LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ, 2 ਦਿਨ ਚੱਲੇਗਾ ਸਰਦ ਰੁੱਤ ਇਜਲਾਸ

sesion258964

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।

ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ

ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।

ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।

 

In The Market