LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਡਿਜੀਟਾਈਜ਼ : ਐਡਵੋਕੇਟ ਧਾਮੀ

ki2536
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੇਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ ਜਿੱਥੇ ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਕੇਂਦਰ ਵੀ ਕਾਰਜਸ਼ੀਲ ਹੋਵੇਗਾ। ਇਸ ਦੇ ਨਾਲ ਹੀ ਅਮਰੀਕਾ ਦੇ ਯੂਬਾਸਿਟੀ ਵਿਖੇ ਵੀ ਧਰਮ ਪ੍ਰਚਾਰ ਕੇਂਦਰ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਹੈ।
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਵਰਗੀ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਬਾਸਿਟੀ ਵਿਖੇ 14.5 ਏਕੜ ਜਮੀਨ ਦਿੱਤੀ ਗਈ ਸੀ, ਜਿੱਥੇ ਧਰਮ ਪ੍ਰਚਾਰ ਕੇਂਦਰ ਬਣਾ ਕੇ ਗਤੀਵਿਧੀਆਂ ਅਰੰਭੀਆਂ ਜਾਣਗੀਆਂ। ਇਸ ਦੇ ਨਾਲ ਹੀ ਪਰਵਾਸੀ ਸਿੱਖ ਸ. ਗਿਆਨ ਸਿੰਘ ਸੰਧੂ ਕੈਨੇਡਾ ਅਤੇ ਉੱਘੇੇ ਕਾਰੋਬਾਰੀ ਸ. ਕਰਨੈਲ ਸਿੰਘ ਸੰਧੂ ਅਮਰੀਕਾ ਵੱਲੋਂ ਕੀਤੀ ਗਈ ਪੇਸ਼ਕਸ਼ ਅਨੁਸਾਰ ਕੈਲੇਫੋਰਨੀਆ ਦੇ ਟ੍ਰੇਸੀ ਵਿਖੇ ਵੀ ਸ਼੍ਰੋਮਣੀ ਕਮੇਟੀ ਦਾ ਇੱਕ ਕੇਂਦਰ ਸਥਾਪਤ ਕੀਤਾ ਜਾਵੇਗਾ। ਇਸ ਕੇਂਦਰ ਵਿਖੇ ਅਮਰੀਕਾ, ਕੈਨੇਡਾ ਦੀ ਸੰਗਤ ਵੱਲੋਂ ਪੁੱਜਦੀ ਮੰਗ ਅਨੁਸਾਰ ਪਾਵਨ ਸਰੂਪ ਮੁਹੱਈਆ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਵੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਇਨ੍ਹਾਂ ਦੋਹਾਂ ਕੇਂਦਰਾਂ ਵਿਚ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਜਾਣਗੇ ਅਤੇ ਸੰਗਤ ਨੂੰ ਧਾਰਮਿਕ ਸਾਹਿਤ ਵੀ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਸਟ੍ਰੇਲੀਆ ਵਿਖੇ ਸੰਗਤ ਦੀ ਮੰਗ ਅਨੁਸਾਰ ਵਿਸ਼ੇਸ਼ ਬੱਸ ਵਿਚ ਮਰਯਾਦਾ ਅਨੁਸਾਰ ਸੁਸ਼ੋਭਿਤ ਕਰਕੇ 220 ਪਾਵਨ ਸਰੂਪ ਸੁਮੰਦਰੀ ਜਹਾਜ ਰਾਹੀਂ ਭੇਜੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਸ਼ਵਭਰ ਦੀ ਸੰਗਤ ਵੱਲੋਂ ਪਾਵਨ ਸਰੂਪਾਂ ਦੀ ਵੱਡੀ ਮੰਗ ਦੇ ਮੱਦੇਨਜ਼ਰ ਇਹ ਫੈਸਲੇ ਕੀਤੇ ਗਏ ਹਨ।
ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਡਿਜੀਟਾਈਜ਼ ਕੀਤਾ ਜਾਵੇਗਾ ਅਤੇ ਇਸ ਲਾਇਬ੍ਰੇਰੀ ਦੀ ਇੱਕ ਵੱਖਰੀ ਵੈੱਬਸਾਈਟ ਤਿਆਰ ਕਰਕੇ ਉਸ ’ਤੇ ਅਹਿਮ ਪੁਸਤਕਾਂ ਦੇ ਸਿਰਲੇਖ ਅਤੇ ਤਤਕਰੇ ਨੂੰ ਪਾਇਆ ਜਾਵੇਗਾ। ਇਸ ਦਾ ਮੰਤਵ ਖੋਜਾਰਥੀਆਂ ਨੂੰ ਇਸ ਲਾਇਬ੍ਰੇਰੀ ਵਿਚ ਪਏ ਸਾਹਿਤਕ ਖਜਾਨੇ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਲੋੜ ਅਨੁਸਾਰ ਇੱਥੇ ਮੌਜੂਦ ਕਿਤਾਬਾਂ ਨੂੰ ਆਪਣੇ ਖੋਜ ਕਾਰਜਾਂ ਲਈ ਵਰਤ ਸਕਣ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਸੰਨ 1927 ’ਚ ਸਥਾਪਤ ਕੀਤੀ ਗਈ ਸੀ ਅਤੇ ਮੌਜੂਦਾ ਸਮੇਂ ਇਸ ਵਿਚ ਵੱਡੀ ਗਿਣਤੀ ਅਹਿਮ ਪੁਸਤਕਾਂ ਦੀ ਵੀ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕੇ ਅੰਤ੍ਰਿੰਗ ਕਮੇਟੀ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਇੱਕ ਮੁਹਿੰਮ ਵਿੱਢਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸ੍ਰੀ ਅੰਮ੍ਰਿਤਸਰ ਦੀ ਧਾਰਮਿਕ ਮਹੱਤਤਾ ਨੂੰ ਨਜ਼ਰਅੰਦਾਜ ਕਰਕੇ ਸ਼ਹਿਰ ਦੀ ਸਾਫ-ਸਫਾਈ ਰੱਖਣ ਅਤੇ ਹਰਿਆਵਲ ਬਚਾਉਣ ਵਿਚ ਫੇਲ੍ਹ ਸਾਬਤ ਹੋਈ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਇਸ ਦੇ ਚੌਗਿਰਦੇ ਨੂੰ ਖੂਬਸੂਰਤ ਤੇ ਹਰਿਆ ਭਰਿਆ ਬਣਾਉਣ ਲਈ ਕਾਰਜ ਕਰੇਗੀ। ਇਸ ਵਾਸਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਸਹਿਯੋਗ ਲਿਆ ਜਾਵੇਗਾ। 
ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸਿੱਖ ਇਤਿਹਾਸਕਾਰ ਸ. ਸਵਰਨ ਸਿੰਘ ਚੂਸਲੇਵੜ੍ਹ ਦੇ ਕੌਮੀ ਯੋਗਦਾਨ ਨੂੰ ਵੇਖਦਿਆਂ ਦੋਵਾਂ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਉਮਰਾਨੰਗਲ ਦੇ 21 ਸਾਲਾ ਸਿੱਖ ਨੌਜਵਾਨ ਅੰਮ੍ਰਿਤਬੀਰ ਸਿੰਘ ਵੱਲੋਂ ਉਂਗਲਾਂ ਦੇ ਭਾਰ ਇੱਕ ਮਿੰਟ ਵਿਚ 86 ਡੰਡ ਮਾਰ ਕੇ ਵਿਸ਼ਵ ਰਿਕਾਰਡ ਸਥਾਪਤ ਕਰਨ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 51,000 ਰੁਪਏ ਦੇ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਨਾਭਾ ਦਿਵਸ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ 9 ਸਤੰਬਰ 2023 ਨੂੰ ਵਿਸ਼ੇਸ਼ ਸਮਾਗਮ ਦੇ ਨਾਲ-ਨਾਲ ‘ਟਰੁੱਥ ਅਬਾਊਟ ਨਾਭਾ’ ਪੁਸਤਕ ਨੂੰ ਪੰਜਾਬੀ ਵਿਚ ਅਨੁਵਾਦ ਕਰਕੇ ਵੀ ਛਾਪਿਆ ਜਾਵੇਗਾ। ਉਨ੍ਹਾ ਇਹ ਵੀ ਜਾਣਕਾਰੀ ਦਿੱਤੀ ਕਿ ਪੁਰਾਤਨ ਅਹਿਮ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਿਤ ਕਰਨ ਦੇ ਕਾਰਜ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ, ਜਿਸ ਤਹਿਤ ਸ. ਕਪੂਰ ਸਿੰਘ ਸਾਚੀ ਸਾਖੀ ਦਾ ਨਵਾਂ ਐਡੀਸ਼ਨ ਛਾਪ ਕੇ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ’ਚ ਮੌਜੂਦ ਪੰਜਾਬ ਪੁਸਤਕਾਂ ਦੀ ਸੂਚੀ ਵੀ ਪ੍ਰਕਾਸ਼ਿਤ ਕੀਤੀ ਗਈ ਹੈ। 
 
