ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ E.T.O ਨੇ ਐਲਾਨ ਕੀਤਾ ਹੈ ਕਿ ਸਰਕਾਰ ਨੇ 30 ਜੂਨ ਤੱਕ ਪੂਰੇ ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਨੂੰ ਮੁਕੰਮਲ ਕਰਨ ਦਾ ਵੱਡਾ ਟੀਚਾ ਮਿੱਥਿਆ ਹੈ।
ਬੈਚ ਹੌਟ ਮਿਕਸ ਪਲਾਂਟ ਦਾ ਦੌਰਾ ਅਤੇ ਸਮੀਖਿਆ
ਸੜਕ ਨਿਰਮਾਣ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਗੁਣਵੱਤਾ ਦੀ ਜਾਂਚ ਕਰਨ ਲਈ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇੱਕ ਬੈਚ ਹੌਟ ਮਿਕਸ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਲਾਂਟ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ। ਮੰਤਰੀ ਨੇ ਦੱਸਿਆ ਕਿ ਇਸ ਪਲਾਂਟ ਦੀ ਸਮਰੱਥਾ ਪ੍ਰਤੀ ਦਿਨ 800 ਟਨ ਹੈ ਅਤੇ ਪੂਰੇ ਪੰਜਾਬ ਵਿੱਚ ਅਜਿਹੇ ਕਰੀਬ 100 ਪਲਾਂਟ ਨਿਰੰਤਰ ਕੰਮ ਕਰ ਰਹੇ ਹਨ, ਜੋ ਸੂਬੇ ਦੇ ਸੜਕੀ ਨੈੱਟਵਰਕ ਨੂੰ ਨਵੀਂ ਦਿਸ਼ਾ ਦੇ ਰਹੇ ਹਨ।
ਮਾਨਸੂਨ ਤੋਂ ਪਹਿਲਾਂ ਕੰਮ ਮੁਕੰਮਲ ਕਰਨ ਦੇ ਹੁਕਮ
ਮੰਤਰੀ ਈ.ਟੀ.ਓ. ਨੇ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਸੜਕ ਨਿਰਮਾਣ ਦੇ ਕੰਮਾਂ ਨੂੰ ਹੋਰ ਰਫਤਾਰ ਦਿੱਤੀ ਜਾਵੇ। ਉਨ੍ਹਾਂ ਪਲਾਂਟ ਦੇ ਅਧਿਕਾਰੀਆਂ ਨੂੰ ਸਵੇਰੇ ਜਲਦੀ ਕੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ ਸੜਕਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਵਸਨੀਕਾਂ ਨੂੰ ਆਵਾਜਾਈ ਲਈ ਬਿਹਤਰ ਅਤੇ ਸੁਰੱਖਿਅਤ ਸੜਕੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ।



