ਖੰਨਾ: ਸ਼ਹਿਰ ਦੀ ਮਸ਼ਹੂਰ ਮੰਜਾ ਮਾਰਕੀਟ ਵਿੱਚ ਬੀਤੀ ਰਾਤ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਸਮੇਂ ਸਿਰ ਫਾਇਰ ਬ੍ਰਿਗੇਡ ਦੇ ਪਹੁੰਚਣ ਨਾਲ ਇੱਕ ਵੱਡਾ ਹਾਦਸਾ ਟਲ ਗਿਆ, ਨਹੀਂ ਤਾਂ ਅੱਗ ਨੇ ਨਾਲ ਲੱਗਦੀਆਂ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲੈਣਾ ਸੀ।
ਸ਼ਾਰਟ ਸਰਕਟ ਹੋਣ ਦਾ ਖਦਸ਼ਾ
ਦੁਕਾਨ ਮਾਲਕ ਸੋਨੂ ਜੌਹਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਸਾਢੇ ਸੱਤ ਵਜੇ ਦੁਕਾਨ ਬੰਦ ਕਰਕੇ ਘਰ ਗਏ ਸਨ। ਕਰੀਬ 9 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ। ਜਦੋਂ ਉਹ ਮੌਕੇ ‘ਤੇ ਪਹੁੰਚੇ ਅਤੇ ਸ਼ਟਰ ਖੋਲ੍ਹਿਆ ਤਾਂ ਅੰਦਰ ਅੱਗ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਸੀ। ਦੁਕਾਨਦਾਰ ਅਨੁਸਾਰ ਇਸ ਹਾਦਸੇ ਵਿੱਚ ਉਨ੍ਹਾਂ ਨੂੰ 12 ਤੋਂ 15 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਮੁੱਢਲੀ ਜਾਂਚ ਵਿੱਚ ਇਸ ਨੂੰ ਸ਼ਾਰਟ ਸਰਕਟ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
ਫਾਇਰ ਬ੍ਰਿਗੇਡ ਦੀ ਚੌਕਸੀ ਨੇ ਟਾਲਿਆ ਵੱਡਾ ਹਾਦਸਾ
ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ। ਫਾਇਰ ਕਰਮਚਾਰੀ ਨੰਨੂ ਸ਼ਰਮਾ ਦੀ ਅਗਵਾਈ ਵਿੱਚ ਟੀਮ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਟੀਮ ਦੇ ਪਹੁੰਚਣ ਵਿੱਚ ਥੋੜ੍ਹੀ ਵੀ ਦੇਰੀ ਹੁੰਦੀ, ਤਾਂ ਇਹ ਅੱਗ ਪੂਰੀ ਮਾਰਕੀਟ ਨੂੰ ਤਬਾਹ ਕਰ ਸਕਦੀ ਸੀ।
ਸਿਆਸੀ ਆਗੂਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਕੀਤੀ ਮੰਗ
ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੁਕਾਨ ਮਾਲਕ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਇੱਕ ਵੱਡਾ ਨੁਕਸਾਨ ਹੈ ਅਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਪੀੜਤ ਦੁਕਾਨਦਾਰ ਦੀ ਹਰ ਸੰਭਵ ਆਰਥਿਕ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਦੁਬਾਰਾ ਆਪਣਾ ਕੰਮ-ਕਾਰ ਸ਼ੁਰੂ ਕਰ ਸਕੇ।



