ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਡਾਲੇਕੇ ਦੇ ਮੋੜ ਨੇੜੇ ਦਿਨ-ਦਿਹਾੜੇ ਗੋਲੀਆਂ ਚੱਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਪੰਚ ਦੇ ਪਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਹਮਲੇ ਵਿੱਚ ਸਰਪੰਚ ਦਾ ਪਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਮੌਜੂਦਾ ਸਰਪੰਚ ਨੇ ਦੱਸਿਆ ਕਿ ਹਮਲਾਵਰਾਂ ਨੇ ਪੂਰੀ ਯੋਜਨਾਬੰਦੀ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਅਨੁਸਾਰ, ਰਸਤੇ ਵਿੱਚ ਘੇਰਨ ਤੋਂ ਬਾਅਦ ਹਮਲਾਵਰਾਂ ਨੇ ਪਹਿਲਾਂ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਮਾਰਿਆ ਅਤੇ ਫਿਰ ਬਿਨਾਂ ਕਿਸੇ ਡਰ ਦੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਸਰਪੰਚ ਦਾ ਪਤੀ ਜ਼ਖ਼ਮੀ ਹੋ ਕੇ ਡਿੱਗ ਪਿਆ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਦਿਨ-ਦਿਹਾੜੇ ਵਾਪਰੀ ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



