ਜਲੰਧਰ: ਜਲੰਧਰ ਸ਼ਹਿਰ ਵਿੱਚ ਇੱਕ ਕੁੜੀ ਨੂੰ ਅਗਵਾ ਕਰਕੇ ਚੱਲਦੀ ਕਾਰ ਵਿੱਚ ਸਮੂਹਿਕ ਬਲਾਤਕਾਰ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਹੈ।
ਅਗਵਾ ਕਰਕੇ ਕਾਰ ਵਿੱਚ ਦਿੱਤਾ ਵਾਰਦਾਤ ਨੂੰ ਅੰਜਾਮ
ਥਾਣਾ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ 28 ਅਪ੍ਰੈਲ ਨੂੰ ਸਿਵਲ ਹਸਪਤਾਲ ਤੋਂ ਮਿਲੀ ਸੂਚਨਾ ਤੋਂ ਬਾਅਦ ਪੁਲਿਸ ਨੇ ਪੀੜਤ ਕੁੜੀ ਦੇ ਬਿਆਨ ਦਰਜ ਕੀਤੇ ਸਨ। ਪੀੜਤਾ ਨੇ ਦੋਸ਼ ਲਾਇਆ ਕਿ ਜਗਜੀਤ ਸਿੰਘ ਉਰਫ਼ ਜੱਗਾ ਨੇ ਆਪਣੇ 5 ਤੋਂ 6 ਸਾਥੀਆਂ ਨਾਲ ਮਿਲ ਕੇ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਅਗਵਾ ਕੀਤਾ ਅਤੇ ਫਿਰ ਸਾਰਿਆਂ ਨੇ ਵਾਰੋ-ਵਾਰੀ ਉਸ ਨਾਲ ਜਿਸਮਾਨੀ ਛੇੜਛਾੜ ਅਤੇ ਬਲਾਤਕਾਰ ਕੀਤਾ।
ਬਾਕੀ ਮੁਲਜ਼ਮਾਂ ਦੀ ਭਾਲ ਜਾਰੀ
ਪੁਲਿਸ ਅਨੁਸਾਰ ਪੀੜਤਾ ਨੇ 5 ਤੋਂ 6 ਲੋਕਾਂ ਦੇ ਸ਼ਾਮਲ ਹੋਣ ਦਾ ਖਦਸ਼ਾ ਜਤਾਇਆ ਹੈ। ਫਿਲਹਾਲ ਤਿੰਨ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਅਤੇ ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਵਾਰਦਾਤ ਵਿੱਚ ਵਰਤੀ ਗਈ ਕਾਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।



