ਚੰਡੀਗੜ੍ਹ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਅੱਜ ਦੇ ਇਜਲਾਸ ਵਿੱਚ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਐਕਟ ਸੋਧ ਨੂੰ ਮੁਕੰਮਲ ਤੌਰ ਉਤੇ ਰੱਦ ਕੀਤਾ ਗਿਆ ਹੈ। ਹੰਗਾਮੀ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮਤਾ ਪੇਸ਼ ਕੀਤਾ, ਜਿਸ ਨੂੰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਕ ਤੌਰ ਉਤੇ ਮਾਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨਾਲ ਹੀ ਇਸ ਐਕਟ ਨੂੰ ਸਿੱਖ ਕੌਮ ਦੇ ਅੰਦਰੂਨੀ ਮਸਲਿਆਂ ਵਿੱਚ ਸਰਕਾਰ ਦੀ ਦਖਲ ਅੰਦਾਜ਼ੀ ਦੱਸਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਪਾਸ ਕੀਤਾ ਐਕਟ ਵਾਪਸ ਨਾ ਲਿਆ ਗਿਆ ਤਾਂ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿੱਚ ਸੋਧ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਤਿਹਾਈ ਸਹਿਮਤੀ ਜ਼ਰੂਰੀ ਹੈ। ਹੁਣ ਤੱਕ ਦੀਆਂ ਸਾਰੀਆਂ ਵੋਟਾਂ ਪਾਸ ਹੋਈਆਂ ਹਨ ਅਤੇ ਐਕਟ ਵਿੱਚ ਸੋਧਾਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਨਾਲ ਕੀਤੀਆਂ ਗਈਆਂ ਹਨ। ਇਸ ਵਾਰ ਪੰਜਾਬ ਸਰਕਾਰ ਸਿੱਖਾਂ ਦੇ ਪਿਉ-ਦਾਦਿਆਂ ਦੀਆਂ ਕੁਰਬਾਨੀਆਂ ਨੂੰ ਅੱਖੋਂ ਪਰੋਖੇ ਕਰਕੇ ਇਸ ਐਕਟ ਵਿੱਚ ਜ਼ਬਰਦਸਤੀ ਸੋਧ ਕਰਨਾ ਚਾਹੁੰਦੀ ਹੈ। ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
