‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖਤਿਆਰ ਦੇਣਾ: CM ਮਾਨ

ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ‘ ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ…

ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ‘ ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਕੇ ਆਮ ਆਦਮੀ ਨੂੰ ਵੱਧ ਅਖਤਿਆਰ ਦੇਣਾ ਹੈ।

ਇੱਥੇ ਸਨਿੱਚਰਵਾਰ ਨੂੰ ‘ਸਰਕਾਰ ਤੁਹਾਡੇ ਦੁਆਰ‘ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨੇ ਸੂਬੇ ਵਿੱਚ ਪਹਿਲੀ ਵਾਰ ਅਫਸਰਸਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਵੱਧ ਅਖਤਿਆਰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਿੱਥੇ ਸਾਸਨ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਆਵੇਗਾ, ਉੱਥੇ ਪ੍ਰਸਾਸਨ ‘ਚ ਮੁਕੰਮਲ ਕ੍ਰਾਂਤੀ ਲਿਆਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾ ਕੇ ਇਕ ਅਹਿਮ ਤਬਦੀਲੀ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਇਸ ਲੋਕ-ਪੱਖੀ ਕਦਮ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਇੱਧਰ-ਉੱਧਰ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪਿਛਲੇ ਸਾਸਕ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸਾਨ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਪਰ ਉਹ ਅਮਨ, ਤਰੱਕੀ ਅਤੇ ਖੁਸਹਾਲੀ ਦੇ ਨਵੇਂ ਯੁੱਗ ਦੀ ਸੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਘੁੰਮ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਖੁਸਹਾਲੀ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਰਫਤਾਰ ਨੂੰ ਜਾਰੀ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਦੇਸ ਭਰ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੱਲ ਕਰਨ ਲਈ ਇੰਨਾ ਸਮਾਂ ਕੱਢਣ ਦੀ ਖੇਚਲ ਨਹੀਂ ਕਰਦੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜਾਰੀ ਨੂੰ ਪਰਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਕੰਮ ਆਸਾਨੀ ਨਾਲ ਕਰਵਾਉਣ ਸਣੇ ਉਨ੍ਹਾਂ ਲਈ ਵਧੀਆ ਪ੍ਰਸਾਸਨ ਯਕੀਨੀ ਬਣਾਇਆ ਜਾਵੇ ਅਤੇ ਇਸ ਨਾਲ ਜਮੀਨੀ ਹਕੀਕਤਾਂ ਤੋਂ ਜਾਣੂ ਹੋਣ ਅਤੇ ਦਫਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਾਸਨ ਦੌਰਾਨ ਵਧੇ-ਫੁੱਲੇ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਸਾਡੀ ਸਰਕਾਰ ਨੇ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਸੂਬਾ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ ਐਮੀਨੈਂਸ’ ਬਣਾਏ ਜਾ ਰਹੇ ਹਨ। ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਨ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ‘ਤੇ 29000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂ ਜੋ ਉਹ ਇੱਕ ਆਮ ਪਰਿਵਾਰ ਵਿੱਚੋਂ ਹਨ ਅਤੇ ਪੂਰੀ ਤਰ੍ਹਾਂ ਜਮੀਨ ਨਾਲ ਜੁੜੇ ਹੋਏ ਹਨ, ਇਸ ਲਈ ਉਹ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ ਸਮੱਸਿਆਵਾਂ ਤੋਂ ਭਲੀ-ਭਾਂਤ ਵਾਕਫ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਹੱਲ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਹਰ ਮੁਸ਼ਕਲ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸਹਾਲੀ ਲਈ ਵਚਨਬੱਧ ਹੈ।    

Leave a Reply

Your email address will not be published. Required fields are marked *