LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼ਿਲਾਂਗ ’ਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ : ਬੀਬੀ ਜਗੀਰ ਕੌਰ

11 oct bibi jagir kaur

ਅੰਮ੍ਰਿਤਸਰ : ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ, ਇਸ ਲਈ ਸਰਕਾਰ ਨੂੰ ਹਠਧਰਮੀ ਛੱਡ ਕੇ ਸਿੱਖਾਂ ਨੂੰ ਖੁਸ਼ੀ ਖੁਸ਼ਹਾਲੀ ਆਪਣੇ ਪਿਤਾ ਪੁਰਖੀ ਘਰਾਂ ਵਿਚ ਵੱਸਦੇ ਰਹਿਣ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬੀ ਕਲੋਨੀ ਜਿਸ ਦਾ ਸਰਕਾਰ ਕਬਜ਼ਾ ਹਥਿਆਉਣਾ ਚਾਹੁੰਦੀ ਹੈ, ਇਹ ਸਿੱਖਾਂ ਨੇ ਹੀ ਆਬਾਦ ਕੀਤੀ ਹੈ। ਜੇਕਰ ਅੱਜ ਇਸ ਜ਼ਮੀਨ ਦੀ ਕੀਮਤ ਬਹੁਤ ਜ਼ਿਆਦਾ ਵੱਧ ਗਈ ਹੈ, ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਥੋਂ ਸਦੀਆਂ ਤੋਂ ਵੱਸਦੇ ਸਿੱਖਾਂ ਨੂੰ ਉਜਾੜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਤਾਂ ਇਹ ਹੈ ਕਿ 200 ਸਾਲ ਦੇ ਲਗਭਗ ਵਸੇਬਾ ਕਰਨ ਮਗਰੋਂ ਵੀ ਸਿੱਖਾਂ ਨੂੰ ਉਸ ਦੇ ਮਾਲਕਾਨਾਂ ਹੱਕ ਨਹੀਂ ਦਿੱਤੇ ਜਾ ਰਹੇ।

Also Read :ਜਲੰਧਰ : ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਕਈ ਝੁੱਗੀਆਂ ਸੜ੍ਹ ਕੇ ਸੁਆਹ

ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਦੌਰਾਨ ਸ਼ਿਲਾਂਗ ਦੇ ਸਿੱਖਾਂ ਦਾ ਉਜਾੜਾ ਰੋਕਣ ਲਈ ਸੰਜੀਦਾ ਯਤਨ ਕੀਤੇ ਗਏ ਹਨ ਅਤੇ ਇਸ ਨੂੰ ਲੈ ਕੇ ਸਿੱਖ ਸੰਸਥਾ ਅੱਜ ਵੀ ਸਿੱਖਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਥਾਨਕ ਸਿੱਖਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭੂ-ਮਾਫ਼ੀਆ ਦੇ ਦਬਾਅ ਵਿਚ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਬੇਇਨਸਾਫ਼ੀ ਵਿਰੁੱਧ ਹਰ ਪੱਧਰ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਵਿਚ ਸਿੱਖਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਕਰੀਬ ਤਿੰਨ ਸਾਲ ਪਹਿਲਾਂ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਸਮੇਂ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਮੇਘਾਲਿਆ ਜਾ ਕੇ ਸਿੱਖਾਂ ਦੀ ਮੱਦਦ ਕੀਤੀ ਸੀ। ਇਸ ਦੌਰਾਨ ਪੀੜਤ ਸਿੱਖਾਂ ਨੂੰ ਸਹਾਇਤਾ ਵੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਸਥਾਨਕ ਗੁਰਦੁਆਰਾ ਸਾਹਿਬ ਦੀ ਉਸਾਰੀ ਮੁਕੰਮਲ ਕਰਵਾਉਣ ਲਈ ਵੀ ਕਈ ਵਾਰ ਮਾਇਕ ਸਹਾਇਤਾ ਭੇਜੀ ਗਈ। ਉਨ੍ਹਾਂ ਕਿਹਾ ਕਿ ਅੱਜ ਵੀ ਸ਼੍ਰੋਮਣੀ ਕਮੇਟੀ ਮੇਘਾਲਿਆ ਦੇ ਸਿੱਖਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਉਜਾੜਨ ਦੀਆਂ ਜੋ ਖ਼ਬਰਾਂ ਮਿਲ ਰਹੀਆਂ ਹਨ, ਉਸ ਬਾਰੇ ਜਾਣਕਾਰੀ ਹਾਸਲ ਕਰਕੇ ਲੋੜ ਅਨੁਸਾਰ ਮੱਦਦ ਕਰੇਗੀ। ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਵੀ ਮੇਘਾਲਿਆ ਭੇਜਿਆ ਜਾਵੇਗਾ, ਜੋ ਉਥੇ ਦੀ ਸਰਕਾਰ ਅਤੇ ਪ੍ਰਸ਼ਾਸਨ ਨਾਲ ਰਾਬਤਾ ਬਣਾ ਕੇ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੈਰਵਾਈ ਕਰੇਗਾ। ਬੀਬੀ ਜਗੀਰ ਕੌਰ ਨੇ ਮੇਘਾਲਿਆ ਸਰਕਾਰ ਦੇ ਨਾਲ-ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਇਸ ਸਬੰਧ ਵਿਚ ਸਿੱਖਾਂ ਨਾਲ ਧੱਕਾ ਨਾ ਹੋਣ ਦਿੱਤਾ ਜਾਵੇ।

Also Read : SDM ਦੇ ਘਰ ਚੋਰੀ ਕਰਨ ਗਏ ਚੋਰਾਂ ਨੇ ਕੀਤਾ ਕੁਝ ਅਜਿਹਾ, ਦੇਖ ਕੇ ਸਭ ਦੇ ਉੱਡੇ ਹੋਸ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਜਿਸ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦੀ ਅੰਤਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀਨਗਰ ਵਿਖੇ 13 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਮ ਅਰਦਾਸ ਵਿਚ ਸ਼ਮੂਲੀਅਤ ਲਈ ਜਥੇਦਾਰ ਸਮੇਤ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਭਲਕੇ ਰਵਾਨਾ ਹੋਣਗੇ। ਇਸ ਦੌਰਾਨ ਉਹ ਸਿੱਖ ਪ੍ਰਤੀਨਿਧਾਂ ਨਾਲ ਮੁਲਾਕਾਤ ਕਰਕੇ ਖਿੱਤੇ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕਰਨਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪ੍ਰਿੰਸੀਪਲ ਦੀ ਹੱਤਿਆ ਨਾਲ ਸਿੱਖਾਂ ਅੰਦਰ ਰੋਸ ਦੀ ਭਾਵਨਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਥੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਦੇ ਪਰਿਵਾਰ ਨਾਲ ਉਨ੍ਹਾਂ ਨੇ ਫੋਨ ’ਤੇ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ ਅਤੇ ਪ੍ਰਚਾਰਕ ਨੇ ਨਿੱਜੀ ਤੌਰ ’ਤੇ ਜਾ ਕੇ ਅਫ਼ਸੋਸ ਪ੍ਰਗਟਾਇਆ ਹੈ।

In The Market