LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਅੱਜ ਦਾ ਦਿਨ ਬੜਾ ਔਖਾ ਪੁੱਤ', ਸਿੱਧੂ ਮੂਸੇਵਾਲੇ ਦੀ ਦੂਜੀ ਬਰਸੀ ਉਤੇ ਮਾਂ ਤੇ ਪਿਤਾ ਦੇ ਭਾਵੁਕ ਬੋਲ, ਰੁਵਾ ਦੇਵੇਗੀ 'ਕੱਲੀ 'ਕੱਲੀ ਗੱਲ

sidhu with parents news

ਮਾਨਸਾ : 29 ਮਈ 2022 ਅਜਿਹਾ ਮੰਦਭਾਗਾ ਦਿਨ ਸੀ ਜਦੋਂ ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਅੱਜ ਸਿੱਧੂ ਮੂਸੇਵਾਲਾ ਨੂੰ ਸੰਸਾਰ ਵਿਚੋਂ ਗਏ ਨੂੰ ਪੂਰੇ 2 ਸਾਲ ਹੋ ਗਏ ਹਨ। ਅੱਜ ਮਰਹੂਮ ਗਾਇਕ ਦੀ ਦੂਜੀ ਬਰਸੀ ਹੈ। ਇਸ ਮੌਕੇ ਮਾਤਾ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਬੇਹੱਦ ਭਾਵੁਕ ਪੋਸਟਾਂ ਸਾਂਝੀਆਂ ਕੀਤੀਆਂ ਹਨ। ਮਾਤਾ ਚਰਨ ਕੌਰ ਨੇ ਪੋਸਟ ਵਿਚ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ 'ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ 2 ਸਾਲਾਂ ਤੋਂ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਲਈ ਅੱਜ ਦਾ ਦਿਨ ਬੜਾ ਔਖਾ ਹੈ।
ਚਰਨ ਕੌਰ ਨੇ ਇੰਸਟਾਗ੍ਰਾਮ 'ਤੇ ਪੋਸਟ ਵਿਚ ਲਿਖਿਆ ,"ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ। ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ 'ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ, ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ, ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ। ਬੇਟਾ ਮੈਂ ਤੇ ਤੁਹਾਡੇ ਬਾਪੂ ਜੀ, ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ। ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ 'ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ। ਅੱਜ ਦਾ ਦਿਨ ਬੜਾ ਔਖਾ ਪੁੱਤ।"


ਉਧਰ, ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਉਸ ਲਈ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਨ੍ਹਾਂ ਲਿਖਿਆ ਹੈ ਕਿ 2 ਸਾਲ ਬੀਤਣ ਤੋਂ ਬਾਅਦ ਵੀ ਨਿਆਂ ਇਕ ਧੁੰਦਲੀ ਉਮੀਦ ਬਣਿਆ ਹੋਇਆ ਹੈ। 

ਨਹੀਂ ਕੀਤਾ ਜਾਵੇਗਾ ਵੱਡਾ ਇਕੱਠ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਸੀ ਪਰ ਇਸ ਵਾਰ ਅਜਿਹਾ ਕੋਈ ਸਮਾਗਮ ਨਹੀਂ ਕਰਵਾਇਆ ਜਾਵੇਗਾ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹਿਣਗੇ ਤੇ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ। 

In The Market