LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਡੇਂਗੂ ਨੂੰ ਲੈ ਕੇ ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਨਿਰੀਖਣ, ਮਿਲਿਆ ਲਾਰਵਾ

aa48769
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ ’ਹਰ ਸ਼ੁਕਰਵਾਰ, ਡੇਂਗੂ ’ਤੇ ਵਾਰ’ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਸਰੇ ਸ਼ੁਕਰਵਾਰ ਸੈਕਟਰ 39 ਸਥਿਤ ਆਪਣੇ ਕੈਬਨਿਟ ਸਾਥੀਆਂ ਦੀਆਂ ਰਿਹਾਇਸ਼ਾਂ, ਸਰਕਟ ਹਾਊਸ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਾਰਟੀ ਦਫ਼ਤਰ ਦਾ ਜ਼ਮੀਨੀ ਪੱਧਰ ’ਤੇ ਨਿਰੀਖਣ ਕੀਤਾ। 
ਜ਼ਿਕਰਯੋਗ ਹੈ ਕਿ ਡਾ. ਬਲਬੀਰ ਸਿੰਘ ਨੇ 4 ਅਗਸਤ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੇ ਹੌਟਸਪੌਟ ਦਿਖਾ ਕੇ ਜਾਗਰੂਕ ਕੀਤਾ ਸੀ।
ਸ਼ੁੱਕਰਵਾਰ ਨੂੰ ਆਪਣੇ ਇਸ ਦੌਰੇ ਦੌਰਾਨ, ਸਿਹਤ ਮੰਤਰੀ ਨੇ ਆਪਣੀ ਰਿਹਾਇਸ਼ ਦੇ ਨਾਲ ਨਾਲ 6 ਹੋਰ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਸਮੇਤ ਘੱਟੋ-ਘੱਟ 12 ਸਥਾਨਾਂ ਦੀ ਜਾਂਚ ਕੀਤੀ ਅਤੇ ਕੈਬਨਿਟ ਮੰਤਰੀਆਂ ਦੀਆਂ 7 ਰਿਹਾਇਸ਼ਾਂ ਵਿੱਚੋਂ ਪੰਜ ਵਿੱਚ ਲਾਰਵਾ ਪਾਇਆ ਗਿਆ। ਇਸ ਦੌਰਾਨ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਦੀ ਸਰਕਾਰੀ ਰਿਹਾਇਸ਼, ਸਰਕਟ ਹਾਊਸ ਅਤੇ ’ਆਪ’ ਪੰਜਾਬ ਦੇ ਪਾਰਟੀ ਦਫ਼ਤਰ ਦੀ ਵੀ ਜਾਂਚ ਕੀਤੀ।
ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿੱਚ ਕੂਲਰ, ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਾਨੂੰ ਡੇਂਗੂ ਦਾ ਲਾਰਵਾ ਲਗਭਗ ਹਰ ਥਾਂ ’ਤੇ ਮਿਲਿਆ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ ਕਿਉਂਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਜਿਸ ਨੂੰ ਮੱਛਰ ਬਣਨ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਨ ਨੂੰ ਰੋਕਣ ਲਈ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖੜ੍ਹੇ ਪਾਣੀ ਦੀ ਨਿਕਾਸੀ/ਫਲੱਸ਼ਿੰਗ ਕਰਨ ਲਈ ਪ੍ਰੇਰਿਤ ਕੀਤਾ।
ਸਿਹਤ ਮੰਤਰੀ ਨੇ ਘਰਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਵੀ ਡੇਂਗੂ ਦੇ ਲਾਰਵੇ ਦੇ ਖਾਤਮੇ ਵਿੱਚ ਸਹਾਈ ਹੋਣ ਵਾਲੇ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਇਸ ਨੂੰ ਜਨ ਪੱਧਰੀ ਮੁਹਿੰਮ ਬਣਾ ਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ ਜੋ ਭਾਈਚਾਰਕ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਦਾ ਹੈ। 
ਡੇਂਗੂ ਦੀ ਗੰਭੀਰਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਦਾ ਸਟ੍ਰੇਨ ਹੈਮਰੈਜਿਕ ਵਿੱਚ ਬਦਲ ਜਾਂਦਾ ਹੈ ਤਾਂ ਇਸ ਨਾਲ ਪਲੇਟਲੈਟਸ ਦੀ ਗਿਣਤੀ ਵਿੱਚ ਕਮੀ ਆ ਸਕਦੀ ਹੈ ਅਤੇ ਇਹ ਮਰੀਜ਼ ਨੂੰ ਗੰਭੀਰ ਰੂਪ ਵਿੱਚ ਪ੍ਰਭਾਵਿਤ ਕਰਦਾ ਹੈ ਅਤੇ ਘਾਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਵਿੱਚੋਂ ਹਰ ਕੋਈ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਅਸੀਂ ਖੁਦ ਨੂੰ ਅਜਿਹੇ ਨਤੀਜਿਆਂ ਤੋਂ ਬਚਾ ਸਕਦੇ ਹਾਂ।
 
In The Market