LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਹੋਣਗੇ ਤਿੰਨ ਰੋਜ਼ਾ ਪ੍ਰਦਰਸ਼ਨ

kisan58960000

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹਰਿੰਦਰ ਸਿੰਘ ਲੱਖੋਵਾਲ, ਜੁਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਨਵੰਬਰ ਤੋਂ 28 ਨਵੰਬਰ ਤੱਕ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਅੰਗ ਵਜੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਮੋਰਚੇ ਦੀਆਂ ਤਿਆਰੀਆਂ ਅਤੇ ਰੂਟ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਸਾਰੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ, ਕਿਸਾਨ ਅਤੇ ਬੀਬੀਆਂ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਰਾਹੀਂ ਚੰਡੀਗੜ੍ਹ ਪਹੁੰਚਣਗੇ। ਕਿਸਾਨ ਆਈਸਰ ਚੌਂਕ ਤੋਂ ਟ੍ਰਿਬਿਊਨ ਚੌਕ ਵਾਲੀ ਸੜਕ ਤੋਂ ਆਉਣਗੇ।
ਆਗੂਆਂ ਨੇ ਦੱਸਿਆ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਮੁਹਿੰਮ ਚਲਾ ਰਹੀਆਂ ਹਨ। ਟਰਾਲੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ। ਲੱਗਭੱਗ ਸਾਰੇ ਪੰਜਾਬ ਦੇ ਟਰੈਕਟਰ ਟਰਾਲੀਆਂ 25 ਨਵੰਬਰ ਨੂੰ ਹੀ ਚੰਡੀਗੜ੍ਹ ਵੱਲ ਰਵਾਨਾ ਹੋਣਗੇ।ਇਸ ਤਰਾਂ ਇੱਕ ਵਾਰ ਫੇਰ ਦਿੱਲੀ ਅੰਦੋਲਨ ਵਾਲਾ ਮਾਹੌਲ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀ ਕੀਤਾ ਜਾ ਸਕਦਾ। ਮੀਟਿੰਗ ਵਿੱਚ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪ੍ਰੈਸ ਕਮੇਟੀ, ਸੰਚਾਲਨ ਕਮੇਟੀ ਅਤੇ ਵੱਖ ਵੱਖ ਦਿਨਾਂ ਲਈ ਪ੍ਰਧਾਨਗੀ ਮੰਡਲ ਬਣਾਏ ਗਏ।
   ਕਿਸਾਨ ਆਗੂਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ, ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇਹ ਪ੍ਰਦਰਸ਼ਣ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕਰੇਗਾ ਕਿ ਸਾਰੀਆਂ ਫਸਲਾਂ ਦੀ ਐਮ ਐਸ ਪੀ ਸਵਾਮੀਨਾਥਨ ਕਮਿਸ਼ਨ ਦੀ ਫਾਰਮੂਲੇ ਅਨੁਸਾਰ ਸੀ-2+50% ਦੇ ਫਾਰਮੂਲੇ ਨਾਲ ਖ੍ਰੀਦ ਦੀ ਗਾਰੰਟੀ ਕਾਨੂੰਨ, ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜਾ ਰੱਦ ਕਰੋ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਉ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰ ਕੇ ਸਜ਼ਾ ਦਿਓ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਤੇ ਬਣਾਏ ਸਾਰੇ ਕੇਸ ਰੱਦ ਕਰੋ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ, ਨਿਊਜ਼ਕਲਿੱਕ ਖਿਲਾਫ ਦਰਜ ਕੀਤੀ ਐਫ ਆਈ ਆਰ ਰੱਦ ਕਰਨ ਅਤੇ ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ, ਪਬਲਿਕ ਸੈਕਟਰ ਬਹਾਲ ਕਰੋ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ।

 ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਐਸ ਕੇ ਐਮ ਨੇ  ਪੰਜਾਬ ਵਿੱਚ ਹੜਾਂ ਨਾਲ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਣ, ਝੋਨੇ ਤੋਂ ਖਹਿੜਾ ਛਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐਮ ਐਸ ਪੀ ਤੇ ਖਰੀਦ ਦੀ ਗਾਰੰਟੀ ਦੇਣ, ਕਿਸਾਨਾਂ ਦਾ ਸਾਰਾ ਕਰਜਾ ਰੱਦ ਕੀਤਾ ਜਾਵੇ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕੀਤਾ ਜਾਵੇ, ਆਬਾਦਕਾਰ ਕਿਸਾਨਾਂ ਤੋਂ ਜਮੀਨਾਂ ਖੋਹਣੀਆਂ ਬੰਦ ਕਰ ਕੇ ਉਹਨਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ, ਰੈਡ ਐਂਟਰੀਆਂ ਅਤੇ ਹੋਰ ਸਾਰੀਆਂ ਕਾਰਵਾਈਆਂ ਰੱਦ ਕੀਤੀਆਂ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ।

ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਦਾ ਮੰਗ ਪੱਤਰ ਗਵਰਨਰ ਪੰਜਾਬ ਨੂੰ ਦੇਣ ਲਈ ਕਿਸਾਨ ਚੰਡੀਗੜ੍ਹ ਆ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਉਪਰੋਕਤ ਮੰਗਾਂ ਮਨਵਾਉਣ ਲਈ ਵੀ ਜ਼ੋਰ ਪਾਉਣਗੇ। ਜੇਕਰ ਕਿਸਾਨਾਂ ਨੂੰ ਪਿੰਡਾਂ ਤੋਂ ਚੱਲਣ ਸਮੇਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਾਂ ਕੋਈ ਹੋਰ ਜ਼ਬਰ ਜਿਵੇਂ ਗਿਰਫਤਾਰੀਆਂ ਵਗੈਰਾ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰ ਨੂੰ ਕਿਸਾਨਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਤੋਂ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਮਨਜੀਤ ਸਿੰਘ ਧਨੇਰ, ਬੀਕੇਯੂ ਏਕਤਾ ਮਾਲਵਾ ਤੋਂ ਗੁਰਵਿੰਦਰ ਸਿੰਘ ਬੱਲ੍ਹੋ,ਬੀਕੇਯੂ ਪੰਜਾਬ ਤੋਂ ਸੁੱਖ ਗਿੱਲ ਮੋਗਾ,ਕਿਰਤੀ ਕਿਸਾਨ ਯੂਨੀਅਨ ਤੋਂ ਰਾਮਿੰਦਰ ਸਿੰਘ ਪਟਿਆਲਾ, ਕੌਮੀ ਕਿਸਾਨ ਯੂਨੀਅਨ ਤੋਂ ਬਿੰਦਰ ਸਿੰਘ ਗੋਲੇਵਾਲਾ, ਜਮਹੂਰੀ ਕਿਸਾਨ ਸਭਾ ਤੋਂ ਸਤਨਾਮ ਸਿੰਘ ਅਜਨਾਲਾ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਗੁਰਮੀਤ ਸਿੰਘ ਮਹਿਮਾ,ਕੁੱਲ ਹਿੰਦ ਕਿਸਾਨ ਫੈਡਰੇਸ਼ਨ ਤੋਂ ਕਿਰਨਜੀਤ ਸੇਖੋਂ, ਪੰਜਾਬ ਕਿਸਾਨ ਯੂਨੀਅਨ ਤੋਂ ਰੁਲਦੂ ਸਿੰਘ ਮਾਨਸਾ,ਬੀਕੇਯੂ ਡਕੌਂਦਾ ਤੋਂ ਬੂਟਾ ਸਿੰਘ ਬੁਰਜ ਗਿੱਲ,ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਤੋਂ ਬਲਦੇਵ ਸਿੰਘ ਨਿਹਾਲ ਗੜ੍ਹ,ਬੀਕੇਯੂ ਲੱਖੋਵਾਲ ਤੋਂ ਹਰਿੰਦਰ ਸਿੰਘ ਲੱਖੋਵਾਲ, ਮਹਿਲਾ ਕਿਸਾਨ ਯੂਨੀਅਨ ਤੋਂ ਰਾਜਵਿੰਦਰ ਕੌਰ,ਕਿਸਾਨ ਮਾਝਾ ਸੰਘਰਸ਼ ਕਮੇਟੀ ਗੁਰਪ੍ਰੀਤ ਸਿੰਘ ਬੋਪਾਰਾਏ,ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਤੋਂ ਅਮੋਲਕ ਸਿੰਘ ਤਰਨਤਾਰਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਹਰਮੀਤ ਸਿੰਘ ਕਾਦੀਆਂ,ਕੁਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਬਸੰਤ ਅਤੇ ਕਿਰਤੀ ਕਿਸਾਨ ਮੋਰਚਾ ਦੇ ਜਗਮਨਦੀਪ ਸਿੰਘ ਪੜੀ ਸਮੇਤ ਹੋਰ ਵੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

In The Market