ਮੁੰਬਈ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ‘ Aura India Tour 2026’ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਹਨ। ਇਸ ਟੂਰ ਤਹਿਤ ਉਨ੍ਹਾਂ ਦਾ ਅਗਲਾ ਵੱਡਾ ਲਾਈਵ ਕੰਸਰਟ ਬੰਗਲੁਰੂ ਵਿਖੇ ਹੋਣ ਜਾ ਰਿਹਾ ਹੈ। ਹਾਲਾਂਕਿ, ਇਸ ਸ਼ੋਅ ਤੋਂ ਠੀਕ ਪਹਿਲਾਂ ਸੁਰੱਖਿਆ ਨੂੰ ਲੈ ਕੇ ਵੱਡੀ ਚਿੰਤਾ ਖੜ੍ਹੀ ਹੋ ਗਈ ਹੈ, ਕਿਉਂਕਿ ਪੁਲਿਸ ਨੂੰ ਕੰਸਰਟ ਦੌਰਾਨ ਬੰਬ ਧਮਾਕਾ ਕਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. (FIR) ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ।
ਬੰਬ ਧਮਾਕੇ ਦੀ ਧਮਕੀ ਦੇ ਨਾਲ-ਨਾਲ ਇਸ ਈ-ਮੇਲ ਵਿੱਚ ਕੰਸਰਟ ਦੇਖਣ ਆਉਣ ਵਾਲੇ ਲੋਕਾਂ ਨੂੰ ਵੀ ਕਈ ਹਦਾਇਤਾਂ ਦਿੱਤੀਆਂ ਗਈਆਂ ਹਨ। ਧਮਕੀ ਦੇਣ ਵਾਲੇ ਨੇ ਲਿਖਿਆ ਹੈ ਕਿ ਲੋਕ ਸ਼ੋਅ ਵਿੱਚ ਆਪਣੇ ਨਾਲ ਬੱਚਿਆਂ ਨੂੰ ਨਾ ਲੈ ਕੇ ਆਉਣ। ਇਸ ਤੋਂ ਇਲਾਵਾ ਈ-ਮੇਲ ਵਿੱਚ ਆਈਫੋਨ (iPhone) ‘ਤੇ ਆਉਣ ਵਾਲੀਆਂ ਕਾਲਾਂ ਦਾ ਜਵਾਬ ਨਾ ਦੇਣ ਅਤੇ ਮੈਟਰੋ ਰਾਹੀਂ ਸਫ਼ਰ ਨਾ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਨੌਰਥ ਸੀ.ਈ.ਐਨ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਪੜਤਾਲ ਕਰ ਰਹੀ ਹੈ ਕਿ ਇਹ ਈ-ਮੇਲ ਅਸਲੀ ਹੈ ਜਾਂ ਕਿਸੇ ਸ਼ਰਾਰਤੀ ਅਨਸਰ ਦੀ ਹਰਕਤ। ਮੁਲਜ਼ਮਾਂ ਤੱਕ ਪਹੁੰਚਣ ਲਈ ਈ-ਮੇਲ ਅਕਾਊਂਟ ਦੇ ਆਈ.ਪੀ ਐਡਰੈੱਸ ਅਤੇ ਇਸ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ।



