ਅੰਮ੍ਰਿਤਸਰ: ਰਮਦਾਸ ਅਧੀਨ ਆਉਂਦੇ ਪਿੰਡ ਮਹਿਮਦ ਮੰਦਰਾਂਵਾਲਾ ਦੀ ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸਿੰਘ ਦੀ ਭੇਦਭਰੇ ਹਾਲਾਤਾਂ ਵਿੱਚ ਮਿਲੀ ਲਾਸ਼ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕੁਲਜੀਤ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸਨ ਅਤੇ ਅੱਜ ਉਨ੍ਹਾਂ ਦੀ ਲਾਸ਼ ਰਮਦਾਸ ਰੋਡ ਤੋਂ ਬਰਾਮਦ ਕੀਤੀ ਗਈ ਹੈ।
ਘਟਨਾ ਦਾ ਪਿਛੋਕੜ ਅਤੇ ਲਾਪਤਾ ਹੋਣ ਦੀ ਸਥਿਤੀ
ਪਰਿਵਾਰਕ ਸੂਤਰਾਂ ਮੁਤਾਬਕ ਤਿੰਨ ਦਿਨ ਪਹਿਲਾਂ ਆਪਣੇ ਪੋਤਰੇ ਦਾ ਸਰਟੀਫਿਕੇਟ ਬਣਵਾਉਣ ਜਾਂ ਲੈਣ ਲਈ ਫਤਿਹਗੜ੍ਹ ਚੂੜੀਆਂ ਵੱਲ ਰਵਾਨਾ ਹੋਏ ਸਨ। ਇਸ ਤੋਂ ਬਾਅਦ ਉਹ ਨਾ ਤਾਂ ਘਰ ਪਰਤੇ ਅਤੇ ਨਾ ਹੀ ਉਨ੍ਹਾਂ ਨਾਲ ਕੋਈ ਸੰਪਰਕ ਹੋ ਸਕਿਆ। ਪਰਿਵਾਰ ਵੱਲੋਂ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ, ਪਰ ਅੱਜ ਅਚਾਨਕ ਰਮਦਾਸ ਰੋਡ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਮਿਲਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪਰਿਵਾਰ ਅਤੇ ਸਿਆਸੀ ਆਗੂਆਂ ਵੱਲੋਂ ਨਾਰਾਜ਼ਗੀ
ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰ ਇਕੱਠੇ ਹੋ ਗਏ। ਪਰਿਵਾਰ ਨੇ ਕੁਲਜੀਤ ਸਿੰਘ ਦੀ ਮੌਤ ਨੂੰ ਹਾਦਸਾ ਨਹੀਂ ਸਗੋਂ ਇੱਕ ਗਹਿਰੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਕਰਾਰ ਦਿੱਤਾ ਹੈ। ਇਸ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁੱਖ ਅਜਨਾਲਾ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਵੀ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਦੀ ਮੰਗ ਕੀਤੀ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਨਸਾਫ਼ ਦੀ ਗੁਹਾਰ ਲਗਾਈ।
ਪੁਲਿਸ ਪ੍ਰਸ਼ਾਸਨ ਦਾ ਪੱਖ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਅਜਨਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਸਹੀ ਪਤਾ ਪੋਸਟਮਾਰਟਮ ਦੀ ਰਿਪੋਰਟ ਅਤੇ ਪੁਲਿਸ ਦੀ ਮੁਕੰਮਲ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



