LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਕਿਸਾਨੀ ਅੰਦੋਲਨ ਨੂੰ ਇਕ ਸਾਲ ਪੂਰਾ': ਵੱਡੀਆਂ ਘਟਨਾਵਾਂ ਜਿਨ੍ਹਾਂ ਨੇ ਹਿਲਾਈ ਖੇਤੀ ਕਾਨੂੰਨਾਂ ਦੀ ਨੀਂਹ

25np1

ਤਿੰਨ ਖੇਤੀ ਕਾਨੂੰਨਾਂ (Three Agricultural Laws) ਖ਼ਿਲਾਫ਼ ਚੱਲ ਰਿਹਾ ਕਿਸਾਨ ਅੰਦੋਲਨ (Farmer Protest) ਆਪਣੇ ਅੰਤਿਮ ਗੇੜ ਵਿਚ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਤਿੰਨੇ ਕਾਨੂੰਨ ਵਾਪਸ  ਲੈਣ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਦੇ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ (Parliament) 'ਚ ਕਾਨੂੰਨ ਰੱਦ (Repeal the law) ਨਹੀਂ ਹੁੰਦੇ ਉਦੋਂ ਤੱਕ ਕਿਸਾਨ ਧਰਨੇ ਉੱਤੇ ਡਟੇ ਰਹਿਣਗੇ।

ਆਓ ਜਾਣਦੇ ਹਾਂ ਕਿਸਾਨੀ ਅੰਦੋਲਨ ਨਾਲ ਜੁੜੀਆਂ ਉਨ੍ਹਾਂ ਵੱਡੀਆਂ ਘਟਨਾਵਾਂ ਬਾਰੇ, ਜਿਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਦੀ ਨੀਂਹ ਹਿਲਾ ਕੇ ਰੱਖ ਦਿੱਤੀ।

1. ਪੰਜਾਬ ਤੋਂ ਅੰਦੋਲਨ ਦੀ ਸ਼ੁਰੂਆਤ


ਕੋਰੋਨਾਵਾਇਰਸ ਮਹਾਮਾਰੀ ਦੌਰਾਨ ਭਾਰਤ ਸਰਕਾਰ ਨੇ 5 ਜੂਨ 2020 ਨੂੰ ਮੰਡੀਕਰਨ ਦੇ ਬਦਲਵੇਂ ਪ੍ਰਬੰਧ ਅਤੇ ਕਿਸਾਨੀ ਆਮਦਨ ਵਾਧੇ ਦੇ ਨਾਂ ਉੱਤੇ 3 ਨਵੇਂ ਖੇਤੀ ਆਰਡੀਨੈਂਸ ਲਿਆਂਦੇ। ਕੋਰੋਨਾ ਕਾਲ ਦੌਰਾਨ ਲੱਗੇ ਲਾਕਡਾਊਨ ਅਤੇ ਪੰਜਾਬ ਵਿਚਲੇ ਕਰਫ਼ਿਊ ਦੌਰਾਨ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਗੱਲ ਨਾ ਸੁਣੇ ਜਾਣ ਕਾਰਨ ਅਗਸਤ ਮਹੀਨੇ ਵਿਚ ਕਿਸਾਨ ਜਥੇਬੰਦੀਆਂ ਨੇ ਧਰਨੇ ਅਤੇ ਰੋਸ ਮੁਜ਼ਾਹਰੇ ਸ਼ੁਰੂ ਕਰ ਦਿੱਤੇ। 17 ਸਤੰਬਰ ਨੂੰ ਲੋਕ ਸਭਾ ਅਤੇ 20 ਸਿਤੰਬਰ ਨੂੰ ਰਾਜ ਸਭਾ ਵਿਚ ਜ਼ੁਬਾਨੀ ਵੋਟ ਰਾਹੀਂ ਬਿੱਲ ਪਾਸ ਕਰਵਾ ਦਿੱਤੇ ਗਏ। ਉੱਧਰ 19 ਸਤੰਬਰ ਨੂੰ ਲੁਧਿਆਣਾ ਵਿਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸਾਂਝਾ ਮੋਰਚਾ ਬਣਾਉਣ ਦਾ ਐਲਾਨ ਕਰ ਦਿੱਤਾ।

