ਬਠਿੰਡਾ: ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਤੋਂ ਇੱਕ ਅਜਿਹੀ ਦਿਲ ਕੰਬਾਊ ਵੀਡੀਓ ਸਾਹਮਣੇ ਆਈ ਹੈ, ਜਿਸ ਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਹੈ। ਇੱਕ ਕਲਯੁਗੀ ਪੁੱਤ ਵੱਲੋਂ ਪੈਸਿਆਂ ਦੇ ਲਾਲਚ ਵਿੱਚ ਆਪਣੀ ਹੀ ਬਜ਼ੁਰਗ ਮਾਂ ‘ਤੇ ਅੰਨ੍ਹਾ ਤਸ਼ੱਦਦ ਕਰਨ ਦਾ ਮਾਮਲਾ ਗਰਮਾਇਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੁੱਤ ਆਪਣੀ ਮਾਂ ਨੂੰ ਬੇਰਹਿਮੀ ਨਾਲ ਘੜੀਸ ਰਿਹਾ ਹੈ ਅਤੇ ਉਸ ‘ਤੇ ਟ੍ਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕਰਦਾ ਹੈ।
ਪੈਸਿਆਂ ਅਤੇ ਮਸ਼ੀਨਰੀ ਨੂੰ ਲੈ ਕੇ ਹੋਇਆ ਸੀ ਵਿਵਾਦ
ਮਿਲੀ ਜਾਣਕਾਰੀ ਅਨੁਸਾਰ, ਇਹ ਸਾਰਾ ਝਗੜਾ ਪੈਸਿਆਂ ਅਤੇ ਖੇਤੀਬਾੜੀ ਦੇ ਸੰਦਾਂ ਨੂੰ ਲੈ ਕੇ ਸ਼ੁਰੂ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਮਾਪਿਆਂ ਨੇ ਆਪਣੇ ਪੁੱਤਰ ਨੂੰ ਪਹਿਲਾਂ ਹੀ ਘਰੋਂ ਅਲੱਗ ਕਰ ਦਿੱਤਾ ਸੀ ਅਤੇ ਉਸਦੇ ਹਿੱਸੇ ਦੇ ਬਣਦੇ ਸਾਰੇ ਪੈਸੇ ਵੀ ਦੇ ਦਿੱਤੇ ਸਨ। ਇਸ ਦੇ ਬਾਵਜੂਦ ਮੁਲਜ਼ਮ ਪੁੱਤ ਲਗਾਤਾਰ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਸੀ। ਘਟਨਾ ਵਾਲੇ ਦਿਨ ਉਹ ਜ਼ਬਰਦਸਤੀ ਘਰੋਂ ਖੇਤੀਬਾੜੀ ਦੀ ਮਸ਼ੀਨਰੀ ਚੁੱਕ ਕੇ ਲੈ ਜਾ ਰਿਹਾ ਸੀ। ਜਦੋਂ ਬਜ਼ੁਰਗ ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਆਪਣੀ ਮਾਂ ‘ਤੇ ਹੀ ਹਮਲਾ ਕਰ ਦਿੱਤਾ।
ਪਿੰਡ ਵਾਸੀਆਂ ਵਿੱਚ ਭਾਰੀ ਰੋਸ
ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਗੁੱਸੇ ਦੀ ਲਹਿਰ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਪੁੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪੀੜਤ ਬਜ਼ੁਰਗ ਮਾਂ-ਬਾਪ ਹੁਣ ਨਿਆਂ ਦੀ ਗੁਹਾਰ ਲਗਾ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਸਕੇ।



