ਗੁਰਦਾਸਪੁਰ: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ‘ਤੇ ਸਥਿਤ ਪਿੰਡ ਨੇੜੇ ਇੱਕ ਨਿੱਜੀ ਹੋਟਲ ਦੇ ਬਾਹਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਹਵਾਈ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਟਲ ਤੋਂ ਬਾਹਰ ਨਿਕਲਦਿਆਂ ਹੀ ਕੀਤੇ ਦੋ ਹਵਾਈ ਫਾਇਰ
ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨ ਨਿੱਜੀ ਹੋਟਲ ਵਿੱਚੋਂ ਬਾਹਰ ਨਿਕਲੇ ਅਤੇ ਅਚਾਨਕ ਪਿਸਤੌਲ ਨਾਲ ਹਵਾ ਵਿੱਚ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇਸ ਘਟਨਾ ਨੂੰ ਦੇਖਦਿਆਂ ਨੇੜਲੇ ਇੱਕ ਦੁਕਾਨਦਾਰ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਟੀਮ ਹਰਕਤ ਵਿੱਚ ਆਈ।
CCTV ਖੰਗਾਲ ਰਹੀ ਪੁਲਿਸ
ਘਟਨਾ ਸਥਾਨ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਮੌਕੇ ਤੋਂ ਪਿਸਤੌਲ ਦੀਆਂ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਜਿਸ ਥਾਂ ‘ਤੇ ਇਹ ਫਾਇਰਿੰਗ ਹੋਈ ਹੈ, ਉੱਥੋਂ ਬਰਿਆਰ ਪੁਲਿਸ ਚੌਕੀ ਮਹਿਜ਼ ਕੁਝ ਹੀ ਕਦਮਾਂ ਦੀ ਦੂਰੀ ‘ਤੇ ਸਥਿਤ ਹੈ, ਜਿਸ ਕਾਰਨ ਇਲਾਕੇ ਦੀ ਸੁਰੱਖਿਆ ਵਿਵਸਥਾ ‘ਤੇ ਵੀ ਸਵਾਲ ਉੱਠ ਰਹੇ ਹਨ। ਫਿਲਹਾਲ ਹਮਲਾਵਰਾਂ ਦੀ ਪਛਾਣ ਅਤੇ ਗੋਲੀ ਚਲਾਉਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਹੋਟਲ ਅਤੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ।