2. ਹਰਸਿਮਰਤ ਕੌਰ ਬਾਦਲ ਦਾ ਅਸਤੀਫਾ


17 ਸਤੰਬਰ 2020 ਨੂੰ ਸੰਸਦ 'ਚ ਬਿੱਲ ਪਾਸ ਹੋਣ ਦੌਰਾਨ ਨਰਿੰਦਰ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਅਕਾਲੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਹਰਸਿਮਰਤ ਕੌਰ ਨੇ ਇੱਕ ਟਵੀਟ ਰਾਹੀ ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕਰਦਿਆਂ ਲਿਖਿਆ ਸੀ, ''ਮੈਂ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿੱਲਾਂ ਦੇ ਖ਼ਿਲਾਫ਼ ਕੈਬਨਿਟ ਮੰਤਰੀ ਦਾ ਅਹੁਦਾ ਛੱਡ ਰਹੀ ਹਾਂ। ਕਿਸਾਨਾਂ ਦੀ ਭੈਣ ਅਤੇ ਧੀ ਵਜੋਂ ਉਨ੍ਹਾਂ ਨਾਲ ਖੜ੍ਹੇ ਹੋਣ ਵਿੱਚ ਮਾਣ ਮਹਿਸੂਸ ਕਰ ਰਹੀ ਹਾਂ।'' ਇਸ ਦੇ ਨਾਲ ਹੀ 27 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਆਪਣਾ ਗਠਜੋੜ ਵੀ ਤੋੜ ਲਿਆ।

3. 25-26 ਨਵੰਬਰ ਨੂੰ ਦਿੱਲੀ ਕੂਚ ਤੇ ਪੁਲਿਸ ਨਾਲ ਟੱਕਰ


26 ਨਵੰਬਰ 2020 ਦਾ ਦਿਨ ਕਿਸਾਨ ਅੰਦੋਲਨ ਦਾ ਸਭ ਤੋਂ ਅਹਿਮ ਦਿਨ ਕਿਹਾ ਜਾ ਸਕਦਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੰਜਾਬ, ਹਰਿਆਣਾ, ਯੂਪੀ, ਉਤਰਾਖੰਡ ਅਤੇ ਮੱਧ ਪ੍ਰਦੇਸ਼ ਤੋਂ ਕਿਸਾਨਾਂ ਨੇ ਦਿੱਲੀ ਵੱਲ ਚਾਲੇ ਪਾਏ। ਮੱਧ ਪ੍ਰਦੇਸ਼, ਕਰਨਾਟਕ, ਤੇਲੰਗਾਨਾ ਤੇ ਮਹਾਰਾਸ਼ਟਰਾ ਵਰਗੇ ਸੂਬਿਆਂ ਤੋਂ ਕਿਸਾਨ ਕੋਵਿਡ ਕਾਰਨ ਰੇਲ ਗੱਡੀਆਂ ਬੰਦ ਹੋਣ ਕਾਰਨ ਜਾਂ ਭਾਜਪਾ ਸਰਕਾਰਾਂ ਵਲੋਂ ਲਾਈਆਂ ਪਾਬੰਦੀਆਂ ਕਾਰਨ ਘੱਟ ਗਿਣਤੀ ਵਿੱਚ ਪਹੁੰਚੇ ਸਨ। ਪੰਜਾਬ ਦੇ ਕਿਸਾਨਾਂ ਨੂੰ 25-26 ਨਵੰਬਰ ਨੂੰ ਹਰਿਆਣਾ ਪੁਲਿਸ ਨੇ ਜ਼ਬਰੀ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੀ ਬੈਰੀਕੇਡਿੰਗ ਅਤੇ ਹੰਝੂ ਗੈਸ ਦੇ ਗੋਲੇ ਕਿਸਾਨਾਂ ਦਾ ਰਾਹ ਰੋਕ ਨਾ ਸਕੇ ਅਤੇ ਕਿਸਾਨ ਦਿੱਲੀ ਦੇ ਬਾਰਡਰਾਂ ਤੱਕ ਜਾ ਪਹੁੰਚੇ।