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਰਕਾਰ ਦੀ ਨਾਮਜਦ ਹਰਿਆਣਾ ਗੁਰਦੁਆਰਾ ਕਮੇਟੀ (ਐਡਹਾਕ) ਦੇ ਅਹੁਦੇਦਾਰਾਂ ਵੱਲੋਂ ਬੀਤੇ ਦਿਨੀਂ ਗਾਲੀ ਗਲੋਚ ਕਰਕੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲੀ ਹਰਕਤ ਦੀ ਵੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪੰਜੋਖਰਾ ਸਾਹਿਬ ’ਚ ਬੀਤੇ ਦਿਨੀਂ ਹਰਿਆਣਾ ਕਮੇਟੀ ਦੀ ਇਕੱਤਰਤਾ ਦੌਰਾਨ ਅਹੁਦੇਦਾਰਾਂ ਵੱਲੋਂ ਇੱਕ ਦੂਜੇ ਵਿਰੁੱਧ ਵਰਤੀ ਗਈ ਭੱਦੀ ਸ਼ਬਦਾਵਲੀ ਅਤੇ ਗਾਲੀ ਗਲੋਚ ਨੇ ਵਿਸ਼ਵਭਰ ’ਚ ਵਸਦੀ ਸੰਗਤ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਇਸ ਹਰਕਤ ਨਾਲ ਸਿੱਧ ਹੋਇਆ ਹੈ ਕਿ ਹਰਿਆਣਾ ਸਰਕਾਰ ਦੇ ਇਹ ਅਹੁਦੇਦਾਰ ਗੁਰੂ ਘਰਾਂ ਦੇ ਪ੍ਰਬੰਧ ਸੁਚੱਜੇ ਤਰੀਕੇ ਨਾਲ ਚਲਾਉਣ ਵਿਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਹਰਕਤ ਮੁਆਫੀਯੋਗ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੂੰ ਗੁਰੂ ਘਰਾਂ ਦੀ ਸੇਵਾ ਸੰਭਾਲ ਕਰਨ ਦਾ ਕੋਈ ਹੱਕ ਨਹੀਂ ਹੈ। 
 
In The Market