LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Vigilance News: ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵਲੋਂ 288 ਮੁਲਜ਼ਮ ਗ੍ਰਿਫ਼ਤਾਰ

vijila58966636

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251 ਟਰੈਪ ਕੇਸਾਂ, ਅਪਰਾਧਿਕ ਮਾਮਲਿਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸਾਂ ਵਿੱਚ 288 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।  ਉਕਤ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿੱਚ 66 ਪੁਲਿਸ ਕਰਮਚਾਰੀਆਂ ਅਤੇ 44 ਮਾਲ ਅਧਿਕਾਰੀਆਂ/ਕਰਮਚਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਵਿੱਚ 7 ਰਾਜਨੀਤਿਕ ਆਗੂਆਂ ਅਤੇ 70 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਇਸ ਸਾਲ ਦੌਰਾਨ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਰਿਸ਼ਵਤ ਲੈਣ ਵਾਲਿਆਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਬਹੁ-ਪੱਖੀ ਪਹੁੰਚ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅਣਥੱਕ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਹਰੇਕ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ 'ਤੇ ਡਟ ਕੇ ਪਹਿਰਾ ਦਿੱਤਾ ਤੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਕੀਤੇ।

ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬਿਊਰੋ ਨੇ 103 ਅਪਰਾਧਿਕ ਅਤੇ 15 ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਦਰਜ ਕੀਤੇ ਹਨ। ਇਸ ਮਿਆਦ ਦੇ ਅੰਦਰ ਵੱਖ ਵੱਖ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ 33 ਕੇਸਾਂ ਦਾ ਫੈਸਲਾ ਕੀਤਾ ਜਿਸ ਦੇ ਨਤੀਜੇ ਵਜੋਂ 43 ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ। ਵਿਜੀਲੈਂਸ ਨੇ ਇਸ ਸਮੇਂ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 181 ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23-03-2022 ਤੋਂ ਆਰੰਭੀ ਗਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੂੰ 26-12-2023 ਤੱਕ ਆਡੀਓ-ਵੀਡੀਓ ਰਿਕਾਰਡਿੰਗਾਂ ਦੇ ਸਬੂਤਾਂ ਸਮੇਤ 11,074 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 5740 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ ਅਤੇ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਤਾਂ ਜੋ ਇਨ੍ਹਾਂ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਜੀਲੈਂਸ ਰੇਂਜਾਂ ਦੁਆਰਾ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ 124 ਐਫਆਈਆਰਜ਼ ਵਿੱਚ 151 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਵੱਖ-ਵੱਖ ਟਰੈਪ ਕੇਸਾਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵੱਲੋਂ ਦਰਜ ਕੀਤੇ ਗਏ ਕੁਝ ਖਾਸ ਕੇਸਾਂ ਬਾਰੇ ਦੱਸਿਆ ਕਿ ਸਾਲ 2023 ਦੌਰਾਨ ਵਿਜੀਲੈਂਸ ਬਿਓਰੋ ਰੇਂਜ ਬਠਿੰਡਾ ਵੱਲੋਂ ਬਲਜੀਤ ਸਿੰਘ ਬਰਾੜ, ਡੀ.ਐਸ.ਪੀ, ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ, ਅਮਿਤ ਰਤਨ, ਵਿਧਾਇਕ, ਬਠਿੰਡਾ ਦਿਹਾਤੀ ਨੂੰ 4,00,000 ਰੁਪਏ ਰਿਸ਼ਵਤ ਲੈਂਦਿਆਂ, ਆਰ.ਕੇ. ਗੁਪਤਾ, ਸੁਪਰਡੈਂਟ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੋਹਾਲੀ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਵਿਜੀਲੈਂਸ ਰੇਂਜ ਜਲੰਧਰ ਵੱਲੋਂ ਸਰਤਾਜ ਸਿੰਘ ਰੰਧਾਵਾ ਕਾਰਜਕਾਰੀ ਇੰਜਨੀਅਰ ਮਾਈਨਿੰਗ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਰਜਿੰਦਰ ਸਿੰਘ ਐਸ.ਡੀ.ਓ, ਮਾਈਨਿੰਗ, ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਅਤੇ ਸਰਬਜੀਤ ਸਿੰਘ ਐਸ.ਡੀ.ਓ ਮਾਈਨਿੰਗ ਅਤੇ ਹੋਰਾਂ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਤਾਇਨਾਤ ਐਸਐਮਓ ਡਾ. ਪੂਨਮ ਗੋਇਲ ਅਤੇ ਡਾ. ਗੌਰਵ ਜੈਨ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿਜੀਲੈਂਸ ਰੇਂਜ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਅਮਰਜੀਤ ਕੁਮਾਰ, ਸਹਾਇਕ ਇੰਜੀਨੀਅਰ (ਵਾਧੂ ਚਾਰਜ ਪੰਚਾਇਤ ਵਿਭਾਗ, ਰਾਜਪੁਰਾ) ਨੂੰ  2,00,000 ਰੁਪਏ ਅਤੇ ਮਨੀਸ਼ ਕੁਮਾਰ ਜਿੰਦਲ, ਵਧੀਕ ਸੁਪਰਡੈਂਟ ਇੰਜੀਨੀਅਰ, ਸਬ-ਡਵੀਜ਼ਨ ਪੀ.ਐਸ.ਪੀ.ਸੀ.ਐਲ. ਲਹਿਰਾ ਗਾਗਾ, ਸੰਗਰੂਰ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਯੂਨਿਟ ਵੱਲੋਂ ਵਿਪਨ ਕੁਮਾਰ ਸ਼ਰਮਾ, ਬੀ.ਡੀ.ਪੀ.ਓ., ਬਲਾਕ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ 15,000 ਰੁਪਏ ਰਿਸ਼ਵਤ ਲੈਣ, ਜਦਕਿ ਪੰਜਾਬ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ਅਥਾਰਟੀ (ਪੁੱਡਾ), ਅੰਮ੍ਰਿਤਸਰ ਦੇ ਕਾਰਜਕਾਰੀ ਇੰਜਨੀਅਰ ਗੁਰਪ੍ਰੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ।

In The Market