4. ਗੱਲਬਾਤ ਦੇ 11 ਨਾਕਾਮ ਗੇੜ


22 ਜਨਵਰੀ 2021 ਦਾ ਦਿਨ ਸਰਕਾਰ ਨਾਲ ਗੱਲਬਾਤ ਦੇ ਹਵਾਲੇ ਨਾਲ ਅਹਿਮ ਸਮਝਿਆ ਜਾ ਸਕਦਾ ਹੈ। ਇਸ ਦਿਨ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਦਾ ਆਖ਼ਰੀ 11ਵਾਂ ਗੇੜ ਸੀ। ਪਹਿਲਾਂ ਹਰ ਗੱਲਬਾਤ ਦੀ ਬੈਠਕ ਵਿੱਚੋਂ ਉੱਠਣ ਤੋਂ ਪਹਿਲਾਂ ਅਗਲੀ ਤਾਰੀਖ਼ ਤੈਅ ਕਰ ਲਈ ਜਾਂਦੀ ਸੀ। ਪਰ ਇਸ ਵਾਰ ਸਰਕਾਰ ਨੇ ਕਿਹਾ ਕਿ ਉਹ ਅੱਗੇ ਗੱਲਬਾਤ ਤਾਂ ਹੀ ਕਰੇਗੀ ਜੇਕਰ ਕਿਸਾਨ ਸਰਕਾਰ ਦੀ ਇਸ ਪੇਸ਼ਕਸ਼ ਨੂੰ ਮੰਨਣਗੇ। ਸਰਕਾਰ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਰੋਕਣ ਲਈ ਤਿਆਰ ਸੀ। ਐੱਮਐੱਸਪੀ ਅਤੇ ਕਾਨੂੰਨਾਂ ਦੀ ਪੜਚੋਲ ਲਈ ਕਮੇਟੀ ਦੇ ਗਠਨ ਦੀ ਪੇਸ਼ਕਸ਼ ਕਰ ਰਹੀ ਸੀ, ਪਰ ਕਿਸਾਨ ਆਗੂ ਤਿੰਨੇ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਉੱਤੇ ਅੜੇ ਰਹੇ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਇਸ ਤੋਂ ਵੱਧ ਹੋਰ ਆਫ਼ਰ ਨਹੀਂ ਕਰ ਸਕਦੀ। ਜੇਕਰ ਕਿਸਾਨ ਇਸ ਪੇਸ਼ਕਸ਼ ਨੂੰ ਸਵੀਕਾਰ ਕਰਨ ਤਾਂ ਅੱਗੇ ਗੱਲਬਾਤ ਹੋ ਸਕਦੀ ਹੈ।

5. 26 ਜਨਵਰੀ ਦੀ ਟਰੈਕਟਰ ਪਰੇਡ ਤੇ ਹਿੰਸਾ


ਸੰਯੁਕਤ ਕਿਸਾਨ ਮੋਰਚੇ ਨੇ 26 ਜਨਵਰੀ 2021 ਨੂੰ ਦਿੱਲੀ ਵਿਚ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ। ਸੰਯੁਕਤ ਮੋਰਚੇ ਅਤੇ ਦਿੱਲੀ ਪੁਲਿਸ ਵਿਚਾਲੇ ਰੂਟ ਵੀ ਤੈਅ ਹੋਇਆ, ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਰਿੰਗ ਰੋਡ ਉੱਤੇ ਟਰੈਟਕਰ ਮਾਰਚ ਕਰਨ ਦੀ ਜਿੱਦ ਕਾਰਨ ਮਾਹੌਲ ਖ਼ਰਾਬ ਕਰ ਬੈਠੇ। ਇਸ ਦਿਨ ਦਿੱਲੀ ਪੁਲਿਸ ਨਾਲ ਕਿਸਾਨਾਂ ਦੀਆਂ ਤਿੱਖੀਆਂ ਝੜਪਾਂ ਵੀ ਹੋਈਆਂ। 


