ਬਰਨਾਲਾ: ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਵਰਕਰਾਂ ਨੇ ਅੱਜ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਭਰ ਦੇ 27 ਡਿਪੂਆਂ ‘ਤੇ ਮੁਲਾਜ਼ਮਾਂ ਨੇ ਦੋ ਘੰਟੇ ਦੀ ‘ਅਲਰਟ ਗੇਟ ਰੈਲੀ’ ਕਰਕੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕੱਚੇ ਮੁਲਾਜ਼ਮ ਪੱਕੇ ਕਰਨ
ਯੂਨੀਅਨ ਦੇ ਆਗੂਆਂ ਨੇ ਸਰਕਾਰ ਅੱਗੇ ਸਪੱਸ਼ਟ ਮੰਗਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 15-18 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਕੰਟਰੈਕਟ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਇਸ ਤੋਂ ਇਲਾਵਾ, ਵਿਭਾਗ ਵਿੱਚ ਚਲਾਈ ਜਾ ਰਹੀ ‘ਕਿਲੋਮੀਟਰ ਸਕੀਮ’ ਤਹਿਤ ਪ੍ਰਾਈਵੇਟ ਬੱਸਾਂ ਨੂੰ ਸ਼ਾਮਲ ਕਰਨਾ ਤੁਰੰਤ ਬੰਦ ਕੀਤਾ ਜਾਵੇ। ਮੁਲਾਜ਼ਮਾਂ ਨੇ ਜੇਲ੍ਹਾਂ ਵਿੱਚ ਬੰਦ ਆਪਣੇ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਵੀ ਜ਼ੋਰ-ਸ਼ੋਰ ਨਾਲ ਉਠਾਈ।
‘ਬਦਲਾਅ‘ ਦੇ ਨਾਂ ‘ਤੇ ਹੋ ਰਿਹਾ ਧੱਕਾ: ਸੁਖਪਾਲ ਸਿੰਘ
ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ PRTC ਵਰਕਰ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ, “ਅਸੀਂ ਬੱਸਾਂ ਦੀਆਂ ਛੱਤਾਂ ‘ਤੇ ਚੜ੍ਹ ਕੇ ਲੋਕਾਂ ਨੂੰ ‘ਬਦਲਾਅ’ ਲਈ ਜਾਗਰੂਕ ਕੀਤਾ ਸੀ, ਪਰ ਸਾਨੂੰ ਨਹੀਂ ਪਤਾ ਸੀ ਕਿ ਇਹ ਬਦਲਾਅ ਇੰਨਾ ਮਾੜਾ ਹੋਵੇਗਾ। ਅੱਜ ਹਾਲਾਤ ਇਹ ਹਨ ਕਿ ਜੇਕਰ ਕੋਈ ਆਪਣੇ ਹੱਕਾਂ ਲਈ ਬੋਲਦਾ ਹੈ ਤਾਂ ਉਸ ‘ਤੇ ਕੇਸ ਦਰਜ ਕਰ ਦਿੱਤੇ ਜਾਂਦੇ ਹਨ।” ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਹੁਣ ਤੱਕ ਸਰਕਾਰ ਨਾਲ 50 ਤੋਂ 55 ਮੀਟਿੰਗਾਂ ਕਰ ਚੁੱਕੇ ਹਨ, ਪਰ ਹਰ ਵਾਰ ਉਨ੍ਹਾਂ ਨੂੰ ਸਿਰਫ਼ ਲਾਰੇ ਹੀ ਮਿਲੇ ਹਨ।
ਸਰਕਾਰੀ ਅਦਾਰਿਆਂ ਨੂੰ ਬਚਾਉਣ ਦੀ ਲੜਾਈ
ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਤਨਖਾਹਾਂ ਦੀ ਨਹੀਂ, ਸਗੋਂ ਸਰਕਾਰੀ ਟ੍ਰਾਂਸਪੋਰਟ ਅਦਾਰੇ ਨੂੰ ਨਿੱਜੀਕਰਨ ਤੋਂ ਬਚਾਉਣ ਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖੁਦ ਕਹਿੰਦੇ ਹਨ ਕਿ ‘ਸਵਾਲ ਪੁੱਛੋ’, ਪਰ ਜਦੋਂ ਮੁਲਾਜ਼ਮ ਸਵਾਲ ਪੁੱਛਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਂਦਾ ਹੈ।
9 ਜਨਵਰੀ ਨੂੰ ਸੰਗਰੂਰ ਵਿੱਚ ਹੋਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਆਪਣੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਯੂਨੀਅਨ ਨੇ ਕਿਹਾ ਕਿ ਜੇਕਰ ਸਰਕਾਰ ਨੇ ਹਾਲੇ ਵੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ 9 ਜਨਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ* ਕੀਤਾ ਜਾਵੇਗਾ। ਇਹ ਇੱਕ ਵੱਡਾ ਸੂਬਾ ਪੱਧਰੀ ਪ੍ਰਦਰਸ਼ਨ ਹੋਵੇਗਾ, ਜਿਸ ਲਈ ਪੰਜਾਬ ਦੀਆਂ ਸਮੂਹ ਭਰਾਤਰੀ ਜਥੇਬੰਦੀਆਂ ਅਤੇ ਆਮ ਜਨਤਾ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/palwal-police-presents-a-big-gift-to-students-sp-varun-singla-inaugurates-state-of-the-art-digital-library/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



