ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧਾਂ ਨੂੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ।
ਹੋਰ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮੋਡਿਊਲ ਨਾਲ ਸਬੰਧਤ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।
ਇਸ ਸਬੰਧੀ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 13 ਮਿਤੀ 17/10/23 ਦਰਜ ਕੀਤੀ ਗਈ ਹੈ।