6. ਅੰਦੋਲਨ ਖਦੇੜਨ ਦੀ ਨਾਕਾਮ ਕੋਸ਼ਿਸ਼ 


ਬਾਰਡਰਾਂ ਉੱਤੇ ਕਿਸਾਨਾਂ ਦੀ ਗਿਣਤੀ ਕੁਝ ਘਟਦਿਆਂ ਹੀ ਸਰਕਾਰ ਨੇ ਦਿੱਲੀ ਬਾਰਡਰਾਂ ਨੂੰ ਖ਼ਾਲੀ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ। ਸਰਕਾਰ ਨੇ ਇਸ ਮੁਹਿੰਮ ਦੀ ਸ਼ੁਰੂਆਤ 27 ਜਨਵਰੀ ਦੀ ਰਾਤ ਨੂੰ ਬਾਗਪਤ ਤੋਂ ਕੀਤੀ, ਜਿੱਥੇ ਯੂਪੀ ਪੁਲਿਸ ਨੇ ਕਿਸਾਨਾਂ ਦਾ ਇੱਕ ਛੋਟਾ ਧਰਨਾ ਰਾਤੀਂ ਜ਼ਬਰੀ ਚੁੱਕਵਾ ਦਿੱਤਾ। ਹਰਿਆਣਾ 'ਚ ਕਰਨਾਲ ਕੋਲ ਕਿਸਾਨਾਂ ਲਈ ਹਰਿਆਣਾ ਦੀ ਸਿੱਖ ਸੰਸਥਾ ਵੱਲੋਂ ਚਲਾਇਆ ਜਾ ਰਿਹਾ ਲੰਗਰ ਬੰਦ ਕਰਵਾ ਦਿੱਤਾ ਗਿਆ। 28 ਜਨਵਰੀ ਨੂੰ ਸਿੰਘੂ ਅਤੇ ਟਿਕਰੀ ਉੱਤੇ ਕਿਸਾਨੀ ਧਰਨਿਆਂ ਉੱਤੇ ਕੁਝ ਹਿੰਦੂ ਸੰਗਠਨਾਂ ਦੇ ਕਾਰਕੁਨਾਂ ਨੇ ਪੱਥਰਬਾਜ਼ੀ ਕੀਤੀ, ਇਸ ਵਿਚ ਬਚਾਅ ਲਈ ਅੱਗੇ ਆਏ ਕੁਝ ਕਿਸਾਨਾਂ ਨੂੰ ਹੀ ਹਿਰਾਸਤ 'ਚ ਲਿਆ ਗਿਆ।

ਗਾਜੀਪੁਰ ਬਾਰਡਰ ਉੱਤੇ ਕਿਸਾਨਾਂ ਨੂੰ ਉਠਾਉਣ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਗ੍ਰਿਫ਼ਤਾਰ ਕਰਨ ਲਈ ਭਾਰੀ ਗਿਣਤੀ 'ਚ ਪੁਲਿਸ ਫੋਰਸ ਪਹੁੰਚੀ। ਪਰ ਜਦੋਂ ਗ੍ਰਿਫਤਾਰੀ ਦੀ ਸਮਾਂ ਆਇਆ ਤਾਂ ਟਿਕੈਤ ਨੇ ਇਲਜ਼ਾਮ ਲਾਇਆ ਕਿ ਪੁਲਿਸ ਦੀ ਆੜ ਹੇਠ ਦੋ ਭਾਜਪਾ ਵਿਧਾਇਕ ਗੁੰਡਿਆਂ ਨਾਲ ਆਏ ਹਨ ਅਤੇ ਕਿਸਾਨਾਂ, ਖਾਸਕਰ ਸਿੱਖਾਂ ਨੂੰ ਨਿਸ਼ਾਨਾਂ ਬਣਾਉਣ ਦੀ ਕੋਸ਼ਿਸ਼ 'ਚ ਹਨ। ਉਨ੍ਹਾਂ ਕਿਹਾ ਕਿ ਜੋ ਵੀ ਹੋਵੇ ਉਹ ਗ੍ਰਿਫ਼ਤਾਰੀ ਨਹੀਂ ਦੇਣਗੇ ਅਤੇ ਕਿਸਾਨਾਂ ਨੂੰ ਛੱਡਕੇ ਨਹੀਂ ਜਾਣਗੇ। ਇਹ ਕਹਿੰਦਿਆਂ ਉਹ ਰੋ ਪਏ ਅਤੇ ਉਨ੍ਹਾਂ ਦੇ ਹੰਝੂ ਦੇਖ ਕੇ ਕੁਝ ਹੀ ਘੰਟਿਆਂ ਵਿਚ ਯੂਪੀ ਅਤੇ ਹਰਿਆਣਾ ਤੋਂ ਕਿਸਾਨ ਗਾਜ਼ੀਪੁਰ ਪਹੁੰਚ ਗਏ। ਇਸ ਤਰ੍ਹਾਂ ਅੰਦੋਲਨ 'ਚ ਮੁੜ ਕੇ ਜਾਨ ਪੈ ਗਈ ਅਤੇ ਅੰਦੋਲਨ ਮੁੜ ਖੜ੍ਹਾ ਹੋ ਗਿਆ।

