ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।
ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ 68 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਕੂਲਾਂ ਦੀ ਕਾਇਆ-ਕਲਪ ਕਰਨ ਲਈ ਪੰਜਾਬ ਭਰ ਦੇ ਸਕੂਲਾਂ ਦੇ 10 ਹਜ਼ਾਰ ਕਲਾਸਰੂਮਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਰੂਮਾਂ ਵਿੱਚ ਨਵੀਂ ਤਰ੍ਹਾਂ ਦਾ ਫਰਨੀਚਰ ਦਿੱਤਾ ਜਾਵੇਗਾ ਤਾਂ ਕਿ ਅਧਿਆਪਕ ਹਰੇਕ ਵਿਦਿਆਰਥੀ ਦੀ ਕਾਰਗੁਜ਼ਾਰੀ ਨੂੰ ਧਿਆਨ ਨਾਲ ਦੇਖ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਇਕ ਹਜ਼ਾਰ ਨਵੇਂ ਕਲਾਸਰੂਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਦੇ ਜਥਿਆਂ ਨੂੰ ਦੇਸ਼ ਤੇ ਵਿਦੇਸ਼ਾਂ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਕਿ ਉਹ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸਿੱਖਿਆ ਖ਼ੇਤਰ ਵਿੱਚ ਵਿਸ਼ਵ ਭਰ ਵਿੱਚ ਚੱਲ ਰਹੀਆਂ ਆਧੁਨਿਕ ਕਵਾਇਦਾਂ ਬਾਰੇ ਅਧਿਆਪਕ ਜਾਣੂੰ ਹੋ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਭਰਨ ਲਈ ਉਨ੍ਹਾਂ ਨੂੰ ਇਸਰੋ ਤੇ ਹੋਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਦੇ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦਾ ਮੁਕੰਮਲ ਵਿਕਾਸ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦੇ ਯੋਗ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਵਿਆਪਕ ਮਾਪੇ-ਅਧਿਆਪਕ ਮਿਲਣੀ ਵਿੱਚ 19 ਲੱਖ ਤੋਂ ਵੱਧ ਮਾਪਿਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ।
ਅਧਿਆਪਕਾਂ ਨਾਲ ਭਾਵੁਕ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਅਧਿਆਪਕ ਦੀ ਸਮੱਸਿਆ ਹੱਲ ਕੀਤੀ ਜਾਵੇਗੀ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਉਪਰਾਲੇ ਕਰ ਰਹੀ ਹੈ। ਅਧਿਆਪਕਾਂ ਨੂੰ ਦਰਪੇਸ਼ ਸਾਰੇ ਮਸਲੇ ਹੱਲ ਕਰਨ ਦਾ ਵਾਅਦਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਦਾ ਪੁੱਤ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਖਜ਼ਾਨਾ ਲੋਕਾਂ ਲਈ ਹੈ ਅਤੇ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਅਧਿਆਪਕ ਦਿਵਸ ਮੌਕੇ ਉਨ੍ਹਾਂ ਨੇ ਠੇਕੇ ਉਤੇ ਰੱਖੇ ਸਾਰੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਤੇ ਤਸੱਲੀ ਹੋਈ ਸੀ ਕਿ ਮੁਲਾਜ਼ਮਾਂ ਦੇ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਜਾਵੇਗਾ ਅਤੇ ਹੁਣ ਸੂਬਾ ਸਰਕਾਰ ਨੇ ਸਾਰੀਆਂ ਕਾਨੂੰਨੀ ਤੇ ਪ੍ਰਸ਼ਾਸਕੀ ਰੁਕਾਵਟਾਂ ਖਤਮ ਕਰਕੇ 12710 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਨਾਲ-ਨਾਲ ਇਨ੍ਹਾਂ ਦੀ ਤਨਖਾਹ ਵਿਚ ਪੰਜ ਫੀਸਦੀ ਦਾ ਵਾਧਾ ਮਿਲੇਗਾ ਅਤੇ ਛੁੱਟੀਆਂ ਸਮੇਤ ਹੋਰ ਲਾਭ ਵੀ ਹਾਸਲ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਕੇਂਦਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਲਈ ਸਿਖਲਾਈ ਦੇਣਗੇ ਅਤੇ ਉਹ ਸੂਬੇ ਅਤੇ ਦੇਸ਼ ਵਿਚ ਵੱਕਾਰੀ ਅਹੁਦਿਆਂ ਉਤੇ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਆਪਣੇ ਨੌਜਵਾਨਾਂ ਨੂੰ ਉੱਚੇ ਅਹੁਦਿਆਂ ਉਤੇ ਸੇਵਾ ਕਰਨ ਦੇ ਯੋਗ ਬਣਾਉਣਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੜਕੀ ਤਾਲੀਮ ਹਾਸਲ ਕਰਨ ਤੋਂ ਵਾਂਝੀ ਨਾ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਸਕੂਲਾਂ ਵਿਚ ਲੜਕੀਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇਗੀ ਤਾਂ ਕਿ ਇਹ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਸਕਣ।
ਪਟਵਾਰੀਆਂ ਵੱਲੋਂ ਆਪਣੇ ਕੰਮ ਲਈ ਅੱਗੇ ਬੰਦੇ ਰੱਖਣ ਦੇ ਮੰਦਭਾਗੇ ਰੁਝਾਨ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਪਟਵਾਰੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਵੱਲੋਂ ਆਪਣੇ ਡਿਊਟੀ ਪ੍ਰਭਾਵੀ ਢੰਗ ਨਾਲ ਨਿਭਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत