ਚਿੱਤਰਦੁਰਗ (ਕਰਨਾਟਕ): ਕਰਨਾਟਕ ਦੇ ਚਿੱਤਰਦੁਰਗ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਨਿੱਜੀ ਸਲੀਪਰ ਕੋਚ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 9 ਯਾਤਰੀਆਂ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਗਈ। ਇਹ ਹਾਦਸਾ ਰਾਸ਼ਟਰੀ ਰਾਜਮਾਰਗ 48 ‘ਤੇ ਹਿਰੀਯੂਰ ਤਾਲੁਕ ਦੇ ਗੋਰਲਾਥੂ ਕਰਾਸ ਨੇੜੇ ਉਸ ਸਮੇਂ ਵਾਪਰਿਆ ਜਦੋਂ ਬੰਗਲੁਰੂ ਤੋਂ ਗੋਕਰਨ ਜਾ ਰਹੀ ਬੱਸ ਨੂੰ ਸਾਹਮਣੇ ਤੋਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਨੂੰ ਤੁਰੰਤ ਅੱਗ ਲੱਗ ਗਈ ਅਤੇ ਯਾਤਰੀਆਂ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ।
ਡਰਾਈਵਰ ਦੀ ਲਾਪਰਵਾਹੀ ਨੇ ਉਜਾੜੇ ਕਈ ਪਰਿਵਾਰ
ਇਹ ਹਾਦਸਾ ਟਰੱਕ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਦੱਸ ਦੇਈਏ ਕਿ ਹਿਰੀਯੂਰ ਤੋਂ ਬੰਗਲੁਰੂ ਵੱਲ ਜਾ ਰਿਹਾ ਟਰੱਕ ਅਚਾਨਕ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਤੋਂ ਆ ਰਹੀ ਬੱਸ ਨਾਲ ਜਾ ਟਕਰਾਇਆ। ਪੁਲਿਸ ਨੂੰ ਸ਼ੱਕ ਹੈ ਕਿ ਟਰੱਕ ਡਰਾਈਵਰ ਨੂੰ ਗੱਡੀ ਚਲਾਉਂਦੇ ਸਮੇਂ ਨੀਂਦ ਦਾ ਝੋਕਾ ਆ ਗਿਆ ਸੀ, ਜਿਸ ਕਾਰਨ ਉਸ ਨੇ ਵਾਹਨ ‘ਤੇ ਕੰਟਰੋਲ ਗੁਆ ਦਿੱਤਾ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਬੱਸ ਪੂਰੀ ਤਰ੍ਹਾਂ ਸੁਆਹ ਹੋ ਗਈ, ਜਿਸ ਕਾਰਨ ਬਚਾਅ ਕਾਰਜਾਂ ਵਿੱਚ ਵੀ ਕਾਫੀ ਦਿੱਕਤਾਂ ਆਈਆਂ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਇਸ ਬੇਹੱਦ ਦੁਖਦ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਕ੍ਰਿਸਮਸ ਦੀਆਂ ਛੁੱਟੀਆਂ ਮਨਾਉਣ ਲਈ ਘਰ ਜਾ ਰਹੇ ਲੋਕਾਂ ਦੀ ਯਾਤਰਾ ਦਾ ਇਸ ਤਰ੍ਹਾਂ ਅੰਤ ਹੋਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਹਾਦਸੇ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



