LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

kutjgfd52369
ਚੰਡੀਗੜ੍ਹ: ਸਾਹਿਬਜਾਦਾ ਜੋਰਾਵਰ ਸਿੰਘ ਤੇ ਸਾਹਿਬਜਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ।
ਅੱਜ ਇੱਥੇ ਸ਼ਹੀਦੀ ਸ਼ਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿੱਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ  ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਹੀਦੀ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ਵਿਚ ਸਰਧਾਲੂ ਸਿਜਦਾ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਹਿਬਜਾਦਿਆਂ ਵੱਲੋਂ ਛੋਟੀ ਉਮਰ ਵਿੱਚ ਮਹਾਨ ਕੁਰਬਾਨੀ ਦੇਣ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। 
ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸ਼ਭਾ ਦੀਆਂ ਤਿਆਰੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਗਤਾਂ ਲਈ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਤਾਂ ਕਿ ਇਸ ਪਵਿੱਤਰ ਅਸਥਾਨ ਉਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਕਰਨਗੇ ਤਾਂ ਜੋ ਸੰਗਤ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਾ ਰਹੇ।   
ਸੰਗਤ ਦੀ ਆਮਦ ਲਈ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੀਤੇ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦੂਰ-ਨੇੜੇ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਕਿ ਲੋੜ ਪੈਣ ਉਤੇ ਫੌਰੀ ਮਦਦ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 75 ਬੱਸਾਂ ਚਲਾਈਆਂ ਜਾਣਗੀਆਂ ਅਤੇ 50 ਈ-ਰਿਕਸ਼ੇ ਚਲਾਏ ਜਾਣਗੇ। ਪਾਰਕਿੰਗ ਵਿਵਸਥਾ ਬਾਰੇ ਦੱਸਿਆ ਗਿਆ ਕਿ ਸ਼ਹੀਦੀ ਸਭਾ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ 21 ਥਾਵਾਂ ਕਾਇਮ ਕੀਤੀਆਂ ਗਈਆਂ ਹਨ ਅਤੇ ਆਵਾਜਾਈ ਲਈ ਪੁਖਤੇ ਪ੍ਰਬੰਧਾਂ ਕੀਤੇ ਗਏ ਹਨ। ਇਸੇ ਤਰ੍ਹਾਂ ਸ਼ਰਧਾਲੂਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਚਨਾ ਕੇਂਦਰ ਵੀ ਬਣਾਏ ਗਏ ਹਨ ਤਾਂ ਕਿ ਸੰਗਤ ਲੋੜੀਂਦੀ ਜਾਣਕਾਰੀ ਹਾਸਲ ਕਰ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸਹੀਦੀ ਸਭਾ ਦੌਰਾਨ ਲੱਖਾਂ ਸਰਧਾਲੂ ਇਸ ਪਾਵਨ ਅਸਥਾਨ ਦੇ ਦਰਸਨ ਕਰਨ ਆਉਂਦੇ ਹਨ ਅਤੇ ਸਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਫਰਜ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਾਰੇ ਸੂਬਾ ਸਰਕਾਰ ਢੁਕਵੀਂ ਵਿਵਸਥਾ ਕਰ ਰਹੀ ਹੈ ਤਾਂ ਕਿ ਇਸ ਅਸਥਾਨ ਉਤੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।    
In The Market