ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ…

Punjab Cabinet Minister Tarunpreet Singh Sond today reviewed the progress of ongoing events and upcoming

ਚੰਡੀਗੜ੍ਹ, 3 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਅੱਜ ਇੱਥੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਪੁੱਜੇ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਯਾਦਗਾਰੀ ਜਸ਼ਨਾਂ ਵਜੋਂ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਵਿੱਚ ਇੱਕ ਲੜੀ ਤਹਿਤ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਇਸ ਮੀਟਿੰਗ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਵਿਕਾਸ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਤੋਂ ਇਲਾਵਾ ਮਾਹਰ ਪੈਨਲ ਤੋਂ ਸੰਤ ਪ੍ਰਦੀਪ ਦਾਸ ਜੀ ਡੇਰਾ ਬੱਲਾਂ, ਸੰਤ ਨਿਰਮਲ ਦਾਸ ਜੀ ਜਲੰਧਰ, ਸੰਤ ਕੇਵਲ ਸਿੰਘ ਜੀ ਤਪ ਅਸਥਾਨ ਖੁਰਾਲਗੜ੍ਹ, ਸੰਤ ਸਤਵਿੰਦਰ ਸਿੰਘ ਹੀਰਾ ਚਰਨ ਛੋਹ ਗੰਗਾ ਖੁਰਾਲਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਮਨਜਿੰਦਰ ਸਿੰਘ ਅਤੇ ਅੰਮ੍ਰਿਤਸਰ ਤੋਂ ਡਾ. ਰਾਜ ਕੁਮਾਰ ਹੰਸ ਵੀ ਸ਼ਾਮਲ ਹੋਏ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਪੰਜਾਬ ਭਰ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਵਿਰਾਸਤ ਬਾਰੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬਰਾਬਰੀ, ਸਮਾਜਿਕ ਨਿਆਂ ਅਤੇ ਭਾਈਚਾਰੇ ਦਾ ਸੁਨੇਹਾ ਖ਼ਲਕਤ ਤੱਕ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ।

ਜਸ਼ਨਾਂ ਦੇ ਹਿੱਸੇ ਵਜੋਂ ਪੰਜਾਬ ਭਰ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 6.50 ਲੱਖ ਬੂਟੇ ਲਗਾਉਣ ਅਤੇ 6.50 ਲੱਖ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ‘ਰਨ ਫਾਰ ਇਕੁਐਲਟੀ ’ ਮੈਰਾਥਨ ਅਤੇ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਕਰਵਾਉਣ ਦੀ ਯੋਜਨਾ ਹੈ।

ਮੰਤਰੀ ਨੂੰ ਦੱਸਿਆ ਗਿਆ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਤੋਂ ਬਾਅਦ 9 ਤੋਂ 11 ਅਕਤੂਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ ਰਾਜ ਪੱਧਰੀ ਸਮਾਗਮ ਹੋਵੇਗਾ, ਜਿਸ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਪ੍ਰਦਰਸ਼ਨੀਆਂ, ਕਥਾ ਅਤੇ ਕੀਰਤਨ ਦਰਬਾਰ, ਸੰਤ ਸੰਮੇਲਨ, ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਅਧਾਰਤ ਕਾਨਫਰੰਸਾਂ, ਬੇਗਮਪੁਰਾ ਸਮਾਗਮ ਅਤੇ ਮੀਨਾਰ-ਏ-ਬੇਗਮਪੁਰਾ ਵਿਖੇ ਥ੍ਰੀ-ਡੀ ਪ੍ਰੋਜੈਕਸ਼ਨ ਸ਼ੋਅ ਵੀ ਕਰਵਾਏ ਜਾਣਗੇ।

ਇਨ੍ਹਾਂ ਸਮਾਗਮਾਂ ਸਬੰਧੀ ਤਿਆਰੀਆਂ ਦਾ ਡੂੰਘਾਈ ਨਾਲ ਜਾਇਜ਼ਾ ਲੈਂਦਿਆਂ ਸੌਂਦ ਨੇ ਸਾਰੇ ਵਿਭਾਗਾਂ ਨੂੰ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਸਹੀ ਤਾਲਮੇਲ ਕਰਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪ੍ਰੋਗਰਾਮਾਂ ਦੌਰਾਨ ਰਿਹਾਇਸ਼, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਆਵਾਜਾਈ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰੀ ਜਨਤਕ ਸੇਵਾਵਾਂ ਲਈ ਢੁਕਵੇਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਢੁਕਵੇਂ, ਮਾਣਮੱਤੇ ਅਤੇ ਯਾਦਗਾਰੀ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਇਹ ਜਸ਼ਨ ਗੁਰੂ ਰਵਿਦਾਸ ਜੀ ਦੀਆਂ ਸਮਾਨਤਾ, ਭਾਈਚਾਰਕ-ਸਾਂਝ, ਦਇਆ ਅਤੇ ਹਲੀਮੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਵਿੱਚ ਪਹੁੰਚਾਉਣ ਵਿੱਚ ਮਦਦ ਕਰਨਗੇ।

ਉਨ੍ਹਾਂ ਅਧਿਕਾਰੀਆਂ ਨੂੰ ਤਿਆਰੀਆਂ ਦੀ ਪ੍ਰਗਤੀ ਦੀ ਨਿਯਮਤ  ਨਜ਼ਰਸਾਨੀ ਕਰਨ ਅਤੇ ਹਰੇਕ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਤਾਂ ਜੋ ਦੇਸ਼ ਭਰ ਦੀਆਂ ਸੰਗਤਾਂ ਲਈ ਸੁਵਿਧਾ ਅਤੇ ਸ਼ਰਧਾਪੂਰਵਕ ਜਸ਼ਨਾ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਦੌਰਾਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੂਚਨਾ ਅਤੇ ਲੋਕ ਸੰਪਰਕ ਦੇ ਸਕੱਤਰ ਪੁਨੀਤ ਗੋਇਲ, ਸਿੱਖਿਆ ਸਕੱਤਰ ਸੋਨਾਲੀ ਗਿਰੀ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਅਤੇ ਮਾਹਿਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

Leave a Reply

Your email address will not be published. Required fields are marked *