ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਨਾਗੋਕੇ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇੱਕ ਮਜ਼ਦੂਰ ਨੌਜਵਾਨ ‘ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਸਿਮਰਨਜੀਤ ਸਿੰਘ ਨਾਮਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਕੰਮ ‘ਤੇ ਜਾਂਦੇ ਸਮੇਂ ਹੋਇਆ ਹਮਲਾ
ਜਾਣਕਾਰੀ ਅਨੁਸਾਰ, ਸਿਮਰਨਜੀਤ ਸਿੰਘ ਸਵੇਰੇ ਕਰੀਬ 9:30 ਵਜੇ ਆਪਣੇ ਘਰੋਂ ਕੰਮ ‘ਤੇ ਜਾਣ ਲਈ ਨਿਕਲਿਆ ਸੀ। ਜਿਵੇਂ ਹੀ ਉਹ ਗਲੀ ਵਿੱਚ ਪਹੁੰਚਿਆ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗੋਲੀ ਲੱਗਣ ਕਾਰਨ ਸਿਮਰਨਜੀਤ ਲਹੂ-ਲੁਹਾਨ ਹੋ ਕੇ ਡਿੱਗ ਪਿਆ। ਉਸ ਨੂੰ ਤੁਰੰਤ ਖਡੂਰ ਸਾਹਿਬ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ।
ਪਿੰਡ ਦੇ ਹੀ ਦੋ ਭਰਾਵਾਂ ‘ਤੇ ਲੱਗੇ ਆਰੋਪ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨਜੀਤ ਦੀ ਸਿਹਤ ਪਹਿਲਾਂ ਹੀ ਠੀਕ ਨਹੀਂ ਰਹਿੰਦੀ ਸੀ। ਉਨ੍ਹਾਂ ਨੇ ਇਸ ਹਮਲੇ ਲਈ ਪਿੰਡ ਦੇ ਹੀ ਦੋ ਸਗੇ ਭਰਾਵਾਂ ‘ਤੇ ਸ਼ੱਕ ਜ਼ਾਹਿਰ ਕੀਤਾ ਹੈ। ਪਰਿਵਾਰ ਵੱਲੋਂ ਗਗਨ ਨਾਮਕ ਨੌਜਵਾਨ ‘ਤੇ ਕਥਿਤ ਤੌਰ ‘ਤੇ ਗੋਲੀ ਚਲਾਉਣ ਦੇ ਇਲਜ਼ਾਮ ਲਗਾਏ ਗਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਵੈਰੋਵਾਲ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਹਥਿਆਰ ਕੀਤਾ ਬਰਾਮਦ, ਦੋਸ਼ੀ ਜਲਦ ਹੋਣਗੇ ਗ੍ਰਿਫ਼ਤਾਰ
ਇਸ ਮਾਮਲੇ ਸਬੰਧੀ ਐਸ.ਐਸ.ਪੀ. ਤਰਨਤਾਰਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਫਰਾਰ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਉਹ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



