇਗਾ।



