ਬਠਿੰਡਾ : ਸੁਪਰੀਮ ਕੋਰਟ ਦੇ ਨਾਮਵਰ ਐਡਵੋਕੇਟ ਅਤੇ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਐਚ.ਐਸ. ਫੁਲਕਾ ਅੱਜ ਬਠਿੰਡਾ ਦੇ ਮੌੜ ਮੰਡੀ ਇਲਾਕੇ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ, ਉੱਥੇ ਹੀ ਪੰਜਾਬ ਦੀ ਮੌਜੂਦਾ ਸਿਆਸਤ ਅਤੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿਆਸਤ ਵਿੱਚ ਵਾਪਸੀ ਦਾ ਮੁੱਖ ਮਕਸਦ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੀ ਰਾਹ ‘ਤੇ ਪਾਉਣਾ ਹੈ।
‘1984 ਦੇ ਕਾਤਲਾਂ ਨੂੰ ਸਜ਼ਾ ਦਵਾਉਣ ਲਈ ਤਿਆਗੀ ਸੀ ਸਿਆਸਤ’
ਆਪਣੇ ਅਸਤੀਫ਼ੇ ਦੇ ਪੁਰਾਣੇ ਘਟਨਾਕ੍ਰਮ ਨੂੰ ਯਾਦ ਕਰਦਿਆਂ ਫੁਲਕਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਅਤੇ ਫਿਰ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਉਨ੍ਹਾਂ ਨੇ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ ਸੀ। ਉਨ੍ਹਾਂ ਕਿਹਾ ਕਿ, “ਬਾਰ ਐਸੋਸੀਏਸ਼ਨ ਨੇ ਮੇਰੇ ਸਾਹਮਣੇ ਸ਼ਰਤ ਰੱਖੀ ਸੀ ਕਿ ਜਾਂ ਤਾਂ ਮੈਂ 1984 ਦੇ ਕੇਸ ਲੜਾਂ ਜਾਂ ਰਾਜਨੀਤੀ ਕਰਾਂ। ਮੇਰੇ ਲਈ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸਿਆਸੀ ਅਹੁਦਿਆਂ ਤੋਂ ਕਿਤੇ ਜ਼ਿਆਦਾ ਜ਼ਰੂਰੀ ਸੀ।” ਹੁਣ ਜਦੋਂ ਬਹੁਤ ਦੋਸ਼ੀਆਂ ਨੂੰ ਸਜ਼ਾ ਮਿਲ ਚੁੱਕੀ ਹੈ, ਤਾਂ ਉਹ ਪੰਜਾਬ ਦੀ ਸੇਵਾ ਲਈ ਮੁੜ ਮੈਦਾਨ ਵਿੱਚ ਨਿਤਰੇ ਹਨ।
ਬੇਅਦਬੀ ਮਾਮਲੇ ‘ਤੇ ਪੰਜਾਬ ਸਰਕਾਰ ‘ਤੇ ਵੱਡੇ ਇਲਜ਼ਾਮ
ਐਚ.ਐਸ. ਫੁਲਕਾ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਬਿੱਲ ਦਾ ਸਵਾਗਤ ਤਾਂ ਕੀਤਾ, ਪਰ ਨਾਲ ਹੀ ਸਰਕਾਰ ਦੀ ਨੀਅਤ ‘ਤੇ ਸ਼ੱਕ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਬੇਅਦਬੀ ਦੇ ਕੇਸ ਦੂਜੇ ਰਾਜਾਂ ਵਿੱਚ ਟ੍ਰਾਂਸਫਰ ਕੀਤੇ ਜਾ ਰਹੇ ਹਨ, ਪਰ ਰਾਜ ਸਰਕਾਰ ਵੱਲੋਂ ਇਸ ਦਾ ਕੋਈ ਪੁਰਜ਼ੋਰ ਵਿਰੋਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਸ਼ਾਇਦ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਵਿੱਚ ਗੰਭੀਰ ਨਹੀਂ ਹੈ।
‘ਕੇਂਦਰ ਨਾਲ ਤਾਲਮੇਲ ਬਿਨਾਂ ਪੰਜਾਬ ਦੀ ਤਰੱਕੀ ਅਸੰਭਵ’
ਭਾਜਪਾ ਵਿੱਚ ਸ਼ਾਮਲ ਹੋਣ ਦੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਸ੍ਰੀ ਫੁਲਕਾ ਨੇ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਕੇਂਦਰ ਸਰਕਾਰ ਨਾਲ ਮਜ਼ਬੂਤ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁਤਾਬਕ, ਸੂਬੇ ਦੇ ਵਿਕਾਸ ਅਤੇ ਵੱਡੇ ਮਸਲਿਆਂ ਦੇ ਹੱਲ ਲਈ ਕੇਂਦਰ ਦੀ ਭੂਮਿਕਾ ਅਹਿਮ ਹੈ, ਇਸੇ ਲਈ ਉਨ੍ਹਾਂ ਨੇ ਭਾਜਪਾ ਰਾਹੀਂ ਲੋਕਾਂ ਦੀ ਸੇਵਾ ਕਰਨ ਦਾ ਰਾਹ ਚੁਣਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਿੱਤਾਂ ਲਈ ਕੇਂਦਰ ਕੋਲ ਜ਼ੋਰਦਾਰ ਆਵਾਜ਼ ਉਠਾਉਣਗੇ।



