ਚੰਡੀਗੜ੍ਹ : ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਯੂਨੀਅਨ ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੂਰੇ ਸੂਬੇ ਵਿੱਚ ਦੋ ਘੰਟੇ ਦੀ ‘ਗੇਟ ਰੈਲੀ’ ਕੀਤੀ ਗਈ। ਇਹ ਪ੍ਰਦਰਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਦੇ ਵੱਖ-ਵੱਖ ਡਿਪੂਆਂ ਦੇ ਬਾਹਰ ਚੱਲਿਆ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਅੱਜ ਦਾ ਪ੍ਰਦਰਸ਼ਨ ਸਿਰਫ਼ ਗੇਟ ਰੈਲੀ ਤੱਕ ਸੀਮਤ ਹੈ ਅਤੇ ਬੱਸਾਂ ਦਾ ਚੱਕਾ ਜਾਮ ਨਹੀਂ ਕੀਤਾ ਗਿਆ, ਤਾਂ ਜੋ ਆਮ ਜਨਤਾ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਪੁਲਿਸ ਕੇਸ ਰੱਦ ਕਰਨ ਅਤੇ ਕਿਲੋਮੀਟਰ ਸਕੀਮ ਦਾ ਵਿਰੋਧ
ਯੂਨੀਅਨ ਦੇ ਨੁਮਾਇੰਦਿਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕਈ ਮੁਲਾਜ਼ਮਾਂ ‘ਤੇ ਮਾਮਲੇ (ਪਰਚੇ) ਦਰਜ ਕੀਤੇ ਗਏ ਸਨ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਇਨ੍ਹਾਂ ਨਾਜਾਇਜ਼ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ, ਯੂਨੀਅਨ ਨੇ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਕਿਲੋਮੀਟਰ ਮਾਰੂ ਬੱਸ ਸਰਵਿਸ ਦਾ ਵੀ ਸਖ਼ਤ ਵਿਰੋਧ ਕੀਤਾ ਅਤੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ।
9 ਜਨਵਰੀ ਨੂੰ ਹੋ ਸਕਦਾ ਹੈ ਵੱਡਾ ਐਕਸ਼ਨ
ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਨੂੰ ਦੋ ਟੁੱਕ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਅਤੇ ਦਰਜ ਕੀਤੇ ਗਏ ਮਾਮਲੇ ਵਾਪਸ ਨਾ ਲਏ ਗਏ, ਤਾਂ 9 ਜਨਵਰੀ ਤੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਵੀ ਕੀਤਾ ਜਾ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/bathinda-police-busts-gang-involved-in-robbery-through-dating-app/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



