Security arrangements by Faridkot Police: ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਲਈ ਚਲਾਇਆ ਵਿਸ਼ੇਸ਼ ਸਰਚ ਅਪ੍ਰੇਸ਼ਨ

ਫਰੀਦਕੋਟ: ਜ਼ਿਲ੍ਹਾ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੁਣ ਸੁਰੱਖਿਆ ਪੱਖੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਐਸ.ਐਸ.ਪੀ.…

Security arrangements by Faridkot Police

ਫਰੀਦਕੋਟ: ਜ਼ਿਲ੍ਹਾ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੁਣ ਸੁਰੱਖਿਆ ਪੱਖੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਐਸ.ਐਸ.ਪੀ. ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਪੂਰੇ ਜ਼ਿਲ੍ਹੇ ਵਿੱਚ ਕਿਰਾਏਦਾਰਾਂ ਦੀ ਪਛਾਣ ਦੀ ਪੜਤਾਲ (ਵੈਰੀਫਿਕੇਸ਼ਨ) ਲਈ ਇੱਕ ਵੱਡੀ ਮੁਹਿੰਮ ਛੇੜ ਦਿੱਤੀ ਹੈ। ਇਸ ਕਾਰਵਾਈ ਤਹਿਤ ਰਿਹਾਇਸ਼ੀ ਇਲਾਕਿਆਂ, ਬਸਤੀਆਂ, ਹੋਟਲਾਂ ਅਤੇ ਇੱਟਾਂ ਦੇ ਭੱਠਿਆਂ ‘ਤੇ ਰਹਿ ਰਹੇ ਪ੍ਰਵਾਸੀਆਂ ਦੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਪ੍ਰਹਾਰਤੋਂ ਬਾਅਦ ਹੁਣ ਵੈਰੀਫਿਕੇਸ਼ਨ ਤੇ ਜ਼ੋਰ

ਇਸ ਸਰਚ ਅਪ੍ਰੇਸ਼ਨ ਦੀ ਅਗਵਾਈ ਕਰ ਰਹੇ ਐਸ.ਪੀ. (ਹੈੱਡਕੁਆਰਟਰ) ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ‘ਵਾਰ ਆਨ ਡਰੱਗਜ਼’ ਅਤੇ ‘ਅਪ੍ਰੇਸ਼ਨ ਪ੍ਰਹਾਰ’ ਤਹਿਤ 200 ਤੋਂ ਵੱਧ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ। ਹੁਣ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਬਾਹਰਲੇ ਰਾਜਾਂ ਤੋਂ ਆ ਕੇ ਇੱਥੇ ਰਹਿ ਰਹੇ ਲੋਕਾਂ ਦਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਸ਼ੱਕੀ ਵਿਅਕਤੀ ਆਪਣੀ ਪਛਾਣ ਛੁਪਾ ਕੇ ਸ਼ਹਿਰ ਵਿੱਚ ਨਾ ਰਹਿ ਸਕੇ।

ਹੋਟਲਾਂ ਅਤੇ ਨਾਕਿਆਂ ਤੇ ਤਿੱਖੀ ਨਜ਼ਰ

ਮੁਹਿੰਮ ਦੌਰਾਨ ਪੁਲਿਸ ਨੇ ਸਿਰਫ਼ ਰਿਹਾਇਸ਼ੀ ਇਲਾਕਿਆਂ ‘ਚ ਹੀ ਨਹੀਂ, ਸਗੋਂ ਸ਼ਹਿਰ ਦੇ ਕਈ ਹੋਟਲਾਂ ਵਿੱਚ ਵੀ ਅਚਨਚੇਤ ਚੈਕਿੰਗ ਕੀਤੀ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਅੰਦਰੂਨੀ ਅਤੇ ਬਾਹਰੀ ਰਸਤਿਆਂ ‘ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਗਈ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਕਾਰਵਾਈ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਲਗਾਮ ਲਗਾਉਣ ਲਈ ਕੀਤੀ ਜਾ ਰਹੀ ਹੈ।

ਜਨਤਾ ਨੂੰ ਅਪੀਲ

ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਜਾਂ ਵਪਾਰਕ ਅਦਾਰਿਆਂ ਵਿੱਚ ਕਿਰਾਏਦਾਰ ਜਾਂ ਨੌਕਰ ਰੱਖਣ ਵੇਲੇ ਉਨ੍ਹਾਂ ਦੀ ਜਾਣਕਾਰੀ ਸਬੰਧਤ ਥਾਣੇ ਵਿੱਚ ਜ਼ਰੂਰ ਦੇਣ। ਉਨ੍ਹਾਂ ਕਿਹਾ ਕਿ ਜਨਤਾ ਦਾ ਸਹਿਯੋਗ ਹੀ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਵਿੱਚ ਸਹਾਈ ਹੋ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : ਸੰਸਦ ਮੈਂਬਰ Amritpal Singh ਦੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਦਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਨਿਰਦੇਸ਼
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ। 

Leave a Reply

Your email address will not be published. Required fields are marked *