ਸਮਰਾਲਾ: ਸਮਰਾਲਾ ਨਗਰ ਕੌਂਸਲ ਦੀ ਪ੍ਰਧਾਨਗੀ ਚੋਣ ਦੇ ਫ਼ੌਰਨ ਬਾਅਦ ਇੱਥੋਂ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਸਮਰਾਲਾ ਪੁਲਿਸ ਵੱਲੋਂ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਅਮਨਦੀਪ ਸਿੰਘ ਰਾਜੂ ਨੂੰ ਕਥਿਤ ਖਰੀਦੋ-ਫਰੋਖਤ (Horse Trading) ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੌਂਸਲਰ ਦੀ ਗ੍ਰਿਫ਼ਤਾਰੀ ਦੀ ਖ਼ਬਰ ਫੈਲਦਿਆਂ ਹੀ ਨਗਰ ਕੌਂਸਲ ਦਫ਼ਤਰ ਦੇ ਬਾਹਰ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨੇ ਭਾਰੀ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।
ਪੁਲਿਸ ਦੀ ਗੱਡੀ ਅੱਗੇ ਲੇਟੇ ਸਮਰਥਕ
ਅਕਾਲੀ ਕੌਂਸਲਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਗੁੱਸੇ ਵਿੱਚ ਆਏ ਦਰਜਨਾਂ ਸਮਰਥਕ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ, ਨਗਰ ਕੌਂਸਲ ਦਫ਼ਤਰ ਦੇ ਬਾਹਰ ਹੀ ਪੁਲਿਸ ਦੀ ਗੱਡੀ ਦੇ ਅੱਗੇ ਲੇਟ ਗਏ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਗੱਡੀ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਕਰੀਬ 40 ਮਿੰਟ ਤੱਕ ਚੱਲੇ ਇਸ ਹਾਈ-ਵੋਲਟੇਜ ਡਰਾਮੇ ਅਤੇ ਧਰਨੇ ਕਾਰਨ ਮੌਕੇ ‘ਤੇ ਸਥਿਤੀ ਬੇਹੱਦ ਤਣਾਅਪੂਰਨ ਬਣੀ ਰਹੀ। ਬਾਅਦ ਵਿੱਚ ਉੱਚ ਪੁਲਿਸ ਅਧਿਕਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਸਮਝਾ-ਬੁਝਾ ਕੇ ਮਾਮਲਾ ਸ਼ਾਂਤ ਕਰਵਾਇਆ, ਜਿਸ ਮਗਰੋਂ ਪੁਲਿਸ ਕੌਂਸਲਰ ਅਮਨਦੀਪ ਸਿੰਘ ਰਾਜੂ ਨੂੰ ਆਪਣੇ ਨਾਲ ਥਾਣੇ ਲੈ ਗਈ।
‘ਆਪ’ ਤੇ ਅਕਾਲੀ-ਭਾਜਪਾ ਆਗੂਆਂ ਵਿਚਾਲੇ ਤਿੱਖੀ ਨਾਅਰੇਬਾਜ਼ੀ
ਇਸ ਹੰਗਾਮੇ ਦੌਰਾਨ ਮੌਕੇ ‘ਤੇ ਸਿਆਸੀ ਟਕਰਾਅ ਵੀ ਦੇਖਣ ਨੂੰ ਮਿਲਿਆ। ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਦੂਜੇ ਪਾਸੇ ਅਕਾਲੀ ਦਲ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਸੱਤਾਧਾਰੀ ਧਿਰ ‘ਤੇ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਗਾਏ। ਇਸ ਮੌਕੇ ਭਾਜਪਾ ਦੇ ਪ੍ਰਮੁੱਖ ਆਗੂ ਨਿਸ਼ੂ ਸ਼ਰਮਾ ਚਹਿਲਾ ਸਮੇਤ ਕਈ ਹੋਰ ਸਥਾਨਕ ਲੀਡਰ ਵੀ ਮੋਰਚੇ ‘ਤੇ ਡਟੇ ਨਜ਼ਰ ਆਏ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