7. ਕਿਸਾਨ ਪੰਚਾਇਤਾਂ ਅਤੇ ਵੋਟ ਕੀ ਚੋਟ


ਦਿੱਲੀ ਦੀਆਂ ਸਰਹੱਦਾਂ ਤੋਂ ਇਸ ਨੇ ਪੰਜਾਬ, ਹਰਿਆਣ, ਯੂਪੀ, ਰਾਜਸਥਾਨ, ਮੱਧ ਪ੍ਰਦੇਸ਼ ਸਣੇ ਕਈ ਹੋਰ ਰਾਜਾਂ ਵਿਚ ਕਿਸਾਨ ਪੰਚਾਇਤਾਂ ਦਾ ਸਿਲਸਿਲਾ ਸ਼ੁਰੂ ਹੋਇਆ। ਇਸ ਨਾਲ ਕਿਸਾਨ ਅੰਦੋਲਨ ਦਿੱਲੀ ਦੇ ਬਾਰਡਰਾਂ ਤੋਂ ਦੇਸ ਵਿਆਪੀ ਜਾਗੋ ਮੁਹਿੰਮ ਵਿਚ ਬਦਲ ਗਈ। ਇਸੇ ਦੌਰਾਨ ਪੱਛਮੀ ਬੰਗਾਲ ਸਣੇ ਕਈ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਆਇਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੰਗਾਲ ਜਿੱਤਣ ਲ਼ਈ ਆਪਣਾ ਵੱਕਾਰ ਦਾਅ ਉੱਤੇ ਲਾਇਆ ਹੋਇਆ ਸੀ। ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਹੋ ਰਹੀ ਸੀ। ਕਿਸਾਨਾਂ ਨੇ ਅੰਦੋਲਨ ਤੋਂ ਵੋਟ ਕੀ ਚੋਟ ਮੁਹਿੰਮ ਚਲਾਕੇ ਸੂਬਿਆਂ ਵਿਚ ਭਾਜਪਾ ਖ਼ਿਲਾਫ਼ ਮੁਹਿੰਮ ਚਲਾਈ। ਭਾਜਪਾ ਨੂੰ ਬੰਗਾਲ ਵਿਚ ਹਾਰ ਦੀ ਮੂੰਹ ਦੇਖਣਾ ਪਿਆ। ਉੱਧਰ ਕਿਸਾਨ ਮਹਾਪੰਚਾਇਤਾਂ ਨੇ ਸੂਬਿਆਂ ਵਿਚ ਕਿਸਾਨੀ ਅੰਦੋਲਨ ਦੀਆਂ ਜੜ੍ਹਾਂ ਹੋਰ ਗਹਿਰੀਆਂ ਕਰ ਦਿੱਤੀਆਂ। ਇਸੇ ਤਰ੍ਹਾਂ ਹਰਿਆਣਾ ਅਤੇ ਹਿਮਾਚਲ ਵਿਚ ਭਾਜਪਾ ਦੀਆਂ ਸਰਕਾਰਾਂ ਹੋਣ ਦੇ ਬਾਵਜੂਦ ਕੋਈ ਜ਼ਿਮਨੀ ਸੀਟ ਭਾਜਪਾ ਨਹੀਂ ਜਿੱਤ ਸਕੀ।

