ਸਰਹੰਦ : ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਅੱਜ ਸਰਹੰਦ ਰੇਲਵੇ ਸਟੇਸ਼ਨ ਵਿਖੇ ਮੋਰਚੇ ਵੱਲੋਂ ਰੇਲਾਂ ਦਾ ਚੱਕਾ ਜਾਮ ਕਰਕੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੇਲ ਰੋਕੋ ਪ੍ਰੋਗਰਾਮ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਇਹ ਵਿਰੋਧ ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 2 ਵਜੇ ਤੱਕ ਜਾਰੀ ਰਿਹਾ। ਤਿੰਨ ਘੰਟੇ ਚੱਲੇ ਇਸ ਚੱਕਾ ਜਾਮ ਕਾਰਨ ਰੇਲਵੇ ਟ੍ਰੈਕ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਇਹ ਕਦਮ ਸੁੱਤੀਆਂ ਹੋਈਆਂ ਸਰਕਾਰਾਂ ਨੂੰ ਜਗਾਉਣ ਲਈ ਚੁੱਕਿਆ ਗਿਆ ਹੈ, ਤਾਂ ਜੋ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ਼ ਮਿਲ ਸਕੇ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ‘ਸ਼ੇਰੇ ਪੰਜਾਬ ਕਿਸਾਨ ਯੂਨੀਅਨ’ ਦੇ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਸਮੇਤ ਹੋਰਨਾਂ ਆਗੂਆਂ ਨੇ ਸਰਕਾਰਾਂ ਦੀ ਨੀਤੀ ‘ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਆਖਿਆ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਮਨੁੱਖੀ ਅਧਿਕਾਰਾਂ ਦਾ ਸ਼ਰੇਆਮ ਉਲੰਘਣ ਹੈ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਵੱਲ ਜਲਦ ਕੋਈ ਸਾਰਥਕ ਕਦਮ ਨਾ ਪੁੱਟਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਅਤੇ ਵਿਆਪਕ ਰੂਪ ਦਿੱਤਾ ਜਾਵੇਗਾ।



