ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 81 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖ਼ਰੀ ਸਾਹ ਲੇ। ਜੱਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ ਜੱਥੇਦਾਰ ਦੀ ਮੌਤ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਫੇਸਬੁੱਕ ਪੇਜ ‘ਤੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਉਹ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਉਨ੍ਹਾਂ ਨੂੰ ਵੀ ਨਿੱਜੀ ਤੌਰ ‘ਤੇ ਇਕ ਚੰਗੇ ਮਾਰਗ-ਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।