8. ਭਾਜਪਾ ਆਗੂਆਂ ਦਾ ਵਿਰੋਧ


ਭਾਜਪਾ ਆਗੂਆਂ ਦਾ ਕਿਸਾਨਾਂ ਨੇ ਘਰੋਂ ਨਿਕਲਣਾ ਬੰਦ ਕਰ ਦਿੱਤਾ। ਵੈਸੇ ਤਾਂ ਮੱਧ ਪ੍ਰਦੇਸ਼ ਵਿਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਆਪਣੇ ਹਲਕੇ ਵਿਚ ਹੀ ਵਿਰੋਧ ਹੋਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਕੇਂਦਰੀ ਮੰਤਰੀ ਸੰਜੀਵ ਬਾਲਿਆਨ ਦਾ ਵਿਰੋਧ ਮੀਡੀਆ ਦੀਆਂ ਸੁਰਖੀਆਂ ਬਣੇ। ਪਰ ਕਰਨਾਲ ਵਿਚ ਹਰਿਆਣ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਜੱਦੀ ਹਲਕੇ ਉਚਾਣਾ ਹੈਲੀਕਾਪਟਰ ਨਾ ਉਤਰਣ ਦੇਣਾ ਹਰਿਆਣਾ ਵਿਚ ਭਾਜਪਾ ਆਗੂਆਂ ਦੇ ਤਿੱਖੇ ਵਿਰੋਧ ਦੀਆਂ ਘਟਨਾਵਾਂ ਨੂੰ ਦਿਖਾਉਦਾ ਹੈ। ਪੰਜਾਬ ਵਿਚ ਵੀ ਤੀਕਸ਼ਣ ਸੂਦ ਦੇ ਘਰ ਅੱਗੇ ਗੋਹੇ ਦੀ ਟਰਾਲੀ ਲਾਹਣਾ, ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਕੱਪੜੇ ਪਾੜਣਾ ਸੂਬੇ ਵਿਚ ਭਾਜਪਾ ਆਗੂਆਂ ਦੇ ਵਿਰੋਧ ਦੀ ਅਹਿਮ ਘਟਨਾਵਾਂ ਹਨ। ਪੰਜਾਬ 'ਚ ਤਾਂ ਕਿਸਾਨਾਂ ਨੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਘੇਰ-ਘੇਰ ਕੇ ਸਵਾਲ ਪੁੱਛੇ ਅਤੇ ਪਿੰਡਾਂ ਵਿਚੋਂ ਭਜਾਇਆ। ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਸੀ ਕਿ ਕਿਸਾਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਲਬ ਕੀਤਾ ਅਤੇ ਚੋਣਾਂ ਦੇ ਐਲਾਨ ਤੱਕ ਚੋਣ ਪ੍ਰਚਾਰ ਬੰਦ ਕਰਨ ਲਈ ਕਿਹਾ।

9. ਲਖੀਮਪੁਰ ਖ਼ੀਰੀ ਹਿੰਸਾ ਕਾਂਡ


ਅਕਤੂਬਰ 3, 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਨੂੰ ਜੀਪ ਥੱਲੇ ਦਰੜ ਦਿੱਤਾ ਗਿਆ। ਇਸ ਘਟਨਾ ਦੌਰਾਨ ਕਿਸਾਨਾਂ ਉੱਤੇ ਕਥਿਤ ਤੌਰ 'ਤੇ ਪਿਛਿੱਓ ਗੱਡੀ ਚਾੜ੍ਹ ਦਿੱਤੀ ਗਈ ਅਤੇ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਭੜਕੀ ਹਿੰਸਾ ਵਿੱਚ 3 ਭਾਜਪਾ ਵਰਕਰ ਵੀ ਮਾਰੇ ਗਏ। ਮ੍ਰਿਤਕ ਕਿਸਾਨਾਂ ਨੂੰ 50-50 ਲੱਖ ਸਰਕਾਰੀ ਮੁਆਵਜ਼ਾ ਰਾਸ਼ੀ, ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਤੇ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਅਤੇ ਉਸਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਅਜੇ ਵੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਹਟਾਉਣ ਅਤੇ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਲਈ ਯੂਪੀ ਤੋਂ ਬਾਹਰਲੀ ਹਾਈ ਕੋਰਟ ਦੇ ਇੱਕ ਸੇਵਾ ਮੁਕਤ ਜੱਜ ਦੀ ਕੇਸ ਦੀ ਨਿਗਰਾਨੀ ਲਈ ਨਿਯੁਕਤੀ ਕੀਤੀ ਹੈ।


10. ਖ਼ੇਤੀ ਕਾਨੂੰਨ ਰੱਦ ਕਰਨ ਦਾ ਐਲਾਨ


19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਅਚਾਨਕ ਟੀਵੀ ਉੱਤੇ ਆਏ ਅਤੇ ਹੱਥ ਜੋੜ ਕੇ ਮੁਆਫੀ ਮੰਗੀ ਤੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਪ੍ਰਧਾਨ ਮੰਤਰੀ ਵਲੋਂ ਇੱਕਤਰਫ਼ਾ ਐਲਾਨ ਦਾ ਕਿਸਾਨਾਂ ਨੇ ਸਵਾਗਤ ਕੀਤਾ। ਇਸ ਦੇ ਅਗਲੇ ਗੇੜ ਵਿਚ ਕੇਂਦਰ ਦੀ ਕੈਬਨਿਟ ਨੇ 24 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਇਸ ਫੈਸਲੇ ਨੂੰ ਪ੍ਰਵਾਨ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਉੱਤੇ ਮਨਜ਼ੂਰੀ ਦੇ ਦਿੱਤੀ।

In The Market