ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਦਾ ਦੋਸ਼ ਲਾਉਂਦੀ ਹੈਬੀਅਸ ਕਾਰਪਸ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਣਵਾਈ ਹੋਈ। ਹਾਈ ਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਕੁਝ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਪੁਲਿਸ ਹਿਰਾਸਤ ‘ਚ ਹੈ ਤਾਂ ਹਾਈਕੋਰਟ ਇਸ ਮਾਮਲੇ ‘ਚ ਵਾਰੰਟ ਅਫਸਰ ਨਿਯੁਕਤ ਕਰ ਸਕਦੀ ਹੈ। ਅਦਾਲਤ ਨੇ ਸੁਣਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ।
ਏਜੀ ਵਿਨੋਦ ਘਈ ਨੇ ਕਿਹਾ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਫੜਨ ਦੇ ਕਰੀਬ ਹੈ। ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਤੋਂ ਪੁੱਛਿਆ ਕਿ ਉਸ ਦੇ ਹਿਰਾਸਤ ਵਿਚ ਹੋਣ ਦਾ ਕੀ ਸਬੂਤ ਹੈ। ਕੋਰਟ ਨੇ ਕਿਹਾ ਕਿ ਏਜੀ ਕਹਿ ਰਹੇ ਹਨ ਉਹ ਹਿਰਾਸਤ ਵਿਚ ਨਹੀਂ ਹੈ। ਜੇਕਰ ਉਹ ਬੋਲ ਰਹੇ ਹਨ ਤਾਂ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ।ਏਜੀ ਨੇ ਕਿਹਾ ਕਿ ਇਹ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ, ਇਸ ਲਈ ਸਾਰੀਆਂ ਧਿਰਾਂ ਨੂੰ ਇਸ ਮਾਮਲੇ ‘ਤੇ ਸੋਚ ਸਮਝ ਕੇ ਟਿੱਪਣੀ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ।
